ਗੁਰਦਾਸਪੁਰ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਗੁਰਦਾਸਪੁਰ ਵਿੱਚ ਸਰਕਾਰੀ ਮੈਡੀਕਲ ਕਾਲਜ ਅਤੇ ਬਟਾਲਾ ਵਿੱਚ ਨਵੀਂ ਖੰਡ ਮਿੱਲ ਬਣਾਉਣ ਸਮੇਤ ਸਰਹੱਦੀ ਇਲਾਕੇ ਲਈ ਕਈ ਪ੍ਰਾਜੈਕਟਾਂ ਦਾ ਐਲਾਨ ਕੀਤਾ।
ਛੇ ਜ਼ਿਲਿਆਂ ਦੇ 26,998 ਯੋਗ ਕਿਸਾਨਾਂ ਨੂੰ 156.12 ਕਰੋੜ ਰੁਪਏ ਦੇ ਕਰਜ਼ਾ ਰਾਹਤ ਸਰਟੀਫਿਕੇਟ ਵੰਡਣ ਆਏ ਮੁੱਖ ਮੰਤਰੀ ਨੇ ਗੁਰਦਾਸਪੁਰ ਦੇ ਪਨਿਆਰ ਵਿੱਚ ਸਥਿਤ ਸਹਿਕਾਰੀ ਖੰਡ ਮਿੱਲ ਨੂੰ ਅੱਪਗਰੇਡ ਕਰਨ ਦਾ ਐਲਾਨ ਵੀ ਕੀਤਾ।
ਮੁੱਖ ਮੰਤਰੀ ਨੇ ਕਿਹਾ ਕਿ ਅੱਜ 9ਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਉਤਸਵ ਦੇ ਪਵਿੱਤਰ ਮੌਕੇ ਕਰਜ਼ਾ ਰਾਹਤ ਦੇ ਸਰਟੀਫਿਕੇਟ ਵੰਡੇ ਜਾ ਰਹੇ ਹਨ। ਉਨਾ ਕਿਹਾ ਕਿ ਬੇਜ਼ਮੀਨੇ ਖੇਤ ਮਜ਼ਦੂਰਾਂ ਨੂੰ ਮੌਜੂਦਾ ਖੇਤੀ ਸੰਕਟ ਵਿੱਚੋਂ ਕੱਢਣ ਲਈ 50 ਹਜ਼ਾਰ ਰੁਪਏ ਦੀ ਮਾਲੀ ਸਹਾਇਤਾ ਦੇਣ ਦਾ ਵੀ ਫ਼ੈਸਲਾ ਕੀਤਾ ਗਿਆ ਹੈ।
ਗੁਰਦਾਸਪੁਰ ਤੋਂ ਸੰਸਦ ਮੈਂਬਰ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਵੱਲੋਂ ਕੀਤੀ ਮੰਗ ਉਤੇ ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਬਿਹਤਰੀਨ ਸਿਹਤ ਸੇਵਾਵਾਂ ਮੁਹੱਈਆ ਕਰਾਉਣ ਲਈ ਗੁਰਦਾਸਪੁਰ ਵਿੱਚ ਮੈਡੀਕਲ ਕਾਲਜ ਖੋਲਣ ਲਈ ਬਜਟ ਵਿੱਚ ਪਹਿਲਾਂ ਹੀ ਪ੍ਰਬੰਧ ਕੀਤਾ ਗਿਆ ਹੈ। ਉਨਾਂ ਨੇ ਸ੍ਰੀ ਜਾਖੜ ਨੂੰ ਇਸ ਪ੍ਰਸਤਾਵਤ ਮੈਡੀਕਲ ਕਾਲਜ ਲਈ ਸਥਾਨਕ ਵਿਧਾਇਕ ਨਾਲ ਸਲਾਹ ਕਰਕੇ ਢੁਕਵੀਂ ਜਗਾ ਦੀ ਸ਼ਨਾਖਤ ਕਰਨ ਲਈ ਕਿਹਾ ਹੈ।
