ਡਾਇਰੈਕਟਰ ਭਲਾਈ ਪੰਜਾਬ ਐਸ.ਸੀ. ਕਮਿਸ਼ਨ ਅੱਗੇ ਪੇਸ਼

7ਚੰਡੀਗੜ੍ਹ :  ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਨੇ ਡਾਇਰੈਕਟਰ ਭਲਾਈ ਵਿਭਾਗ ਨੂੰ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ ਬਕਾਇਆ ਰਾਸ਼ੀ ਤੁਰੰਤ ਜਾਰੀ ਕਰਨ ਦੇ ਆਦੇਸ਼ ਦਿੱਤੇ ਹਨ।
ਇਹ ਜਾਣਕਾਰੀ ਦਿੰਦਿਆਂ ਪੰਜਾਬ ਐਸ.ਸੀ. ਕਮਿਸ਼ਨ ਦੇ ਚੇਅਰਮੈਨ ਸ੍ਰੀ ਰਾਜੇਸ਼ ਬਾਘਾ ਨੇ ਦੱਸਿਆ ਕਿ ਅਨੁਸੂਚਿਤ ਜਾਤੀ ਵਿਦਿਆਰਥੀਆਂ ਨਾਲ ਸਬੰਧਤ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਨਾਲ ਸਬੰਧਤ ਮਾਮਲਿਆਂ ਸਬੰਧੀ ਡਾਇਰੈਕਟਰ ਭਲਾਈ ਵਿਭਾਗ ਸ੍ਰੀਮਤੀ ਬਿੰਦੂ ਵਾਲੀਆ ਕਮਿਸ਼ਨ ਸਨਮੁੱਖ ਪੇਸ਼ ਹੋਏ। ਉਨ੍ਹਾਂ ਦੱਸਿਆ ਕਿ ਕਮਿਸ਼ਨ ਨੇ ਵਿਭਾਗ ਨੂੰ ਅਨੁਸੂਚਿਤ ਜਾਤੀ ਵਿਦਿਆਰਥੀਆਂ ਦੀ ਭਲਾਈ ਹਿੱਤ ਚੱਲ ਰਹੀ ਇਸ ਸਕੀਮ ਦੀ ਬਕਾਇਆ ਰਾਸ਼ੀ ਤੁਰੰਤ ਜਾਰੀ ਕਰਨ ਦੇ ਆਦੇਸ਼ ਦਿੱਤੇ ਹਨ।
ਸ੍ਰੀ ਬਾਘਾ ਨੇ ਦੱਸਿਆ ਕਿ ਡਾਇਰੈਕਟਰ ਭਲਾਈ ਵਿਭਾਗ ਨੇ ਕਮਿਸ਼ਨ ਨੂੰ ਜਾਣਕਾਰੀ ਦਿੱਤੀ ਕਿ ਕੇਂਦਰ ਸਰਕਾਰ ਵਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਦੀ ਰਾਸ਼ੀ ਲਈ 80 ਕਰੋੜ ਰੁਪਏ ਜਾਰੀ ਕੀਤੇ ਜਾ ਚੁੱਕੇ ਹਨ ਅਤੇ ਛੇਤੀ ਹੀ ਸਬੰਧਤ ਕਾਲਜਾਂ ਨੂੰ ਬਣਦਾ ਭੁਗਤਾਨ ਕਰ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਪਿਛਲੇ ਵਰ੍ਹੇ 3 ਲੱਖ 5 ਹਜ਼ਾਰ ਵਿਦਿਆਰਥੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਦਾ ਲਾਭ ਲੈ ਰਹੇ ਜਦਕਿ ਚਾਲੂ ਸਾਲ ਇਹ ਗਿਣਤੀ ਵਧ ਕੇ 3 ਲੱਖ 15 ਹਜ਼ਾਰ ਹੋ ਚੁੱਕੀ ਹੈ।
ਸ੍ਰੀ ਬਾਘਾ ਨੇ ਅੱਗੇ ਦੱਸਿਆ ਕਿ ਕਈ ਕਾਲਜਾਂ ਵਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਸਬੰਧੀ ਡੁਪਲੀਕੇਸੀ ਸਾਹਮਣੇ ਆਈ ਹੈ ਅਤੇ ਦੋਸ਼ੀ ਕਾਲਜਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਲਈ ਕਿਹਾ ਗਿਆ ਹੈ। ਉਨ੍ਹਾਂ ਦੱਸਿਆ ਕਿ ਭਲਾਈ ਵਿਭਾਗ ਨੂੰ ਸੂਬੇ ਦੇ ਸਮੁੱਚੇ ਕਾਲਜਾਂ ਨੂੰ ਇੱਕ ਪੱਤਰ ਲਿਖਣ ਦੇ ਨਿਰਦੇਸ਼ ਵੀ ਦਿੱਤੇ ਗਏ ਹਨ, ਜਿਸ ‘ਚ ਐਸ.ਸੀ. ਵਿਦਿਆਰਥੀਆਂ ਨੂੰ ਬਿਨ੍ਹਾਂ ਤੰਗ ਪ੍ਰੇਸ਼ਾਨ ਕੀਤਿਆਂ ਸਕੀਮ ਦਾ ਬਣਦਾ ਲਾਭ ਦੇਣ ਦੀਆਂ ਹਦਾਇਤਾਂ ਦੇਣ ਲਈ ਕਿਹਾ ਗਿਆ ਹੈ। ਉਨ੍ਹਾਂ ਦੱਸਿਆ ਕਿ ਭਲਾਈ ਵਿਭਾਗ ਦੁਆਰਾ ਸੂਬੇ ਭਰ ‘ਚ ਆਊਟ ਸੋਰਸਿਜ ਅਧੀਨ ਰੱਖੇ ਕਰਮਚਾਰੀਆਂ ਦੀ ਤਨਖਾਹ ਸਮੇਂ ਸਿਰ ਤੇ ਸਬੰਧਤਾਂ ਦੇ ਖਾਤਿਆਂ ‘ਚ ਭੇਜਣ ਦੀਆਂ ਹਦਾਇਤਾਂ ਵੀ ਦਿੱਤੀਆਂ ਗਈਆਂ ਹਨ।