ਚੰਡੀਗੜ੍ਹ : ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਉਸ ਦੀ ਦਾਦੀ ਦੇ ਅੰਤਿਮ ਸਸਕਾਰ ਵਿਚ ਸ਼ਾਮਲ ਹੋਣ ਲਈ ਅੰਮ੍ਰਿਤਸਰ ਅਦਾਲਤ ਵੱਲੋਂ ਬੀਤੇ ਦਿਨ 1 ਦਿਨ ਦੀ ਅੰਤਰਿਮ ਜ਼ਮਾਨਤ ਦਿੱਤੀ ਗਈ ਹੈ। ਇਸ ਸਬੰਧ ਵਿਚ ਪਰਿਵਾਰ ਦਾ ਕਹਿਣਾ ਹੈ ਕਿ ਅੰਮ੍ਰਿਤਪਾਲ ਸਿੰਘ ਦੀ ਦਾਦੀ ਦਾ ਅੱਜ ਅੰਤਿਮ ਸਸਕਾਰ ਨਹੀਂ ਹੋ ਸਕਦਾ, ਕਿਉਂਕਿ ਅੰਮ੍ਰਿਤਪਾਲ ਸਿੰਘ ਨੂੰ ਡਿਬਰੂਗੜ੍ਹ ਤੋਂ ਆਉਣ-ਜਾਣ ਲਈ ਵੀ ਸਮਾਂ ਲੱਗੇਗਾ। ਇਸ ਕਾਰਨ ਤਾਰੀਕ ਵਿਚ ਬਦਲਾਅ ਕਰਦੇ ਹੋਏ 17 ਨਵੰਬਰ ਕਰ ਦਿੱਤੀ ਹੈ।
ਸੂਤਰਾਂ ਮੁਤਾਬਕ ਲੀਗਲ ਪੈਨਲ ਦੇ ਵਕੀਲ ਨੇ ਦੱਸਿਆ ਕਿ ਅਦਾਲਤ ਨੇ ਪਹਿਲਾਂ ਅੰਮ੍ਰਿਤਪਾਲ ਸਿੰਘ ਨੂੰ 14 ਨਵੰਬਰ ਲਈ ਇੱਕ ਦਿਨ ਦੀ ਅੰਤਰਿਮ ਜ਼ਮਾਨਤ ਦਿੱਤੀ ਸੀ ਪਰ ਜ਼ਮਾਨਤ ਨਾਲ ਸਬੰਧਤ ਕਾਨੂੰਨੀ ਪ੍ਰਕਿਰਿਆ ਪੂਰੀ ਕਰਨ ਵਿੱਚ ਵਧੇਰੇ ਸਮਾਂ ਲੱਗਣ ਦੀ ਉਮੀਦ ਹੈ। ਇਸ ਕਾਰਨ ਉਨ੍ਹਾਂ ਦਾ 14 ਨਵੰਬਰ ਨੂੰ ਆਪਣੀ ਦਾਦੀ ਦੇ ਸਸਕਾਰ ਵਿਚ ਸ਼ਾਮਲ ਹੋਣਾ ਮੁਮਕਿਨ ਨਹੀਂ ਸੀ, ਜਿਸ ਦੇ ਮੱਦੇਨਜ਼ਰ ਹੁਣ ਸਸਕਾਰ ਦੀ ਤਰੀਕ ਬਦਲ ਕੇ 17 ਨਵੰਬਰ ਕਰ ਦਿੱਤੀ ਗਈ ਹੈ। 19 ਨਵੰਬਰ ਨੂੰ ਭੋਗ ਪਾਏ ਜਾਣਗੇ। ਇਸ ਸਬੰਧ ਵਿਚ ‘ਵਾਰਿਸ ਪੰਜਾਬ ਦੇ’ ਦੇ ਆਗੂ ਮਨਪ੍ਰੀਤ ਸਿੰਘ ਇਆਲੀ ਨੇ ਦੱਸਿਆ ਕਿ ਉਨ੍ਹਾਂ ਨੇ ਅੰਮ੍ਰਿਤਪਾਲ ਸਿੰਘ ਲਈ ਘੱਟੋ-ਘੱਟ 4 ਦਿਨ ਦੀ ਪੈਰੋਲ ਦੀ ਮੰਗ ਕੀਤੀ ਸੀ ਪਰ ਮਹਿਜ਼ 1 ਦਿਨ ਦੀ ਪੈਰੋਲ ਦਿੱਤੀ ਗਈ ਹੈ। ਇਸ ਮਾਮਲੇ ਵਿਚ ਇਕ ਰਿਵਿਊ ਪਟਿਸ਼ਨ ਦਾਖ਼ਲ ਕੀਤੀ ਗਈ ਹੈ, ਜਿਸ ਦੀ ਸੁਣਵਾਈ ਸੋਮਵਾਰ ਨੂੰ ਹੋਵੇਗੀ।
ਅੰਮ੍ਰਿਤਪਾਲ ਸਿੰਘ ਪਿਛਲੇ ਸਾਢੇ 3 ਸਾਲਾਂ ਤੋਂ ਵੀ ਵੱਧ ਸਮੇਂ ਤੋਂ ਡਿਬਰੂਗੜ੍ਹ ਜੇਲ੍ਹ ਵਿਚ ਬੰਦ ਹਨ। ਉਸ ਦੀ ਦਾਦੀ ਦਾ 8 ਨਵੰਬਰ ਨੂੰ ਦੇਹਾਂਤ ਹੋ ਗਿਆ ਸੀ। ਪਹਿਲਾਂ ਉਨ੍ਹਾਂ ਦੇ ਦਾਦੀ ਦੀ ਤਬੀਅਤ ਖ਼ਰਾਬ ਹੋਣ ‘ਤੇ ਵੀ ਉਨ੍ਹਾਂ ਲਈ ਪੈਰੋਲ ਦੀ ਮੰਗ ਕੀਤੀ ਸੀ ਪਰ ਉਹ ਨਹੀਂ ਮੰਨੀ ਗਈ ਤੇ ਹੁਣ ਉਨ੍ਹਾਂ ਦੇ ਦੇਹਾਂਤ ਮਗਰੋਂ ਵੀ ਪੈਰੋਲ ਲਈ ਸਖ਼ਤ ਸ਼ਰਤਾਂ ਰੱਖੀਆਂ ਗਈਆਂ। ਸਾਲ 2023 ਵਿੱਚ ਅਜਨਾਲਾ ਥਾਣੇ ਉੱਤੇ ਕਥਿਤ ਤੌਰ ‘ਤੇ ਹਮਲਾ ਕੀਤੇ ਜਾਣ ਦੇ ਮਾਮਲੇ ਵਿੱਚ ਐੱਮਪੀ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਇਸ ਤੋਂ ਬਾਅਦ ਉਨ੍ਹਾਂ ‘ਤੇ ਐੱਨਐੱਸਏ ਵੀ ਲਾਇਆ ਗਿਆ ਸੀ, ਜਿਸ ਕਾਰਨ ਹੁਣ ਉਹ ਪਿਛਲੇ ਸਾਢੇ ਤਿੰਨ ਸਾਲ ਤੋਂ ਜੇਲ੍ਹ ਵਿੱਚ ਬੰਦ ਹਨ।















