ਧੂਰੀ – ਲੰਘੀ ਸ਼ਾਮ ਸਥਾਨਕ ਗੁਰੂ ਤੇਗ ਬਹਾਦਰ ਨਗਰ ਦੀ ਗਲੀ ਨੰਬਰ 2 ’ਚ ਅੱਜ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਇਕ ਮਕਾਨ ’ਚੋਂ ਇਕ ਮਹਿਲਾ ਅਤੇ ਇਕ ਨੌਜਵਾਨ ਦੀ ਭੇਤਭਰੇ ਹਾਲਾਤਾਂ ’ਚ ਲਾਸ਼ਾਂ ਬਰਾਮਦ ਹੋਈਆਂ। ਮ੍ਰਿਤਕਾਂ ਦੀ ਪਛਾਣ ਹਰਪਾਲ ਕੌਰ (31) ਪਤਨੀ ਬਲਜਿੰਦਰ ਸਿੰਘ ਤੇ ਗੁਰਪ੍ਰੀਤ ਸਿੰਘ (27) ਪੁੱਤਰ ਬਲਵੀਰ ਸਿੰਘ ਵਜੋਂ ਹੋਈ ਹੈ। ਦੋਵੇਂ ਲਾਗਲੇ ਪਿੰਡ ਪੁੰਨਾਵਾਲ ਦੇ ਰਹਿਣ ਵਾਲੇ ਦੱਸੇ ਜਾਂਦੇ ਹਨ।
ਜਾਣਕਾਰੀ ਮੁਤਾਬਕ ਔਰਤ ਦੀ ਲਾਸ਼ ਮਕਾਨ ਦੇ ਫਰਸ਼ ’ਤੇ ਪਈ ਸੀ, ਜਦਕਿ ਨੌਜਵਾਨ ਦੀ ਲਾਸ਼ ਪੱਖੇ ਨਾਲ ਲਟਕਦੀ ਮਿਲੀ। ਦੋਵਾਂ ਦੀ ਮੌਤ ਕਿਹੜੇ ਹਾਲਾਤ ’ਚ ਅਤੇ ਕਿਵੇਂ ਹੋਈ ਹੈ ਦੇ ਵਾਰੇ ਅਜੇ ਤੱਕ ਕੋਈ ਸਪੱਸ਼ਟ ਜਾਣਕਾਰੀ ਸਾਹਮਣੇ ਨਹੀਂ ਆਈ। ਘਟਨਾ ਦੀ ਖਬਰ ਫੈਲਦਿਆਂ ਹੀ ਇਲਾਕੇ ’ਚ ਸਨਸਨੀ ਫੈਲ ਗਈ। ਸੂਚਨਾ ਮਿਲਣ ’ਤੇ ਥਾਣਾ ਸਿਟੀ ਧੂਰੀ ਦੇ ਮੁਖੀ ਜੈਦੀਪ ਸ਼ਰਮਾ ਪੁਲਸ ਪਾਰਟੀ ਸਮੇਤ ਮੌਕੇ ’ਤੇ ਪਹੁੰਚੇ ਅਤੇ ਸਥਿਤੀ ਦਾ ਜਾਇਜ਼ਾ ਲਿਆ। ਪੁਲਸ ਵੱਲੋਂ ਘਟਨਾ ਵਾਲੀ ਥਾਂ ਦੀ ਜਾਂਚ ਲਈ ਫੋਰੈਂਸਿਕ ਟੀਮ ਨੂੰ ਵੀ ਬੁਲਾਇਆ ਗਿਆ।
ਉਕਤ ਮਾਮਲੇ ਬਾਰੇ ਥਾਣਾ ਮੁਖੀ ਜੈਦੀਪ ਸ਼ਰਮਾ ਨੇ ਕਿਹਾ ਕਿ ਪੁਲਸ ਵੱਲੋਂ ਮਾਮਲੇ ਦੀ ਵੱਖ-ਵੱਖ ਪਹਿਲੂਆਂ ਤੋਂ ਜਾਂਚ ਕੀਤੀ ਜਾ ਰਹੀ ਹੈ। ਪਰਿਵਾਰਕ ਮੈਂਬਰਾਂ ਦੇ ਬਿਆਨ ਦੇ ਆਧਾਰ ’ਤੇ ਥਾਣਾ ਸਿਟੀ ਧੂਰੀ ਵਿਖੇ ਨਾਮਾਲੂਮ ਵਿਅਕਤੀਆਂ ਦੇ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ।















