ਚੰਡੀਗੜ : ਸੂਬੇ ਵਿੱਚ ਫੂਡ ਪ੍ਰੋਸੈਸਿੰਗ ਦੇ ਖੇਤਰ ‘ਚ ਇੱਕ ਸ਼ਾਨਦਾਰ ਕ੍ਰਾਂਤੀ ਲਿਆਉਣ ਦਾ ਸੱਦਾ ਦਿੰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰਾਲੇ ਕੋਲੋ ਇਸ ਨਿਸ਼ਾਨੇ ਦੀ ਪ੍ਰਾਪਤੀ ਲਈ ‘ਵਿਆਪਕ ਕਾਰਜ ਯੋਜਨਾ’ ਤਿਆਰ ਕਰਨ ਵਾਸਤੇ ਸਹਿਯੋਗ ਦੀ ਮੰਗ ਕੀਤੀ ਹੈ।
ਅੱਜ ਸਵੇਰੇ ਪੰਜਾਬ ਭਵਨ ਵਿਖੇ ਕੇਂਦਰੀ ਫੂਡ ਪ੍ਰੋਸੈਸਿੰਗ ਦੀ ਇੱਕ ਉੱਚ ਪੱਧਰੀ ਟੀਮ ਨਾਲ ਵਿਚਾਰ ਵਟਾਂਦਰਾ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਮੰਤਰਾਲੇ ਨੂੰ ਪੰਜਾਬ ਸਰਕਾਰ ਦੇ ਨਾਲ ਮਿਲ ਕੇ ਇੱਕ ਮਹੀਨੇ ਦੇ ਅੰਦਰ ਇਹ ਵਕਾਰੀ ਯੋਜਨਾ ਤਿਆਰ ਕਰਨੀ ਚਾਹੀਦੀ ਹੈ ਤਾਂ ਜੋ ਸੂਬੇ ‘ਚ ਫੂਡ ਪ੍ਰੋਸੈਸਿੰਗ ਸੈਕਟਰ ਨੂੰ ਵੱਡੇ ਪੱਧਰ ‘ਤੇ ਹੁਲਾਰਾ ਦਿੱਤਾ ਜਾ ਸਕੇ। ਉਨ•ਾਂ ਕਿਹਾ ਕਿ ਸੂਬੇ ਦੇ ਸਖ਼ਤ ਮਿਹਨਤੀ ਕਿਸਾਨਾਂ ਨੇ ਦੇਸ਼ ਵਿੱਚ ਹਰੀ, ਚਿੱਟੀ ਅਤੇ ਨੀਲੀ ਕ੍ਰਾਂਤੀ ਲਿਆਉਣ ਲਈ ਅਗਵਾਈ ਕੀਤੀ ਹੈ ਅਤੇ ਹੁਣ ਅਹਿਮ ਮੌਕਾ ਹੈ ਜਦੋਂ ਫੂਡ ਪ੍ਰੋਸੈਸਿੰਗ ਦੇ ਸੈਕਟਰ ਵਿੱਚ ਉਹਨਾਂ ਦੀ ਉਦਮੀ ਸੁਭਾਅ ਨੂੰ ਉਪਯੋਗ ਵਿੱਚ ਲਿਆਂਦਾ ਜਾਏ। ਸ. ਬਾਦਲ ਨੇ ਕਿਹਾ ਕਿ ਸੂਬੇ ‘ਚ ਫੂਡ ਪ੍ਰੋਸੈਸਿੰਗ ਸੈਕਟਰ ‘ਚ ਵੱਡੀਆਂ ਸੰਭਾਵਨਾਵਾਂ ਹਨ ਜਿਨ•ਾਂ ਨੂੰ ਪੰਜਾਬੀ ਕਿਸਾਨਾਂ ਦੀ ਤਕਦੀਰ ਬਦਲਣ ਲਈ ਵਰਤਿਆ ਜਾ ਸਕਦਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬੀ ਕਿਸਾਨਾਂ ਨੇ ਆਪਣੀ ਸਖ਼ਤ ਮਿਹਨਤ ਦੇ ਨਾਲ ਸੂਬੇ ਨੂੰ ਅਨਾਜ ਉਤਪਾਦਨ, ਦੁੱਧ ਅਤੇ ਮੱਛੀ ਉਤਪਾਦਨ ਵਿੱਚ ਮੋਹਰੀ ਬਣਾਇਆ ਹੈ ਪਰ ਉਨਾਂ ਨੇ ਇਸ ਦੇ ਨਾਲ ਹੀ ਆਖਿਆ ਕਿ ਇਨ•ਾਂ ਦਾ ਉਤਪਾਦਨ ਆਪਣੇ ਅੰਤਿਮ ਬਿੰਦੂ ‘ਤੇ ਪਹੁੰਚ ਚੁੱਕਾ ਹੈ ਜਿਸ ਦੇ ਕਾਰਨ ਸੂਬੇ ਦੇ ਕਿਸਾਨ ਦੋਰਾਹੇ ‘ਤੇ ਪਹੁੰਚ ਗਏ ਹਨ। ਸ. ਬਾਦਲ ਨੇ ਕਿਹਾ ਕਿ ਇਸ ਸਥਿਤੀ ਵਿੱਚ ਖੁਰਾਕੀ ਅਨਾਜ, ਮੀਟ, ਮੱਛੀ, ਦੁੱਧ, ਫਲਾਂ, ਸਬਜ਼ਿਆਂ ਅਤੇ ਹੋਰਨਾਂ ਵਸਤਾਂ ਦੀ ਪ੍ਰੋਸੈਸਿੰਗ ਸੂਬੇ ਦੇ ਕਿਸਾਨਾਂ ਦੀ ਆਮਦਨ ‘ਚ ਵਾਧਾ ਕਰ ਸਕਦੀ ਹੈ। ਉਨ•ਾਂ ਕਿਹਾ ਕਿ ਉਹਨਾਂ ਨੂੰ ਦ੍ਰਿੜ ਵਿਸਵਾਸ਼ ਹੈ ਕਿ ਫੂਡ ਪ੍ਰੋਸੈਸਿੰਗ ਕਿਸਾਨਾਂ ਨੂੰ ਦਰਪੇਸ਼ ਸਾਰੀਆਂ ਸਮੱਸਿਆਵਾਂ ਦਾ ਨਿਪਟਾਰਾ ਕਰ ਦੇਵੇਗੀ।
ਮੁੱਖ ਮੰਤਰੀ ਨੇ ਕੇਂਦਰੀ ਫੂਡ ਪ੍ਰੋਸੈਸਿੰਗ ਦੇ ਨੁਮਾਇੰਦਿਆਂ ਨੂੰ ਆਖਿਆ ਕਿ ਉਹ ਸੂਬੇ ਭਰ ਵਿੱਚ ਕਿਸਾਨਾਂ ਨੂੰ ਫੂਡ ਪ੍ਰੋਸੈਸਿੰਗ ਵਾਸਤੇ ਉਤਸ਼ਾਹਿਤ ਕਰਨ ਲਈ ਪ੍ਰਦਰਸ਼ਨੀ-ਕਮ-ਸਿਖਲਾਈ ਕੇਂਦਰ ਖੋਲ•ਣ। ਉਹਨਾਂ ਕਿਹਾ ਕਿ ਅਤਿ ਆਧੁਨਿਕ ਤਕਨਾਲੌਜੀ ਦੇ ਨਾਲ ਲੈਸ ਅਤਿ-ਆਧੁਨਿਕ ਕੇਂਦਰ ਇੱਥੋਂ ਦੇ ਕਿਸਾਨਾਂ ਲਈ ਚਾਨਣ ਮੁਨਾਰੇ ਵਜੋਂ ਕੰਮ ਕਰਨਗੇ ਅਤੇ ਸੂਬੇ ਵਿੱਚ ਫੂਡ ਪ੍ਰੋਸੈਸਿੰਗ ਨੂੰ ਇੱਕ ਅਵਾਮੀ ਲਹਿਰ ਬਨਾਉਣਗੇ। ਇਸੇ ਤਰ•ਾਂ ਹੀ ਸ. ਬਾਦਲ ਨੇ ਆਖਿਆ ਕਿ ਇਹਨਾਂ ਕੇਂਦਰਾਂ ਵਿੱਚ ਕਿਸਾਨਾਂ ਨੂੰ ਸਿਖਲਾਈ ਦੇ ਕੇ ਉਹਨਾਂ ਦੀ ਮਦਦ ਕੀਤੀ ਜਾ ਸਕਦੀ ਹੈ।
