ਚੰਡੀਗੜ੍ਹ/ਜਲੰਧਰ : ਸੂਬੇ ਦੇ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਅਤੇ ਚਿੰਤਾਵਾਂ ਦੇ ਹੱਲ ਲਈ ਗਠਿਤ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵੀਰਵਾਰ ਨੂੰ ਮਾਲ ਪਟਵਾਰ ਯੂਨੀਅਨ ਅਤੇ ਸਿੱਖਿਆ ਵਿਭਾਗ ਦੀਆਂ ਵੱਖ-ਵੱਖ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਲਗਾਤਾਰ ਮੀਟਿੰਗਾਂ ਕੀਤੀਆਂ। ਇਸ ਦੌਰਾਨ ਮੁਲਾਜ਼ਮਾਂ ਦੇ ਬਕਾਇਆ ਮਸਲਿਆਂ ਅਤੇ ਮੰਗਾਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਮਾਲ ਪਟਵਾਰ ਯੂਨੀਅਨ, ਪੰਜਾਬ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਵਫ਼ਦ ਨੇ ਗੁਆਂਢੀ ਸੂਬਿਆਂ ਦੇ ਮੁਲਾਜ਼ਮਾਂ ਦੇ ਬਰਾਬਰ ਤਨਖ਼ਾਹ ਸਕੇਲ ਨਿਰਧਾਰਤ ਕਰਨ ਦੀ ਮੰਗ ਉਠਾਈ। ਵਿੱਤ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਵਿਸ਼ੇਸ਼ ਸਕੱਤਰ, ਵਿੱਤ ਨੂੰ ਯੂਨੀਅਨ ਨਾਲ ਮੀਟਿੰਗ ਕਰ ਕੇ ਇਸ ਮੰਗ ਦਾ ਸਮਾਂਬੱਧ ਅਤੇ ਢੁਕਵਾਂ ਹੱਲ ਕੱਢਣ ਦੇ ਨਿਰਦੇਸ਼ ਦਿੱਤੇ ਹਨ।
ਚੀਮਾ ਨੇ ਕਿਹਾ ਕਿ ਸਿੱਖਿਆ ਵਿਭਾਗ ਦੀਆਂ ਯੂਨੀਅਨਾਂ ਵੱਲੋਂ ਉਠਾਈਆਂ ਗਈਆਂ ਸਾਰੀਆਂ ਮੰਗਾਂ ਦੇ ਜਲਦ ਹੱਲ ਲਈ ਪ੍ਰਸ਼ਾਸਨਿਕ ਪ੍ਰਕਿਰਿਆ ’ਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਇਸ ਤੋਂ ਇਲਾਵਾ ਮੁੜ ਬਹਾਲ ਕੱਚੇ ਅਧਿਆਪਕ ਯੂਨੀਅਨ, ਪੰਜਾਬ ਵੱਲੋਂ ਵਿਕਾਸ ਸਾਹਨੀ ਅਤੇ ਲਖਵਿੰਦਰ ਕੌਰ, ਈ. ਟੀ. ਟੀ. ਟੈੱਟ ਪਾਸ 5994 ਬੈਕਲਾਗ ਅਧਿਆਪਕ ਯੂਨੀਅਨ, ਪੰਜਾਬ ਵੱਲੋਂ ਅਸ਼ੋਕ ਬਾਵਾ, 10 ਸਾਲ ਸਰਵਿਸ ਪੂਰੀ ਕਰ ਚੁੱਕੇ ਕੱਚੇ ਅਧਿਆਪਕ ਯੂਨੀਅਨ, ਪੰਜਾਬ ਵੱਲੋਂ ਜਸਪਾਲ ਸਿੰਘ ਅਤੇ ਮਮਤਾ ਕੌਰ ਅਤੇ ਅਨਏਡਿਡ ਸਟਾਫ਼ ਆਫ਼ ਏਡਿਡ ਸਕੂਲ ਫਰੰਟ ਵੱਲੋਂ ਨਿਰਭੈ ਸਿੰਘ ਅਤੇ ਸੁਖਚੈਨ ਸਿੰਘ ਨੇ ਆਪਣੀਆਂ ਮੰਗਾਂ ਅਤੇ ਸਮੱਸਿਆਵਾਂ ਵਿੱਤ ਮੰਤਰੀ ਦੇ ਸਾਹਮਣੇ ਰੱਖੀਆਂ।