ਇਸ ਸਮਾਗਮ ਦੌਰਾਨ ਮੁੱਖ ਮੰਤਰੀ ਵੱਲੋਂ ਸੰਕੇਤਕ ਤੌਰ ਉਤੇ ਛੇ ਜ਼ਿਲਿਆਂ ਗੁਰਦਾਸਪੁਰ, ਪਠਾਨਕੋਟ, ਅੰਮ੍ਰਿਤਸਰ, ਤਰਨ ਤਾਰਨ, ਸ਼ਹੀਦ ਭਗਤ ਸਿੰਘ ਨਗਰ (ਨਵਾਂ ਸ਼ਹਿਰ) ਅਤੇ ਹੁਸ਼ਿਆਰਪੁਰ ਦੇ ਇਕ ਇਕ ਕਿਸਾਨ ਨੂੰ ਕਰਜ਼ਾ ਮੁਆਫ਼ੀ ਵਾਲੇ ਸਰਟੀਫਿਕੇਟ ਸੌਂਪੇ ਗਏ। ਉਨਾ ਨੇ ਦੱਸਿਆ ਕਿ ਤਿੰਨ ਵੱਖ ਵੱਖ ਗੇੜਾਂ ਵਿੱਚ ਹੁਣ ਤਕ 16 ਜ਼ਿਲਿਆਂ ਮਾਨਸਾ, ਬਠਿੰਡਾ, ਫ਼ਰੀਦਕੋਟ, ਮੁਕਤਸਰ, ਮੋਗਾ, ਫਾਜ਼ਿਲਕਾ, ਫਿਰੋਜ਼ਪੁਰ, ਜਲੰਧਰ, ਕਪੂਰਥਲਾ, ਲੁਧਿਆਣਾ, ਅੰਮ੍ਰਿਤਸਰ, ਤਰਨ ਤਾਰਨ, ਗੁਰਦਾਸਪੁਰ, ਹੁਸ਼ਿਆਰਪੁਰ, ਸ਼ਹੀਦ ਭਗਤ ਸਿੰਘ ਨਗਰ ਅਤੇ ਪਠਾਨਕੋਟ ਦੇ ਤਕਰੀਬਨ 1.02 ਲੱਖ ਕਿਸਾਨਾਂ ਨੂੰ 457 ਕਰੋੜ ਰੁਪਏ ਦੀ ਕਰਜ਼ਾ ਰਾਹਤ ਦਿੱਤੀ ਜਾ ਚੁੱਕੀ ਹੈ।
ਮੁੱਖ ਮੰਤਰੀ ਨੇ ਦੱਸਿਆ ਕਿ ਸਹਿਕਾਰੀ ਕਰਜ਼ਿਆਂ ਦੇ ਨਿਬੇੜੇ ਬਾਅਦ ਸੂਬਾਈ ਸਰਕਾਰ ਵੱਲੋਂ ਜਲਦੀ ਕਮਰਸ਼ੀਅਲ ਬੈਂਕਾਂ ਦੇ ਖੇਤੀ ਕਰਜ਼ੇ ਮੁਆਫ਼ ਕਰਨ ਦਾ ਕੰਮ ਵਿੱਢਿਆ ਜਾਵੇਗਾ, ਜੋ ਇਸ ਸਾਲ ਦੇ ਅੰਤ ਤਕ ਮੁਕੰਮਲ ਹੋ ਜਾਵੇਗਾ।
