ਤਿੰਨ ਤਲਾਕ ਖਤਮ ਕਰਨ ਲਈ ਸਰਕਾਰ ਦੀ ਬਿੱਲ ਲਿਆਉਣ ਦੀ ਯੋਜਨਾ

ਨਵੀਂ ਦਿੱਲੀ— ਸੁਪਰੀਮ ਕੋਰਟ ਵੱਲੋਂ ਇਕ ਵਾਰ ‘ਚ ਤਿੰਨ ਤਲਾਕ ਨੂੰ ‘ਗੈਰ-ਕਾਨੂੰਨੀ ਅਤੇ ਗੈਰ-ਸੰਵਿਧਾਨਕ’ ਕਰਾਰ ਦਿੱਤੇ ਜਾਣ ਤੋਂ ਬਾਅਦ ਹੁਣ ਸਰਕਾਰ ਮੁਸਲਿਮ ਸਮਾਜ ਦੀ ਇਸ ਪ੍ਰਥਾ ਨੂੰ ਪੂਰੀ ਤਰ੍ਹਾਂ ਨਾਲ ਖਤਮ ਕਰਨ ਲਈ ਸੰਸਦ ਦੇ ਆਉਣ ਵਾਲੇ ਸੈਸ਼ਨ ‘ਚ ਬਿੱਲ ਲਿਆਉਣ ‘ਤੇ ਵਿਚਾਰ ਕਰ ਰਹੀ ਹੈ ਅਤੇ ਇਸ ਸੰਦਰਭ ‘ਚ ਮੰਤਰੀ ਪੱਧਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ। ਅਧਿਕਾਰਤ ਸੂਤਰਾਂ ਨੇ ਦੱਸਿਆ,”ਸੁਪਰੀਮ ਕੋਰਟ ਦੇ ਆਦੇਸ਼ ਨੂੰ ਪ੍ਰਭਾਵੀ ਬਣਾਉਣ ਲਈ ਸਰਕਾਰ ਇਸ ਮਾਮਲੇ ਨੂੰ ਅੱਗੇ ਵਧਾ ਰਹੀ ਹੈ ਅਤੇ ਇਕ ਉੱਚਿਤ ਬਿੱਲ ਲਿਆਉਣ ਅਤੇ ਮੌਜੂਦਾ ਸਜ਼ਾ ਵਿਵਸਥਾਵਾਂ ‘ਚ ਸੋਧ ਕਰਨ ‘ਤੇ ਵਿਚਾਰ ਕਰ ਰਹੀ ਹੈ, ਜਿਸ ਨਾਲ ਇਕ ਵਾਰ ‘ਚ ਤਿੰਨ ਤਲਾਕ ਕਹਿਣਾ ਅਪਰਾਧ ਮੰਨਿਆ ਜਾਵੇਗਾ।”
ਸੂਤਰਾਂ ਨੇ ਕਿਹਾ ਕਿ ਬਿੱਲ ਤਿਆਰ ਕਰਨ ਲਈ ਮੰਤਰੀ ਪੱਧਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ ਅਤੇ ਸੰਸਦ ਦੇ ਸਰਦ ਰੁੱਤ ਸੈਸ਼ਨ ‘ਚ ਬਿੱਲ ਲਿਆਉਣ ਦੀ ਤਿਆਰੀ ਹੈ। ਜ਼ਿਕਰਯੋਗ ਹੈ ਕਿ ਇਸੇ ਸਾਲ 22 ਅਗਸਤ ਨੂੰ ਸੁਪਰੀਮ ਕੋਰਟ ਨੇ ਤਿੰਨ ਤਲਾਕ ਨੂੰ ਗੈਰ-ਕਾਨੂੰਨੀ ਅਤੇ ਗੈਰ-ਸੰਵਿਧਾਨਕ ਕਰਾਰ ਦਿੱਤਾ ਸੀ।