ਮੁੱਖ ਮੰਤਰੀ ਨੇ ਫੂਡ ਪ੍ਰੋਸੈਸਿੰਗ ਦੇ ਕਈ ਕੋਰਸ ਚਲਾਉਣ ਲਈ ਗੁਰੂ ਅੰਗਦ ਦੇਵ ਵੈਟਨਰੀ ਐਂਡ ਐਨੀਮਲ ਸਾਇੰਸਜ਼ ਯੂਨੀਵਰਸਿਟੀ ਅਤੇ ਨੈਸ਼ਨਲ ਇੰਸਟੀਚਿਊਟ ਆਫ ਫੂਡ ਟੈਕਨੋਲੌਜੀ ਇੰਟਰਪ੍ਰਨਿਓਰਸ਼ਿਪ ਐਂਡ ਮੈਨੇਜਮੈਂਟ (ਐਨ.ਆਈ.ਐਫ.ਟੀ.ਈ.ਐਮ) ਵਿੱਚ ਸਮਝੌਤੇ ਲਈ ਸਹਿਮਤੀ ਦੇ ਦਿੱਤੀ ਹੈ। ਸ. ਬਾਦਲ ਨੇ ਐਨ.ਆਈ.ਐਫ.ਟੀ.ਈ.ਐਮ ਨੂੰ ਆਖਿਆ ਕਿ ਉਹ ਸੂਬੇ ‘ਚ ਫੂਡ ਪ੍ਰੋਸੈਸਿੰਗ ਉਦਯੋਗ ਨੂੰ ਹੁਲਾਰਾ ਦੇਣ ਲਈ ਸਬ ਸੈਂਟਰ ਸਥਾਪਤ ਕਰਨ ਦੀਆਂ ਸੰਭਾਵਨਾਵਾਂ ਦਾ ਪਤਾ ਲਾਵੇ। ਉਨ•ਾਂ ਨੇ ਦੁੱਧ, ਫਲ, ਸਬਜੀਆਂ, ਸ਼ਹਿਦ, ਮੱਛੀ ਅਤੇ ਮੀਟ ਦੀ ਪ੍ਰੋਸੈਸਿੰਗ ਲਈ ਸਿਖਲਾਈ ਸੈਂਟਰ ਸਥਾਪਤ ਕਰਨ ਵਾਸਤੇ ਐਨ.ਆਈ.ਐਫ.ਟੀ.ਈ.ਐਮ ਨੂੰ ਸੂਬੇ ਦਾ ਤਕਨੀਕੀ ਗਿਆਨ ਦਾ ਹਿੱਸੇਦਾਰ ਬਣਨ ਲਈ ਆਖਿਆ।
ਮੁੱਖ ਮੰਤਰੀ ਨੇ ਹੇਠਲੇ ਪੱਧਰ ‘ਤੇ ਕਿਸਾਨਾਂ ਨੂੰ ਸਿਖਲਾਈ ਮੁਹੱਈਆ ਕਰਵਾਉਣ ਦੇ ਵਾਸਤੇ ਫੂਡ ਪ੍ਰੋਸੈਸਿੰਗ ਦੇ ਕੇਂਦਰੀ ਮੰਤਰਾਲੇ ਅਤੇ ਐਨ.ਆਈ.ਐਫ.ਟੀ.ਈ.ਐਮ ਨੂੰ ਪੂਰਨ ਸਹਿਯੋਗ ਅਤੇ ਮਦਦ ਦੇਣ ਦਾ ਭਰੋਸਾ ਦਿਵਾਇਆ ਤਾਂ ਜੋ ਸੂਬੇ ਵਿੱਚ ਫੂਡ ਪ੍ਰੋਸੈਸਿੰਗ ਦੇ ਅਮਲ ਨੂੰ ਤੇਜ ਕੀਤਾ ਜਾ ਸਕੇ। ਮੀਟਿੰਗ ਦੌਰਾਨ ਫੈਸਲਾ ਕੀਤਾ ਗਿਆ ਕਿ ਸੂਬੇ ਭਰ ਵਿੱਚ ਫਰਵਰੀ ਤੋਂ ਨਵੰਬਰ ਤੱਕ 18 ਕਰੋੜ ਰੁਪਏ ਦੀ ਲਾਗਤ ਨਾਲ ਕਿਸਾਨਾਂ ਨੂੰ ਹੁਨਰ ਸਿਖਲਾਈ ਮੁਹੱਈਆ ਕਰਵਾਉਣ ਵਾਸਤੇ ਅਜਿਹੇ 200 ਪ੍ਰੋਗਰਾਮ ਕੀਤੇ ਜਾਣਗੇ।