ਮੁੱਖ ਮੰਤਰੀ ਨੇ ਦੱਸਿਆ ਕਿ ਸੂਬੇ ਨੂੰ ਵੱਡੇ ਵਿੱਤੀ ਸੰਕਟ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਪਰ ਫਿਰ ਵੀ ਉਨਾ ਦੀ ਸਰਕਾਰ ਵੱਲੋਂ ਕਿਸਾਨਾਂ ਨੂੰ ਹੋਰ ਰਾਜਾਂ ਮੁਕਾਬਲੇ ਦੇਸ਼ ਵਿੱਚੋਂ ਸਭ ਤੋਂ ਵੱਧ ਦੋ ਲੱਖ ਰੁਪਏ ਤਕ ਦੀ ਕਰਜ਼ਾ ਰਾਹਤ ਦਿੱਤੀ ਜਾ ਰਹੀ ਹੈ। ਉਨਾ ਕਿਹਾ ਕਿ ਉੱਤਰ ਪ੍ਰਦੇਸ਼ ਸਰਕਾਰ ਵੱਲੋਂ ਇਕ ਲੱਖ ਰੁਪਏ ਅਤੇ ਰਾਜਸਥਾਨ, ਮੱਧ ਪ੍ਰਦੇਸ਼ ਤੇ ਮਹਾਰਾਸ਼ਟਰ ਵੱਲੋਂ ਮਹਿਜ਼ 50 ਹਜ਼ਾਰ ਰੁਪਏ ਦੀ ਰਾਹਤ ਹੀ ਦਿੱਤੀ ਜਾ ਰਹੀ ਹੈ।
ਸ੍ਰੀ ਜਾਖੜ ਵੱਲੋਂ ਸੰਸਦ ਦੀ ਕਾਰਵਾਈ ‘ਚ ਖੜੋਤ ਬਾਰੇ ਉਠਾਏ ਮੁੱਦੇ ਉੱਤੇ ਮੁੱਖ ਮੰਤਰੀ ਨੇ ਚਿੰਤਾ ਜ਼ਾਹਿਰ ਕੀਤੀ ਅਤੇ ਇੱਕ ਮੀਡੀਆ ਰਿਪੋਰਟ ਦੇ ਹਵਾਲੇ ਨਾਲ ਦੱਸਿਆ ਕਿ ਸੰਸਦ ਦੀ ਕਾਰਵਾਈ ‘ਤੇ ਰੋਜ਼ਾਨਾ 9 ਕਰੋੜ ਰੁਪਏ ਖਰਚ ਹੁੰਦੇ ਹਨ ਅਤੇ ਇਸ ਖੜੋਤ ਕਾਰਨ ਹੁਣ ਤੱਕ ਤਕਰੀਬਨ 190 ਕਰੋੜ ਰੁਪਏ ਖੂਹ ਖਾਤੇ ਪੈ ਗਏ ਹਨ। ਉਨਾਂ ਨੇ ਪੰਜਾਬ ਵਿਧਾਨ ਸਭਾ ਦੀ ਕਾਰਵਾਈ ਵਿਚ ਵਿਘਨ ਪਾਉਣ ਦੀ ਕੋਸ਼ਿਸ਼ ਕਰਨ ਲਈ ਵਿਰੋਧੀ ਧਿਰ, ਅਕਾਲੀ ਦਲ ਅਤੇ ਆਮ ਆਦਮੀ ਪਾਰਟੀ, ਦੀ ਆਲੋਚਨਾ ਕੀਤੀ ਅਤੇ ਕਾਂਗਰਸੀ ਵਿਧਾਇਕਾਂ ਦੀ ਸੂਬੇ ਦੀ ਭਲਾਈ ਹਿੱਤ ਬਜਟ ਸੈਸ਼ਨ ਦੀ ਕਾਰਵਾਈ ਨੂੰ ਸੁਚਾਰੂ ਬਣਾਉਣ ਲਈ ਸ਼ਲਾਘਾ ਕੀਤੀ।
ਇਸ ਤੋਂ ਪਹਿਲਾਂ ਗੁਰਦਾਸਪੁਰ ਤੋਂ ਲੋਕ ਸਭਾ ਮੈਂਬਰ ਸੁਨੀਲ ਜਾਖੜ ਨੇ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਵਿਖੇ ਲੰਗਰ ‘ਤੇ ਲੱਗੇ ਜੀ.ਐਸ.ਟੀ ਅਤੇ ਇਰਾਕ ਵਿਚ ਮਾਰੇ ਗਏ ਪੰਜਾਬੀਆਂ ਲਈ ਮੁਆਵਜ਼ਾ ਦੇਣ ਦੇ ਮੁੱਦੇ ‘ਤੇ ਕੇਂਦਰ ਸਰਕਾਰ ਦੀ ਤਿੱਖੀ ਆਲੋਚਨਾ ਕੀਤੀ। ਉਨਾਂ ਮੋਦੀ ਸਰਕਾਰ ਵਲੋਂ ਐਸ.