ਪੰਜਾਬ ਦਾ ‘ਨਸ਼ਾ ਮੁਕਤੀ ਮਾਡਲ’ ਕੌਮੀ ਮੰਚ ’ਤੇ ਬਣਿਆ ਚਰਚਾ ਦਾ ਕੇਂਦਰ : ਬਲਜੀਤ ਕੌਰ

ਜਲੰਧਰ/ਚੰਡੀਗੜ੍ਹ : ਪੰਜਾਬ ਦੀ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਨਵੀਂ ਦਿੱਲੀ ’ਚ ਕੇਂਦਰੀ ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਮੰਤਰਾਲਾ ਵੱਲੋਂ ਆਯੋਜਿਤ ‘ਸਮਾਵੇਸ਼ੀ ਨੀਤੀ ਸੰਕਲਪ ਸਮਾਵੇਸ਼ਿਤਾ ਲਈ ਨੀਤੀ ਪ੍ਰਤੀਬੱਧਤਾ’ ਮੰਤਰਾਲਾ ਸੰਮੇਲਨ-2026 ’ਚ ਪੰਜਾਬ ਦੀ ਨਸ਼ਾ ਵਿਰੋਧੀ ਰਣਨੀਤੀ ਪੇਸ਼ ਕੀਤੀ। ਸੰਮੇਲਨ ਦੇ ‘ਨਸ਼ਾ ਮੁਕਤ ਭਾਰਤ ਲਈ ਨਸ਼ਿਆਂ ਦੀ ਰੋਕਥਾਮ ਅਤੇ ਨਸ਼ਿਆਂ ਦੀ ਮੰਗ ’ਚ ਕਮੀ ਲਿਆਉਣ ਲਈ ਨਵੀਂ ਸੋਚ’ ਵਿਸ਼ੇ ’ਤੇ ਡਾ. ਬਲਜੀਤ ਕੌਰ ਨੇ ਪੰਜਾਬ ਸਰਕਾਰ ਵੱਲੋਂ ਅਪਣਾਏ ਗਏ ਵਿਆਪਕ ਅਤੇ ਬਹੁ-ਪੱਖੀ ਮਾਡਲ ਦੀ ਜਾਣਕਾਰੀ ਸਾਂਝੀ ਕੀਤੀ। ਇਸ ਮਾਡਲ ’ਚ ਨਸ਼ਿਆਂ ਦੀ ਰੋਕਥਾਮ, ਇਲਾਜ, ਮੁੜ-ਵਸੇਬਾ ਅਤੇ ਸਮਾਜਿਕ ਸਹਿਯੋਗ ਨੂੰ ਕੇਂਦਰ ’ਚ ਰੱਖਿਆ ਗਿਆ ਹੈ। ਪੰਜਾਬ ਦਾ ਇਹ ਨਸ਼ਾ ਮੁਕਤੀ ਮਾਡਲ ਕੌਮੀ ਮੰਚ ’ਤੇ ਚਰਚਾ ਦਾ ਕੇਂਦਰ ਬਣਿਆ ਰਿਹਾ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹੁਣ ਤੱਕ ਐੱਨ. ਡੀ. ਪੀ. ਐੱਸ. ਐਕਟ ਤਹਿਤ ਲੱਗਭਗ 66,000 ਮਾਮਲੇ ਦਰਜ ਕੀਤੇ ਗਏ ਹਨ ਅਤੇ ਲੱਗਭਗ 90 ਫੀਸਦੀ ਦੋਸ਼ ਸਿੱਧੀ ਦਰ ਹਾਸਲ ਕੀਤੀ ਗਈ ਹੈ। ਇਸ ਦੇ ਨਾਲ ਹੀ ਪੁਲਸ ਵੱਲੋਂ 12,000 ਤੋਂ ਵੱਧ ਨਸ਼ਾ ਪ੍ਰਭਾਵਿਤ ਵਿਅਕਤੀਆਂ ਨੂੰ ਇਲਾਜ ਨਾਲ ਜੋੜਿਆ ਗਿਆ ਹੈ। ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ’ਚ 547 ਓ. ਓ. ਏ. ਟੀ. (ਆਊਟ ਪੇਸ਼ੈਂਟ ਓਪੀਓਇਡ ਅਸਿਸਟਿਡ ਟ੍ਰੀਟਮੈਂਟ) ਕੇਂਦਰ ਕਾਰਜਸ਼ੀਲ ਹਨ, ਜਿਨ੍ਹਾਂ ਰਾਹੀਂ ਲਗਭਗ 3.2 ਲੱਖ ਲੋਕਾਂ ਨੂੰ ਮੁਫ਼ਤ ਇਲਾਜ ਅਤੇ ਸਲਾਹ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ।