ਪੰਜਾਬ ‘ਚ 5 ਨੌਜਵਾਨ ਹਥਿਆਰਾਂ ਸਮੇਤ ਗ੍ਰਿਫ਼ਤਾਰ! ਵਿਦੇਸ਼ੀ ਹੈਂਡਲਰਾਂ ਨਾਲ ਜੁੜੇ ਤਾਰ, DGP ਦੇ ਵੱਡੇ ਖ਼ੁਲਾਸੇ

ਜਲੰਧਰ/ਤਰਨਤਾਰਨ – ਪੰਜਾਬ ਪੁਲਸ ਵੱਲੋਂ ਵੱਡੀ ਸਫ਼ਲਤਾ ਹਾਸਲ ਕੀਤੀ ਗਈ ਹੈ। ਦਰਅਸਲ ਐਂਟੀ ਗੈਂਗਸਟਰ ਟਾਸਕ ਫੋਰਸ ਪੰਜਾਬ ਵੱਲੋਂ ਤਰਨਤਾਰਨ ਪੁਲਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਇਥੋਪੀਆ ਤੋਂ ਅਫ਼ਰੀਦੀ ਨੂੰ ਡਿਪੋਰਟ ਕੀਤੇ ਜਾਣ ਮਗਰੋਂ ਅਗਲੀ ਵੱਡੀ ਕਾਰਵਾਈ ਕੀਤੀ ਹੈ। ਪੁਲਸ ਨੇ ਸੰਗਠਿਤ ਅਪਰਾਧਿਕ ਨੈਟਵਰਕ ਦੇ ਪੰਜ ਮੁੱਖ ਸੰਚਾਲਕਾਂ ਨੂੰ ਗ੍ਰਿਫ਼ਤਾਰ ਕਰਕੇ 11 ਗੈਰ ਕਾਨੂੰਨੀ ਪਿਸਤੌਲਾਂ ਸਮੇਤ 191 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਇਸ ਦੀ ਜਾਣਕਾਰੀ ਡੀ. ਜੀ. ਪੀ. ਗੌਰਵ ਯਾਦਵ ਨੇ ਦਿੱਤੀ ਹੈ।
ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਕਾਬੂ ਕੀਤੇ ਗਏ ਮੁਲਜ਼ਮ ਕਥਿਤ ਤੌਰ ‘ਤੇ ਫਿਰੌਤੀ ਨਾਲ ਸਬੰਧਤ ਗੋਲ਼ੀਬਾਰੀ ਦੀਆਂ ਘਟਨਾਵਾਂ ਸਮੇਤ 15 ਤੋਂ ਵੱਧ ਅਪਰਾਧਿਕ ਮਾਮਲਿਆਂ ‘ਚ ਸ਼ਾਮਲ ਸਨ। ਇਹ ਮੁਲਜ਼ਮ ਵਿਦੇਸ਼ਾਂ ‘ਚ ਬੈਠੇ ਹੈਂਡਲਰਾਂ ਦੇ ਇਸ਼ਾਰੇ ‘ਤੇ ਸਰਹੱਦ ਪਾਰੋਂ ਨਾਜਾਇਜ਼ ਹਥਿਆਰਾਂ ਦੀ ਤਸਕਰੀ ‘ਚ ਵੀ ਕਥਿਤ ਤੌਰ ‘ਤੇ ਸ਼ਾਮਲ ਸਨ। ਵਿਦੇਸ਼ੀ ਹੈਂਡਲਰਾਂ ਵੱਲੋਂ ਇਨ੍ਹਾਂ ਨੂੰ ਪੰਜਾਬ ‘ਚ ਗੰਭੀਰ ਅਪਰਾਧਿਕ ਵਾਰਦਾਤਾਂ ਨੂੰ ਅੰਜਾਮ ਦੇਣ ਦੇ ਨਿਰਦੇਸ਼ ਵੀ ਦਿੱਤੇ ਗਏ ਸਨ।
ਇਸ ਅਪਰਾਧਿਕ ਨੈੱਟਵਰਕ ਦੇ ਪਿਛਲੇ ਅਤੇ ਅਗਲੇ ਸੰਬੰਧਾਂ ਦਾ ਪਤਾ ਲਗਾਉਣ, ਹੋਰ ਸਾਥੀਆਂ ਦੀ ਪਛਾਣ ਕਰਨ ਅਤੇ ਸਮੁੱਚੇ ਅਪਰਾਧਿਕ ਨੈੱਟਵਰਕ ਨੂੰ ਖ਼ਤਮ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ। ਪੰਜਾਬ ਪੁਲਿਸ ਸੰਗਠਿਤ ਅਪਰਾਧਿਕ ਨੈੱਟਵਰਕਾਂ ਨੂੰ ਖ਼ਤਮ ਕਰਨ, ਨਜਾਇਜ਼ ਹਥਿਆਰਾਂ ਦੀ ਤਸਕਰੀ ਨੂੰ ਰੋਕਣ ਅਤੇ ਪੰਜਾਬ ਵਿੱਚ ਅਮਨ-ਸ਼ਾਂਤੀ ਤੇ ਸੁਰੱਖਿਆ ਯਕੀਨੀ ਬਣਾਉਣ ਲਈ ਵਚਨਬੱਧ ਹੈ।