ਸੀ ਵਰਗਾਂ ਦੇ ਹਿੱਤਾਂ ਦੀ ਰਾਖੀ ਕਰਨ ਵਿਚ ਨਾਕਾਮ ਰਹਿਣ ‘ਤੇ ਵਰਦਿਆਂ ਕਿਹਾ ਕਿ ਪੋਸਟ ਮੈਟਰਿਕ ਸਕਾਲਰਸ਼ਿਪ ਸਕੀਮ ਤਹਿਤ 10 ਪ੍ਰਤੀਸ਼ਤ ਬਜਟ ਘੱਟ ਕਰਕੇ ਕੇਂਦਰ ਸਰਕਾਰ ਨੇ ਆਪਣਾ ਅਸਲੀ ਚਿਹਰਾ ਦਿਖਾ ਦਿੱਤਾ ਹੈ। ਉਨਾਂ ਅੱਗੇ ਕਿਹਾ ਕਿ ਉਨਾਂ ਨੇ ਹਮੇਸ਼ਾ ਸੰਸਦ ਵਿਚ ਕਿਸਾਨੀ ਹਿੱਤਾਂ ਲਈ ਆਵਾਜ਼ ਬੁਲੰਦ ਕੀਤੀ ਹੈ ਅਤੇ ਭਲਕੇ ਮੁੜ ਸੰਸਦ ਵਿਚ ਕਿਸਾਨੀ ਮੁੱਦੇ ਉਠਾਉਣਗੇ।
ਸ੍ਰੀ ਜਾਖੜ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਵੰਗਾਰਿਆ ਕਿ ਕਰਜ਼ਾ ਮੁਆਫੀ ਸਮੇਤ ਕਿਸਾਨਾਂ ਦੇ ਹੋਰ ਮੁੱਦਿਆਂ ਲਈ ਉਹ ਮੇਰੇ ਨਾਲ ਪਠਾਨਕੋਟ ਤੋਂ ਦਿੱਲੀ ਤੱਕ ਪਦ ਯਾਤਰਾ ਕਰਨ। ਉਨਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਕਿਸਾਨਾਂ ਦੇ ਦੁੱਖ ਤਕਲੀਫ ਸਮਝਦੇ ਹਨ ਅਤੇ ਉਨਾਂ ਨੇ ਕਿਸਾਨਾਂ ਦਾ ਦੋ ਲੱਖ ਰੁਪਏ ਤਕ ਦਾ ਕਰਜ਼ਾ ਮੁਆਫ ਕੀਤਾ ਹੈ ਜਦੋਂ ਕਿ ਅਕਾਲੀਆਂ ਨੇ ਹਮੇਸ਼ਾ ਝੂਠੇ ਵਾਅਦਿਆਂ ਨਾਲ ਕਿਸਾਨਾਂ ਦਾ ਸ਼ੋਸ਼ਣ ਕੀਤਾ ਹੈ।
ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਮੰਡੀ ਬੋਰਡ ਦੇ ਸਾਬਕਾ ਚੇਅਰਮੈਨ ਅਜਮੇਰ ਸਿੰਘ ਲੱਖੋਵਾਲ ਨੂੰ ਲੰਮੇ ਹੱਥੀਂ ਲੈਂਦਿਆਂ ਕਿਹਾ ਕਿ ਉਸ ਨੇ ਹਮੇਸ਼ਾ ਕਿਸਾਨੀ ਦੇ ਨਾਂ ‘ਤੇ ਆਪਣੀ ਰੋਟੀਆਂ ਸੇਕੀਆਂ ਹਨ ਤੇ ਕਿਸਾਨਾਂ ਦੇ ਹਿੱਤਾਂ ਦੀ ਹਮੇਸ਼ਾ ਅਣਦੇਖੀ ਕੀਤੀ ਹੈ। ਉਨਾਂ ਕਿਹਾ ਕਿ ਉਹ ਪੰਚਾਇਤੀ ਵਿਭਾਗ ਵਿਚ ਪਾਰਦਰਸ਼ਤਾ ਲਿਆਉਣ ਲਈ ਵਚਨਬੱਧ ਹਨ।
