ਅੰਮ੍ਰਿਤਸਰ ‘ਚ ਵੱਡੀ ਵਾਰਦਾਤ, ਲੁੱਟ-ਖੋਹ ਕਰਨ ਆਏ ਬਦਮਾਸ਼ਾਂ ਨੇ ਵਿਅਕਤੀ ਨੂੰ ਮਾਰੀ ਗੋਲੀ

ਅੰਮ੍ਰਿਤਸਰ: ਅੰਮ੍ਰਿਤਸਰ ਸ਼ਹਿਰ ਦੇ ਸ਼ਿਵਾਲਾ ਇਲਾਕੇ ਦੇ ਨੇੜੇ ਦੇਰ ਰਾਤ ਬਾਈਕ ‘ਤੇ ਆਏ 3 ਬਦਮਾਸ਼ਾਂ ਨੇ ਇੱਕ ਵਿਅਕਤੀ ਨੂੰ ਨਿਸ਼ਾਨਾ ਬਣਾਉਂਦੇ ਹੋਏ ਲੁੱਟ-ਖੋਹ ਦੀ ਵਾਰਦਾਤ ਨੂੰ ਅੰਜਾਮ ਦਿੱਤਾ। ਜਦੋਂ ਵਿਅਕਤੀ ਨੇ ਲੁੱਟ ਦਾ ਵਿਰੋਧ ਕੀਤਾ, ਤਾਂ ਬਦਮਾਸ਼ਾਂ ਨੇ ਉਸ ‘ਤੇ ਗੋਲੀ ਚਲਾ ਦਿੱਤੀ। ਪੈਰ ਵਿੱਚ ਗੋਲੀ ਲੱਗਣ ਕਾਰਨ ਉਹ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਵਾਰਦਾਤ ਤੋਂ ਬਾਅਦ ਮੁਲਜ਼ਮ ਪੀੜਤ ਤੋਂ ਨਕਦੀ ਅਤੇ ਹੋਰ ਸਾਮਾਨ ਲੈ ਕੇ ਮੌਕੇ ਤੋਂ ਫਰਾਰ ਹੋ ਗਏ।
ਘਟਨਾ ਤੋਂ ਬਾਅਦ ਆਸ-ਪਾਸ ਦੇ ਇਲਾਕੇ ਵਿੱਚ ਲੋਕਾਂ ਦੀ ਭੀੜ ਇਕੱਠੀ ਹੋ ਗਈ। ਜ਼ਖ਼ਮੀ ਵਿਅਕਤੀ ਨੂੰ ਇਲਾਜ ਲਈ ਅੰਮ੍ਰਿਤਸਰ ਦੇ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ, ਜਿੱਥੇ ਉਸ ਦਾ ਇਲਾਜ ਕੀਤਾ ਜਾ ਰਿਹਾ ਹੈ। ਇਸ ਵਾਰਦਾਤ ਤੋਂ ਬਾਅਦ ਇਲਾਕੇ ਵਿਚ ਕਾਫੀ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ।
ਇਸ ਦੌਰਾਨ ਪੁਲਸ ਨੂੰ ਘਟਨਾ ਦੀ ਸੂਚਨਾ ਦਿੱਤੀ ਗਈ। ਮੌਕੇ ‘ਤੇ ਪਹੁੰਚੀ ਪੁਲਸ ਨੇ ਘਟਨਾ ਸਥਾਨ ਦਾ ਜਾਇਜ਼ਾ ਲਿਆ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਪੁਲਸ ਦੋਸ਼ੀਆਂ ਦੀ ਪਛਾਣ ਕਰਨ ਆਸ-ਪਾਸ ਦੇ ਇਲਾਕੇ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲ ਰਹੀ ਹੈ।