ਚੰਡੀਗੜ੍ਹ, – ਮਹਿਲਾ ਅਧਿਆਪਕਾਂ ਲਈ ਡਰੈਸ-ਕੋਡ ਸਬੰਧੀ ਦਿਸ਼ਾ ਨਿਰਦੇਸ਼ਾਂ ਵਾਲੀ ਚਿੱਠੀ ਜਾਰੀ ਕਰਨ ਦੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆ ਸਿੱਖਿਆ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਸਿੱਖਿਆ ਵਿਭਾਗ ਦੇ ਡਿਪਟੀ ਡਾਇਰੈਕਟਰ ਅਮਰੀਸ਼ ਸ਼ੁਕਲਾ ਤੇ ਸਹਾਇਕ ਡਾਇਰੈਕਟਰ ਅਮਰਬੀਰ ਸਿੰਘ ਨੂੰ ਤੁਰੰਤ ਮੁਅੱਤਲ ਕਰਨ ਦੇ ਆਦੇਸ਼ ਦਿੱਤੇ। ਅੱਜ ਇੱਥੇ ਜਾਰੀ ਪ੍ਰੈਸ ਬਿਆਨ ਰਾਹੀਂ ਜਾਣਕਾਰੀ ਦਿੰਦਿਆਂ ਸਿੱਖਿਆ ਮੰਤਰੀ ਸ੍ਰੀਮਤੀ ਚੌਧਰੀ ਨੇ ਕਿਹਾ ਕਿ ਉਨ੍ਹਾਂ ਦੇ ਧਿਆਨ ਵਿੱਚ ਇਹ ਮਾਮਲਾ ਆਇਆ ਹੈ ਕਿ ਸਿੱਖਿਆ ਵਿਭਾਗ ਵੱਲੋਂ ਮਹਿਲਾ ਅਧਿਆਪਕਾਂ ਦੇ ਪਹਿਰਾਵੇ ਸਬੰਧੀ ਡਰੈਸ ਕੋਡ ਵਾਲੀ ਚਿੱਠੀ ਜਾਰੀ ਕੀਤੀ ਗਈ ਜਿਸ ਨਾਲ ਸਮਾਜ ਵਿੱਚ ਸਭ ਤੋਂ ਵੱਧ ਸਨਮਾਨ ਦਾ ਦਰਜਾ ਰੱਖਣ ਵਾਲੇ ਰਾਸ਼ਟਰ ਨਿਰਮਾਤਾ ਅਧਿਆਪਕਾਂ ਅਤੇ ਖਾਸ ਕਰਕੇ ਮਹਿਲਾਵਾਂ ਦੇ ਮਾਨ ਸਨਮਾਨ ਨੂੰ ਵੱਡੀ ਠੇਸ ਪੁੱਜੀ। ਉਨ੍ਹਾਂ ਕਿਹਾ ਕਿ ਇਹ ਹੁਕਮ ਮੁਅੱਤਲ ਕੀਤੇ ਉਕਤ ਦੋਵੇਂ ਅਧਿਕਾਰੀਆਂ ਵੱਲੋਂ ਆਪਣੇ ਪੱਧਰ ਤੇ ਹੀ ਜਾਰੀ ਕੀਤੇ ਗਏ ਜਿਸ ਦੀ ਉਨ੍ਹਾਂ ਨੇ ਕਿਸੇ ਵੀ ਉੱਚ ਅਧਿਕਾਰੀ ਤੋਂ ਸਹਿਮਤੀ ਜਾਂ ਪ੍ਰਵਾਨਗੀ ਨਹੀਂ ਲਈ। ਉਨ੍ਹਾਂ ਕਿਹਾ ਕਿ ਅਜਿਹੀ ਕਾਰਵਾਈ ਕਰਨ ਵਾਲੇ ਦੋਵਾਂ ਅਧਿਕਾਰੀਆਂ ਨੂੰ ਤੁਰੰਤ ਪ੍ਰਭਾਵ ਤੋਂ ਮੁਅੱਤਲ ਕਰਨ ਦੇ ਆਦੇਸ਼ ਦਿੱਤੇ ਗਏ।
ਸਿੱਖਿਆ ਮੰਤਰੀ ਨੇ ਕਿਹਾ ਕਿ ਇੱਕਵੀਂ ਸਦੀ ਦੇ ਅਜੋਕੇ ਯੁੱਗ ਵਿੱਚ ਜਿਥੇ ਮਹਿਲਾ ਸਸ਼ਕਤੀਕਰਨ ਦੀ ਗੱਲ ਕੀਤੀ ਜਾ ਰਹੀ ਹੈ ਅਤੇ ਔਰਤਾਂ ਹਰ ਖੇਤਰ ਵਿੱਚ ਵੱਡੀਆਂ ਮੱਲ੍ਹਾਂ ਮਾਰ ਰਹੀਆਂ ਹਨ ਉੱਥੇ ਅਜਿਹੀ ਪਿਛਾਂਹ ਖਿੱਚੂ ਸੋਚ ਵਾਲੀ ਮਾਨਸਿਕਤਾ ਨੂੰ ਕਦੇ ਵੀ ਸਹਿਣ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਕਿਸੇ ਵੀ ਅਧਿਕਾਰੀ ਨੂੰ ਅਧਿਆਪਕਾਂ ਅਤੇ ਮਹਿਲਾਵਾਂ ਦੇ ਮਾਨ-ਸਨਮਾਨ ਨੂੰ ਠੇਸ ਪਹੁੰਚਾਉਣ ਦੀ ਆਗਿਆ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਇਸ ਦੇ ਨਾਲ ਹੀ ਵਿਭਾਗ ਦੇ ਅਧਿਕਾਰੀਆਂ ਨੂੰ ਇਹ ਤਾੜਨਾ ਵੀ ਕੀਤੀ ਕਿ ਕੋਈ ਵੀ ਆਦੇਸ਼ ਜਾਂ ਕੋਈ ਵੱਡਾ ਫੈਸਲਾਂ ਆਪਣੇ ਪੱਧਰ ਤੇ ਨਾ ਕੀਤਾ ਜਾਵੇ ਜਿਸ ਨਾਲ ਵਿਭਾਗ ਦਾ ਅਕਸ ਖਰਾਬ ਹੋਵੇ। ਸਿੱਿਖਆ ਮੰਤਰੀ ਨੇ ਡਰੈਸ ਕੋਡ ਵਾਲੀ ਇਸ ਵਿਵਾਦਮਈ ਚਿੱਠੀ ਨੂੰ ਤੁਰੰਤ ਵਾਪਸ ਲੈਣ ਲਈ ਆਦੇਸ਼ ਵੀ ਜਾਰੀ ਕੀਤੇ।