ਸਿੱਖਿਆ ਮੰਤਰੀ ਸ੍ਰੀਮਤੀ ਅਰੁਣਾ ਚੌਧਰੀ ਨੇ ਕਿਹਾ ਕਿ ਪਿਛਲੀ ਸਰਕਾਰ ਨੇ ਆਪਣੇ 10 ਸਾਲਾਂ ਦੇ ਕਾਰਜਕਾਲ ਵਿਚ ਸੂਬੇ ਨੂੰ ਪੂਰੀ ਤਰਾਂ ਲੁੱਟਿਆ ਤੇ ਕੁੱਟਿਆ ਹੈ ਤੇ ਆਪਣੇ ਵਿਕਾਸ ਲਈ ਰਾਜਨੀਤੀ ਕੀਤੀ। ਪਰ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਸੂਬਾ ਸਰਕਾਰ ਨੇ ਹਰੇਕ ਵਰਗ ਦੀ ਬਾਂਹ ਫੜੀ ਅਤੇ ਕਿਸਾਨਾਂ ਦੀ ਬਿਹਤਰੀ ਲਈ ਵੱਡੇ ਇਤਿਹਾਸਕ ਫੈਸਲੇ ਕੀਤੇ ਹਨ।
ਡੇਰਾ ਬਾਬਾ ਨਾਨਕ ਤੋਂ ਵਿਧਾਇਕ ਸੁਖਜਿੰਦਰ ਸਿੰਘ ਰੰਧਾਵਾ ਨੇ ਮੁੱਖ ਮੰਤਰੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨਾਂ ਨੇ ਹਮੇਸ਼ਾ ਕਿਸਾਨਾਂ ਦੇ ਹਿੱਤਾਂ ਦੀ ਗੱਲ ਕੀਤੀ ਹੈ ਅਤੇ ਸਰਹੱਦੀ ਖੇਤਰ ਅੰਦਰ ਰਹਿੰਦੇ ਲੋਕਾਂ ਦੀਆਂ ਮੁਸ਼ਕਿਲਾਂ ਤੋਂ ਭਲੀ ਭਾਤ ਜਾਣੂ ਹਨ। ਉਨਾਂ ਅਕਾਲੀਆਂ ‘ਤੇ ਵਰਦਿਆਂ ਕਿਹਾ ਕਿ ਇਨਾਂ ਨੇ ਹਮੇਸ਼ਾ ਸੱਤਾ ਲਈ ਕਿਸਾਨਾਂ ਨੂੰ ਵਰਤਿਆ ਹੈ ਅਤੇ ਅਕਾਲੀ ਸਰਕਾਰ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਨੂੰ ਲਾਗੂ ਕਰਨ ਵਿਚ ਵੀ ਨਾਕਾਮ ਰਹੀ ਹੈ।
