ਗੁਰਦੁਆਰਾ ਗਿਆਨ ਗੋਦੜੀ ਸਾਹਿਬ ਹਰਿਦੁਆਰ ਦੀ ਮੁੜ ਸਥਾਪਨਾ ਲਈ ਯਤਨ ਤੇਜ਼

ਅੰਮ੍ਰਿਤਸਰ  – ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸੰਬੰਧਿਤ ਗੁਰਦੁਆਰਾ ਗਿਆਨ ਗੋਦੜੀ ਸਾਹਿਬ ਹਰਿਦੁਆਰ ਦੀ ਮੁੜ ਸਥਾਪਨਾ ਲਈ ਸਿੱਖਾਂ ਦੀ ਧਾਰਮਿਕ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਨੇ ਇਕਜੁੱਟ ਹੋ ਕੇ ਸਾਂਝੇ ਉਪਰਾਲੇ ਆਰੰਭ ਦਿੱਤੇ ਹਨ। ਇਸ ਤਹਿਤ ਸ਼੍ਰੋਮਣੀ ਕਮੇਟੀ ਅਤੇ ਦਿੱਲੀ ਕਮੇਟੀ ਦੇ ਪ੍ਰਮੁੱਖ ਅਹੁਦੇਦਾਰਾਂ ਨੇ ਅੱਜ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਨੂੰ ਮਿਲ ਕੇ ਆਰੰਭੀ ਜਾਣ ਵਾਲੀ ਮੁਹਿੰਮ ਤੋਂ ਜਾਣੂ ਕਰਵਾਉਂਦਿਆਂ ਮਸਲੇ ਦੇ ਹੱਲ ਸਬੰਧੀ ਗੰਭੀਰ ਵਿਚਾਰਾਂ ਕੀਤੀਆਂ।
ਦੱਸਣਾ ਬਣਦਾ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕ੍ਰਿਪਾਲ ਸਿੰਘ ਬਡੂੰਗਰ ਅਤੇ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ. ਕੇ. ਨੇ 3 ਮਈ ਨੂੰ ਦਿੱਲੀ ਵਿਖੇ ਇਕ ਸਾਂਝੀ ਪੱਤਰਕਾਰ ਮਿਲਣੀ ਦੌਰਾਨ ਇਸ ਸਬੰਧੀ ਠੋਸ ਮੁਹਿੰਮ ਵਿੱਢਣ ਦਾ ਐਲਾਨ ਕੀਤਾ ਸੀ, ਜਿਸ ਦੀ ਆਰੰਭਤਾ ਸਮੂਹ ਗੁਰਦੁਆਰਾ ਸਾਹਿਬਾਨ ਵਿਚ 14 ਮਈ ਨੂੰ ਜਪੁਜੀ ਸਾਹਿਬ ਦੇ ਪਾਠ ਨਾਲ ਕਰਨ ਦਾ ਫੈਸਲਾ ਲਿਆ ਗਿਆ ਸੀ।
ਇਸ ਸਬੰਧੀ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਪ੍ਰੈੱਸ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸੰਬੰਧਿਤ ਇਤਿਹਾਸਕ ਅਸਥਾਨ ਗੁ. ਗਿਆਨ ਗੋਦੜੀ ਦੀ ਮੁੜ ਸਥਾਪਨਾ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਵੱਲੋਂ ਸੰਯੁਕਤ ਰੂਪ ‘ਚ ਵਿੱਢੀ ਮੁਹਿੰਮ ਇਕ ਅਹਿਮ ਫੈਸਲਾ ਹੈ। ਉਨ੍ਹਾਂ ਕਿਹਾ ਕਿ ਇਸ ਅਸਥਾਨ ਨਾਲ ਸਿੱਖ ਸੰਗਤ ਦੀਆਂ ਭਾਵਨਾਵਾਂ ਜੁੜੀਆਂ ਹੋਈਆਂ ਹਨ, ਇਸ ਲਈ ਇਹ ਗੁਰਦੁਆਰਾ ਅਸਲ ਅਸਥਾਨ ਹਰਿ ਕੀ ਪੌੜੀ ਹਰਿਦੁਆਰ ਵਿਖੇ ਹੀ ਸਥਾਪਿਤ ਕਰਨ ਲਈ ਯਤਨ ਕੀਤੇ ਜਾਣਗੇ। ਇਸ ਮਸਲੇ ਦੇ ਹੱਲ ਲਈ ਸਮੁੱਚੀ ਕੌਮ ਦਾ ਇਕਜੁੱਟ ਹੋਣਾ ਬਹੁਤ ਜ਼ਰੂਰੀ ਹੈ।
ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਭਾਈ ਅਮਰਜੀਤ ਸਿੰਘ ਚਾਵਲਾ ਅਤੇ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ. ਕੇ. ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਸਮੁੱਚੀ ਮਨੁੱਖਤਾ ਦੇ ਸਾਂਝੇ ਗੁਰੂ ਹਨ, ਇਸ ਲਈ ਉਨ੍ਹਾਂ ਨਾਲ ਸੰਬੰਧਿਤ ਅਸਥਾਨ ਗੁ. ਗਿਆਨ ਗੋਦੜੀ ਹਰਿ ਕੀ ਪੌੜੀ ਹਰਿਦੁਆਰ ਦੀ ਮੁੜ ਸਥਾਪਨਾ ਲਈ ਆਰੰਭੀ ਮੁਹਿੰਮ ਦਾ ਹਿੱਸਾ ਸਮੁੱਚੀ ਗੁਰੂ ਨਾਨਕ ਨਾਮਲੇਵਾ ਸੰਗਤ ਬਣੇ। ਉਨ੍ਹਾਂ ਦੱਸਿਆ ਕਿ ਸੰਨ 1978-79 ਤੱਕ ਇਹ ਗੁਰਦੁਆਰਾ ਉਥੇ ਸਥਿਤ ਸੀ, ਜੋ ਬਾਅਦ ਵਿਚ ਵਿਕਾਸ ਦੇ ਨਾਂ ‘ਤੇ ਢਾਹ ਕੇ ਭਾਰਤ ਸਕਾਊਟ ਐਂਡ ਗਾਈਡ ਦਾ ਦਫਤਰ ਬਣਾ ਦਿੱਤਾ ਗਿਆ ਸੀ, ਜਿਸ ਕਾਰਨ ਸੰਗਤ ਵਿਚ ਭਾਰੀ ਰੋਸ ਚੱਲਿਆ ਆ ਰਿਹਾ ਹੈ। ਉਕਤ ਆਗੂਆਂ ਅਨੁਸਾਰ ਬੇਸ਼ੱਕ ਇਸ ਅਸਥਾਨ ਦੀ ਮੁੜ ਉਸਾਰੀ ਲਈ ਲਗਾਤਾਰ ਯਤਨ ਕੀਤੇ ਜਾਂਦੇ ਰਹੇ ਪਰ ਹੁਣ ਇਸ ਮੁਹਿੰਮ ਨੂੰ ਤੇਜ਼ ਕਰਨ ਦਾ ਫੈਸਲਾ ਕੀਤਾ ਗਿਆ ਹੈ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਭਾਈ ਰਾਮ ਸਿੰਘ, ਗੁਰਚਰਨ ਸਿੰਘ ਗਰੇਵਾਲ, ਗੁਰਮੇਲ ਸਿੰਘ ਸੰਗਤਪੁਰਾ, ਮੈਂਬਰ ਹਰਜਾਪ ਸਿੰਘ ਸੁਲਤਾਨਵਿੰਡ, ਬੀਬੀ ਕਿਰਨਜੋਤ ਕੌਰ, ਮਗਵਿੰਦਰ ਸਿੰਘ ਖਾਪੜਖੇੜੀ ਤੇ ਹੋਰ ਹਾਜ਼ਰ ਸਨ।