ਨਵੀਂ ਦਿੱਲੀ : ਪੱਛਮੀ ਦਿੱਲੀ ਦੇ ਮੋਤੀ ਨਗਰ ਇਲਾਕੇ ਵਿੱਚ ਸਥਿਤ ਇੱਕ ਕੱਪੜਾ ਸ਼ੋਰੂਮ ਦੇ ਅੰਦਰ 18 ਸਾਲਾ ਮੁਟਿਆਰ ਦਾ ਤੇਜ਼ਧਾਰ ਹਥਿਆਰ ਨਾਲ ਗਲਾ ਵੱਢ ਕੇ ਬੇਰਹਿਮੀ ਨਾਲ ਕਤਲ ਕਰਨ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਆਰੋਪੀ ਮੌਕੇ ਤੋਂ ਫ਼ਰਾਰ ਹੋ ਗਿਆ। ਘਟਨਾ ਦਾ ਖ਼ੁਲਾਸਾ ਉਸ ਸਮੇਂ ਹੋਇਆ ਜਦੋਂ ਸ਼ੋਰੂਮ ਦੇ ਕਰਮਚਾਰੀਆਂ ਨੇ ਦੁਕਾਨ ਬੰਦ ਕਰਨ ਵੇਲੇ ਚੇਂਜਿੰਗ ਰੂਮ ਵਿੱਚੋਂ ਮੁਟਿਆਰ ਦੀ ਖ਼ੂਨ ਨਾਲ ਲੱਥ-ਪੱਥ ਲਾਸ਼ ਬਰਾਮਦ ਕੀਤੀ।
ਪੁਲਸ ਅਨੁਸਾਰ ਮ੍ਰਿਤਕਾ ਦੀ ਪਛਾਣ 18 ਸਾਲਾ ਮੁਟਿਆਰ ਵਜੋਂ ਹੋਈ ਹੈ, ਜੋ ਮੋਤੀ ਨਗਰ ਸਥਿਤ ਕੱਪੜਾ ਸ਼ੋਰੂਮ ਵਿੱਚ ਕੰਮ ਕਰਦੀ ਸੀ। ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਵਾਰਦਾਤ ਤੋਂ ਪਹਿਲਾਂ ਇੱਕ ਨੌਜਵਾਨ ਸ਼ੋਰੂਮ ਵਿੱਚ ਆਇਆ ਸੀ, ਜੋ ਮ੍ਰਿਤਕਾ ਦਾ ਪੁਰਾਣਾ ਜਾਣਕਾਰ ਦੱਸਿਆ ਜਾ ਰਿਹਾ ਹੈ। ਦੋਹਾਂ ਵਿਚਕਾਰ ਕਿਸੇ ਗੱਲ ਨੂੰ ਲੈ ਕੇ ਵਿਵਾਦ ਹੋਇਆ, ਜਿਸ ਤੋਂ ਬਾਅਦ ਆਰੋਪੀ ਉਸ ਨੂੰ ਸ਼ੋਰੂਮ ਦੇ ਚੇਂਜਿੰਗ ਰੂਮ ਵਿੱਚ ਲੈ ਗਿਆ ਅਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰਕੇ ਉਸ ਦੀ ਜਾਨ ਲੈ ਲਈ।
ਘਟਨਾ ਦੀ ਸੂਚਨਾ ਮਿਲਦੇ ਹੀ ਮੋਤੀ ਨਗਰ ਥਾਣਾ ਪੁਲਸ ਅਤੇ ਫੋਰੈਂਸਿਕ ਟੀਮਾਂ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿੱਚ ਲਿਆ ਅਤੇ ਪੋਸਟਮਾਰਟਮ ਲਈ ਭੇਜ ਦਿੱਤਾ। ਪੁਲਸ ਆਰੋਪੀ ਦੀ ਪਛਾਣ ਅਤੇ ਗ੍ਰਿਫ਼ਤਾਰੀ ਲਈ ਸ਼ੋਰੂਮ ਦੇ ਅੰਦਰ ਅਤੇ ਆਸ-ਪਾਸ ਲੱਗੇ ਸੀ.ਸੀ.ਟੀ.ਵੀ. (CCTV) ਕੈਮਰਿਆਂ ਦੀ ਫੁਟੇਜ ਦੀ ਜਾਂਚ ਕਰ ਰਹੀ ਹੈ। ਪੁਲਸ ਵੱਲੋਂ ਮਾਮਲੇ ਦੇ ਹਰ ਪਹਿਲੂ ਦੀ ਗੰਭੀਰਤਾ ਨਾਲ ਤਫ਼ਤੀਸ਼ ਕੀਤੀ ਜਾ ਰਹੀ ਹੈ।















