ਪੰਜਾਬ ਰੋਡਵੇਜ਼ ਤੇ PRTC ਦੇ ਮੁਲਾਜ਼ਮਾਂ ਲਈ ਰਾਹਤ ਭਰੀ ਖ਼ਬਰ, 31 ਅਕਤੂਬਰ ਨੂੰ ਆ ਸਕਦੈ ਵੱਡਾ ਫ਼ੈਸਲਾ

ਚੰਡੀਗੜ੍ਹ : ਪੰਜਾਬ ਰੋਡਵੇਜ਼, ਪਨਬੱਸ ਅਤੇ ਪੀ. ਆਰ. ਟੀ. ਸੀ. ਦੇ ਕੰਟਰੈਕਟ ਵਰਕਰਾਂ ਨੂੰ ਲੈ ਕੇ ਅਹਿਮ ਖ਼ਬਰ ਸਾਹਮਣੇ ਆ ਰਹੀ ਹੈ। ਟਰਾਂਸਪੋਰਟ ਮੰਤਰੀ ਵਲੋਂ 31 ਅਕਤੂਬਰ ਨੂੰ ਹੋਣ ਵਾਲੀ ਕੈਬਨਿਟ ਮੀਟਿੰਗ ‘ਚ ਸਰਵਿਸ ਰੂਲ ਪਾਸ ਕਰਨ ਦਾ ਭਰੋਸਾ ਦਿੱਤਾ ਗਿਆ ਹੈ। ਮੰਤਰੀ ਨੇ ਭਰੋਸਾ ਦਿੱਤਾ ਕਿ 31 ਅਕਤੂਬਰ ਨੂੰ ਹੋਣ ਵਾਲੀ ਕੈਬਨਿਟ ਮੀਟਿੰਗ ’ਚ ਇਨ੍ਹਾਂ ਨੂੰ ਪਾਸ ਕਰਵਾ ਕੇ ਲਾਗੂ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ। ਇਸ ਤਹਿਤ ਮੁਲਾਜ਼ਮਾਂ ਨੂੰ ਪੱਕੇ ਮੁਲਾਜ਼ਮਾਂ ਵਾਂਗ ਬਣਦੇ ਲਾਭ ਦੇਣ ਦਾ ਮੁੱਦਾ ਵੀ ਵਿਚਾਰਿਆ ਗਿਆ।ਜਾਣਕਾਰੀ ਮੁਤਾਬਕ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਸਿਵਲ ਸਕੱਤਰੇਤ ਵਿਖੇ ਵਿੱਤ ਅਤੇ ਟਰਾਂਸਪੋਰਟ ਮੰਤਰੀ ਅਤੇ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਵਿਚਾਲੇ ਹੋਈ ਮੀਟਿੰਗ ’ਚ ਕਈ ਮੁੱਦਿਆਂ ’ਤੇ ਸਹਿਮਤੀ ਬਣੀ ਹੈ।
ਹਾਲਾਂਕਿ ਮੁਲਾਜ਼ਮਾਂ ਦੀ ਜੱਥੇਬੰਦੀ ਨੇ ਸਪੱਸ਼ਟ ਕੀਤਾ ਕਿ ਜਦੋਂ ਤੱਕ ਮੰਗਾਂ ਨੂੰ ਲਾਗੂ ਕਰਨ ਸਬੰਧੀ ਲਿਖ਼ਤੀ ਨੋਟੀਫਿਕੇਸ਼ਨ ਜਾਰੀ ਨਹੀਂ ਹੁੰਦਾ, ਉਦੋਂ ਤੱਕ ਸਰਕਾਰ ਦੇ ਭਰੋਸਿਆਂ ’ਤੇ ਪੂਰਾ ਵਿਸ਼ਵਾਸ ਨਹੀਂ ਕੀਤਾ ਜਾ ਸਕਦਾ। ਜੱਥੇਬੰਦੀ ਨੇ ਕਿਹਾ ਕਿ ਮੰਗਾਂ ਦਾ ਹੱਲ ਨਾ ਹੋਇਆ ਤਾਂ ਇਕ ਨਵੰਬਰ ਨੂੰ ਲੁਧਿਆਣਾ ਵਿਖੇ ਮੀਟਿੰਗ ਕਰ ਕੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ। ਪੰਜਾਬ ਰੋਡਵੇਜ਼, ਪਨਬੱਸ/ਪੀ. ਆਰ. ਟੀ. ਸੀ. ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ 25/11 ਦੇ ਆਗੂ ਰੇਸ਼ਮ ਸਿੰਘ ਗਿੱਲ ਨੇ ਦੱਸਿਆ ਕਿ ਮੀਟਿੰਗ ’ਚ ਆਊਟਸੋਰਸ ਮੁਲਾਜ਼ਮਾਂ ਨੂੰ 2026 ਦੇ ਐਕਟ ਤਹਿਤ ਸਿੱਧਾ ਕੰਟਰੈਕਟ ’ਤੇ ਲੈਣ ਦੇ ਮੁੱਦੇ ’ਤੇ ਗੰਭੀਰ ਵਿਚਾਰ-ਵਟਾਂਦਰਾ ਹੋਇਆ।
ਰੇਸ਼ਮ ਸਿੰਘ ਗਿੱਲ ਨੇ ਕਿਹਾ ਕਿ ਮੰਗਾਂ ਸਬੰਧੀ ਸਥਿਤੀ ਭਲਕੇ ਦੁਪਹਿਰ ਤੱਕ ਸਪੱਸ਼ਟ ਹੋਣ ਦੀ ਉਮੀਦ ਹੈ। ਜੱਥੇਬੰਦੀ ਦੇ ਆਗੂ ਹਰਕੇਸ਼ ਕੁਮਾਰ ਵਿੱਕੀ ਨੇ ਕਿਹਾ ਕਿ ਆਫਰ ਲੈਟਰ ਦੇ ਮੁੱਦੇ ’ਤੇ ਕੋਈ ਸਹਿਮਤੀ ਨਹੀਂ ਬਣੀ। ਉਨ੍ਹਾਂ ਜ਼ੋਰ ਦਿੱਤਾ ਕਿ ਸਰਕਾਰ ਆਊਟਸੋਰਸ ਮੁਲਾਜ਼ਮਾਂ ਨੂੰ ਐਕਟ ਤਹਿਤ ਸਿੱਧਾ ਕੰਟਰੈਕਟ ’ਤੇ ਜੁਆਇਨ ਕਰਵਾਉਣ ਦੀ ਪ੍ਰਕਿਰਿਆ ਸ਼ੁਰੂ ਕਰੇ। ਜੱਥੇਬੰਦੀ ਨੇ ਪਨਬੱਸ ਦੇ ਠੇਕਾ ਮੁਲਾਜ਼ਮਾਂ ਨੂੰ ਸਰਵਿਸ ਰੂਲਾਂ ਤਹਿਤ ਪੱਕਾ ਕਰਨ ਦੀ ਮੰਗ ਵੀ ਉਠਾਈ। ਆਗੂਆਂ ਅਨੁਸਾਰ ਇਸ ਸਬੰਧੀ ਸਰਵਿਸ ਰੂਲ ਤਿਆਰ ਹੋ ਚੁੱਕੇ ਹਨ ਅਤੇ ਵਿੱਤ ਤੇ ਪਰਸੋਨਲ ਵਿਭਾਗ ਤੋਂ ਪ੍ਰਵਾਨਗੀ ਵੀ ਮਿਲ ਚੁੱਕੀ ਹੈ।