ਪੀ. ਸੀ. ਐੱਸ. ਉਮੀਦਵਾਰਾਂ ਦੀ ਲੜਾਈ ਮੇਰੀ ਲੜਾਈ, ਭਰਤੀ ਪ੍ਰਣਾਲੀ ਨਾਲ ਖਿਲਵਾੜ ਨਹੀਂ ਹੋਣ ਦੇਵਾਂਗਾ : ਮਜੀਠੀਆ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਪੰਜਾਬ (ਪੀ.ਸੀ.ਐੱਸ.) ਮੇਨਜ਼ 2026 ਦੇ ਨਤੀਜੇ ਨੂੰ ਲੈ ਕੇ ਉਮੀਦਵਾਰਾਂ ਦੇ ਹੱਕ ’ਚ ਆਵਾਜ਼ ਬੁਲੰਦ ਕੀਤੀ ਹੈ। ਉਨ੍ਹਾਂ ਕਿਹਾ ਕਿ ਉਹ ਉਮੀਦਵਾਰਾਂ ਦੀ ਚਿੰਤਾ ਤੇ ਅਨਿਸ਼ਚਿਤਤਾ ਨੂੰ ਸਮਝਦੇ ਹਨ ਅਤੇ ਨੌਜਵਾਨਾਂ ਦੀ ਮਿਹਨਤ ਤੇ ਭਵਿੱਖ ਨਾਲ ਭਰਤੀ ਪ੍ਰਣਾਲੀ ’ਚ ਕਥਿਤ ਬੇਨਿਯਮੀਆਂ ਕਾਰਨ ਖਿਲਵਾੜ ਨਹੀਂ ਹੋਣ ਦੇਣਗੇ।
ਮਜੀਠੀਆ ਨੇ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਉਸ ਦੇ ਕਾਰਜਕਾਲ ਦੌਰਾਨ ਪ੍ਰੀਖਿਆਵਾਂ ਸਬੰਧੀ ਵਿਵਾਦ ਲਗਾਤਾਰ ਸਾਹਮਣੇ ਆ ਰਹੇ ਹਨ। ਉਨ੍ਹਾਂ ਬਾਬਾ ਫਰੀਦ ਯੂਨੀਵਰਸਿਟੀ ਤੋਂ ਲੈ ਕੇ ਪੀ.ਸੀ.ਐੱਸ. ਮੇਨਜ਼ ਪ੍ਰੀਖਿਆ ਤੱਕ ਦੇ ਮਾਮਲਿਆਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਉਮੀਦਵਾਰਾਂ ਵੱਲੋਂ ਉਠਾਏ ਸਵਾਲ ਗੰਭੀਰ ਹਨ ਅਤੇ ਭਰਤੀ ਪ੍ਰਕਿਰਿਆ ’ਚ ਪਾਰਦਰਸ਼ਤਾ ਤੇ ਨਿਰਪੱਖਤਾ ਯਕੀਨੀ ਬਣਾਉਣਾ ਸਰਕਾਰ ਦੀ ਜ਼ਿੰਮੇਵਾਰੀ ਹੈ। ਉਮੀਦਵਾਰਾਂ ਨੂੰ ਭਰੋਸਾ ਦਿੰਦਿਆਂ ਅਕਾਲੀ ਆਗੂ ਨੇ ਕਿਹਾ ਕਿ ਤੁਹਾਡੀ ਲੜਾਈ, ਮੇਰੀ ਲੜਾਈ ਹੈ। ਉਨ੍ਹਾਂ ਕਿਹਾ ਕਿ ਉਹ ਇਸ ਮੁੱਦੇ ’ਤੇ ਨੌਜਵਾਨਾਂ ਦੇ ਨਾਲ ਡਟ ਕੇ ਖੜ੍ਹੇ ਹਨ ਅਤੇ ਸਰਕਾਰ ਨੂੰ ਇਸ ਮਾਮਲੇ ’ਚ ਜਵਾਬਦੇਹ ਬਣਾਇਆ ਜਾਵੇਗਾ।