ਪੰਜਾਬ ਪੁਲਸ ਦੀ ਕਾਰਵਾਈ: 38 ਕਿਲੋ ਤੋਂ ਵੱਧ ਹੈਰੋਇਨ ਤੇ ਵੱਡੇ ਹਥਿਆਰਾਂ ਦੀ ਖੇਪ ਸਣੇ 7 ਦੋਸ਼ੀ ਗ੍ਰਿਫਤਾਰ

ਅੰਮ੍ਰਿਤਸਰ : ਅੰਮ੍ਰਿਤਸਰ ਦੀ ਦਿਹਾਤੀ ਪੁਲਸ ਵੱਲੋਂ ਨਾਜਾਇਜ਼ ਹਥਿਆਰਾਂ ਅਤੇ ਨਸ਼ਿਆਂ ਦੀ ਤਸਕਰੀ ਕਰਨ ਵਾਲੇ ਕਈ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ ਗਿਆ । ਇਸ ਦੌਰਾਨ 7 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ, 10 ਗੈਰ-ਕਾਨੂੰਨੀ ਪਿਸਤੌਲ, 38.962 ਕਿਲੋਗ੍ਰਾਮ ਹੈਰੋਇਨ, 800 ਗ੍ਰਾਮ ਅਫੀਮ ਅਤੇ 102 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ। ਇਸ ਤੋਂ ਇਲਾਵਾ ਚੱਲ ਰਹੇ ਆਪ੍ਰੇਸ਼ਨ ਦੌਰਾਨ 109 ਸ਼ੱਕੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਨ੍ਹਾਂ ਤੋਂ ਹੋਰ ਬਰਾਮਦਗੀਆਂ ਅਤੇ ਗ੍ਰਿਫ਼ਤਾਰੀਆਂ ਦੀ ਉਮੀਦ ਹੈ। ਇਸ ਦੀ ਜਾਣਕਾਰੀ ਪੰਜਾਬ ਦੇ ਡੀ.ਜੀ.ਪੀ. ਗੌਰਵ ਯਾਦਵ ਨੇ ਦਿੱਤੀ ।
ਡੀ.ਜੀ.ਪੀ. ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਕਥਿਤ ਤੌਰ ‘ਤੇ ਵਿਦੇਸ਼ਾਂ ਵਿੱਚ ਬੈਠੇ ਹੈਂਡਲਰਾਂ ਦੇ ਸੰਪਰਕ ਵਿੱਚ ਸਨ, ਜੋ ਅਪਰਾਧਿਕ ਤੱਤਾਂ ਨੂੰ ਅੱਗੇ ਸਪਲਾਈ ਕਰਨ ਲਈ ਨਾਜਾਇਜ਼ ਹਥਿਆਰ ਮੁਹੱਈਆ ਕਰਵਾਉਣ ਵਿੱਚ ਮਦਦ ਕਰਦੇ ਸਨ। ਉਨ੍ਹਾਂ ਨੇ ਦੱਸਿਆ ਮੁਲਜ਼ਮਾਂ ਖਿਲਾਫ਼ ਅੰਮ੍ਰਿਤਸਰ ਦੇ ਥਾਣਾ ਘਰਿੰਡਾ, ਥਾਣਾ ਲੋਪੋਕੇ ਅਤੇ ਥਾਣਾ ਭਿੰਡੀ ਸੈਦਾ ਵਿਖੇ ਵੱਖ-ਵੱਖ ਐਫ.ਆਈ.ਆਰ. ਦਰਜ ਕੀਤੀਆਂ ਗਈਆਂ ਹਨ। ਮੁਲਜ਼ਮਾਂ ਦੇ ਪਿੱਛੇ ਅਤੇ ਅੱਗੇ ਸਬੰਧ ਸਥਾਪਤ ਕਰਨ, ਹੋਰ ਸਹਿਯੋਗੀਆਂ ਦੀ ਪਛਾਣ ਕਰਨ ਅਤੇ ਵਿਆਪਕ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਨੈੱਟਵਰਕਾਂ ਨੂੰ ਖਤਮ ਕਰਨ ਲਈ ਹੋਰ ਜਾਂਚ ਜਾਰੀ ਹੈ।