ਇਸ ਤੋਂ ਪਹਿਲਾਂ ਮੁੱਖ ਮੰਤਰੀ ਦੇ ਸਾਹਮਣੇ ਆਪਣੀ ਪੇਸ਼ਕਾਰੀ ਦੌਰਾਨ ਐਨ.ਆਈ.ਐਫ.ਟੀ.ਈ.ਐਮ ਦੇ ਵਾਇਸ ਚਾਂਸਲਰ ਡਾ. ਅਜੀਤ ਕੁਮਾਰ ਅਤੇ ਵਧੀਕ ਸਕੱਤਰ ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰਾਲਾ ਸ਼੍ਰੀ ਜੇ.ਪੀ. ਮੀਨਾ ਨੇ ਮੁੱਖ ਮੰਤਰੀ ਨੂੰ ਦੱਸਿਆ ਕਿ ਸੂਬੇ ‘ਚ ਫੂਡ ਪ੍ਰੋਸੈਸਿੰਗ ਉਦਯੋਗ ਦੀਆਂ ਵੱਡੀਆਂ ਸੰਭਾਵਨਾਵਾਂ ਹਨ। ਉਨ•ਾਂ ਕਿਹਾ ਕਿ ਦੇਸ਼ ਵਿੱਚ ਕੁਲ 38 ਫੂਡ ਪਾਰਕਾਂ ‘ਚੋਂ ਤਿੰਨ ਪੰਜਾਬ ਵਿੱਚ ਹਨ ਅਤੇ ਇਹ ਗਿਣਤੀ ਸੂਬਾ ਸਰਕਾਰ ਦੀ ਸਰਗਰਮ ਸਹਾਇਤਾ ਦੇ ਨਾਲ ਵਧਾਈ ਜਾ ਸਕਦੀ ਹੈ।
ਇਸ ਮੌਕੇ ਹਾਜ਼ਰ ਹੋਰਨਾਂ ਵਿੱਚ ਪੰਜਾਬ ਦੇ ਫੂਡ ਪ੍ਰੋਸੈਸਿੰਗ ਮੰਤਰੀ ਸ. ਅਦੇਸ਼ ਪ੍ਰਤਾਪ ਸਿੰਘ ਕੈਰੋਂ, ਸਲਾਹਕਾਰ ਪਸ਼ੂ ਪਾਲਣ ਡਾ. ਬੀ.ਕੇ. ਉੱਪਲ, ਵਧੀਕ ਮੁੱਖ ਸਕੱਤਰ ਸ਼੍ਰੀ ਸੁਰੇਸ਼ ਕੁਮਾਰ ਅਤੇ ਸ਼੍ਰੀ ਮਨਦੀਪ ਸਿੰਘ ਸੰਧੂ, ਪ੍ਰਮੁੱਖ ਸਕੱਤਰ ਮੁੱਖ ਮੰਤਰੀ ਸ਼੍ਰੀ ਐਸ.ਕੇ. ਸੰਧੂ, ਵਿਸ਼ੇਸ਼ ਪ੍ਰਮੁੱਖ ਸਕੱਤਰ ਮੁੱਖ ਮੰਤਰੀ ਸ਼੍ਰੀ ਗਗਨਦੀਪ ਸਿੰਘ ਬਰਾੜ, ਸਕੱਤਰ ਫੂਡ ਪ੍ਰੋਸੈਸਿੰਗ ਸ਼੍ਰੀ ਰਾਜ ਕਮਲ ਚੌਧਰੀ, ਪ੍ਰਬੰਧਕੀ ਡਾਇਰੈਕਟਰ ਪੰਜਾਬ ਐਗਰੋ ਸ਼੍ਰੀ ਕਾਹਨ ਸਿੰਘ ਪੰਨੂ, ਪ੍ਰਬੰਧਕੀ ਡਾਇਰੈਕਟਰ ਮਾਰਕਫੈਡ ਸ਼੍ਰੀ ਗੁਰਕਿਰਤ ਕਿਰਪਾਲ ਸਿੰਘ ਅਤੇ ਡਾਇਰੈਕਟਰ ਡੇਅਰੀ ਸ਼੍ਰੀ ਇੰਦਰਜੀਤ ਸਿੰਘ ਸ਼ਾਮਲ ਸਨ।