ਵਿਧਾਇਕ ਗੁਰਦਾਸਪੁਰ ਸ੍ਰੀ ਬਰਿੰਦਰਮੀਤ ਸਿੰਘ ਪਾਹੜਾ ਨੇ ਕਿਹਾ ਕਿ ਅਕਾਲੀ ਦਲ ਨੇ ਪੰਜਾਬ ਨੂੰ ਆਰਥਿਕ ਸੰਕਟ ਵਿਚ ਧਕੇਲਣ ਵਿਚ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਤੇ ਸੂਬੇ ਨੂੰ ਵਿੱਤੀ ਸੰਕਟ ਵਿਚ ਪਾਇਆ ਪਰ ਕੈਪਟਨ ਅਮਰਿੰਦਰ ਸਿੰਘ ਦੀ ਦੂਰ ਅੰਦੇਸ਼ੀ ਤੇ ਸੁਚੱਜੀ ਅਗਵਾਈ ਹੇਠ ਪੰਜਾਬ ਅਗਾਂਹ ਵੱਧ ਰਿਹਾ ਹੈ ਅਤੇ ਕੈਪਟਨ ਸਰਕਾਰ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕਰੇਗੀ। ਇਸ ਮੌਕੇ ਵਿਧਾਇਕ ਸ੍ਰੀ ਫਤਿਹਜੰਗ ਸਿੰਘ ਬਾਜਵਾ ਨੇ ਕਿਹਾ ਕਿ ਕੈਪਟਨ ਸਰਕਾਰ ਹੀ ਕਿਸਾਨਾਂ ਦੀ ਹਮਦਰਦ ਸਰਕਾਰ ਹੈ ਅਤੇ ਕਾਂਗਰਸ ਸਰਕਾਰ ਵੇਲੇ ਹੀ ਸੂਬਾ ਤਰੱਕੀ ਦੀ ਮੰਜ਼ਲਾਂ ਵੱਲ ਅੱਗੇ ਵਧਿਆ ਹੈ।
ਇਸ ਮੌਕੇ ਵਿਧਾਇਕ ਬਲਵਿੰਦਰ ਸਿੰਘ ਲਾਡੀ, ਵਿਧਾਇਕ ਅਰੁਣ ਡੋਗਰਾ, ਵਿਧਾਇਕ ਸੁੰਦਰ ਸ਼ਾਮ ਅਰੋੜਾ, ਵਿਧਾਇਕ ਡਾ. ਰਾਜ ਕੁਮਾਰ ਚੱਬੇਵਾਲ, ਵਿਧਾਇਕ ਰਜਨੀਸ਼ ਕੁਮਾਰ ਬੱਬੀ, ਵਿਧਾਇਕ ਸੰਗਤ ਸਿੰਘ ਗਿਲਜ਼ੀਆਂ, ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ, ਵਿਧਾਇਕ ਰਾਜ ਕੁਮਾਰ ਵੇਰਕਾ, ਵਿਧਾਇਕ ਤਰਸੇਮ ਸਿੰਘ, ਵਿਧਾਇਕ ਸੁਖਬਿੰਦਰ ਸਿੰਘ ਸੁਖ ਸਰਕਾਰੀਆ, ਵਿਧਾਇਕ ਧਰਮਵੀਰ ਅਗਨੀਹੋਤਰੀ, ਸਾਬਕਾ ਮੰਤਰੀ ਅਸ਼ਵਨੀ ਸੇਖੜੀ ਅਤੇ ਗੁਰਚੇਤ ਸਿੰਘ ਭੁੱਲਰ, ਜ਼ਿਲਾ ਪ੍ਰਧਾਨ ਕਾਂਗਰਸ ਸ੍ਰੀ ਅਸ਼ੋਕ ਚੌਧਰੀ ਅਤੇ ਕਾਂਗਰਸ ਪ੍ਰਧਾਨ ਅੰਮ੍ਰਿਤਸਰ ਦਿਹਾਤੀ ਭਗਵੰਤ ਪਾਲ ਸਿੰਘ ਸੱਚਰ ਹਾਜ਼ਰ ਸਨ।















