ਸੁਪਰੀਮ ਕੋਰਟ ਵੱਲੋਂ ਕੇਂਦਰ ਤੋਂ ਜਵਾਬ ਤਲਬ
ਨਵੀਂ ਦਿੱਲੀ : ਦਿੱਲੀ ਵਿੱਚ 1984 ਵਿੱਚ ਹੋਏ ਸਿੱਖ ਕਤਲੇਆਮ ਦੀ ਜਾਂਚ ਬਾਰੇ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਕੋਲੋਂ ਰਿਪੋਰਟ ਤਲਬ ਕੀਤੀ ਹੈ। ਅਦਾਲਤ ਨੇ ਸਰਕਾਰ ਨੂੰ ਨੋਟਿਸ ਜਾਰੀ ਕਰਦਿਆਂ ਕਿਹਾ ਹੈ ਕਿ ਵਿਸ਼ੇਸ਼ ਜਾਂਚ ਟੀਮ ਵੱਲੋਂ ਹੁਣ ਤੱਕ ਕੀਤੀ ਕਾਰਵਾਈ ਬਾਰੇ ਰਿਪੋਰਟ ਦੋ ਹਫਤਿਆਂ ਦੇ ਅੰਦਰ-ਅੰਦਰ ਪੇਸ਼ ਕੀਤੀ ਜਾਵੇ।
ਚੀਫ ਜਸਟਿਸ ਟੀ.ਐਸ. ਠਾਕੁਰ ਦੀ ਅਗਵਾਈ ਵਾਲੇ ਸੁਪਰੀਮ ਕੋਰਟ ਦੇ ਬੈਂਚ ਨੇ ਜਨਹਿੱਤ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਇਹ ਹੁਕਮ ਦਿੱਤਾ। ਇਹ ਪਟੀਸ਼ਨ ਗੁਰਲਾਡ ਸਿੰਘ ਕਾਹਲੋਂ ਵੱਲੋਂ ਪਾਈ ਗਈ ਹੈ ਜਿਸ ਵਿੱਚ ਕਿਹਾ ਗਿਆ ਹੈ ਕਿ ਵਿਸ਼ੇਸ਼ ਜਾਂਚ ਟੀਮ ਵੱਲੋਂ ਪਿਛਲੇ ਇੱਕ ਸਾਲ ਦੌਰਾਨ ਕੋਈ ਕਾਰਵਾਈ ਨਹੀਂ ਕੀਤੀ ਗਈ। ਇਸ ਲਈ ਸੁਪਰੀਮ ਕੋਰਟ ਜਾਂਚ ਦੀ ਖੁਦ ਨਿਗਰਾਨੀ ਕਰੇ।
ਪਟੀਸ਼ਨਰ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਆਰ.ਐਸ. ਸੂਰੀ ਨੇ ਅਦਾਲਤ ਨੂੰ ਦੱਸਿਆ ਕਿ ਕੇਂਦਰ ਸਰਕਾਰ ਨੇ 12 ਫਰਵਰੀ, 2015 ਨੂੰ ਵਿਸ਼ੇਸ਼ ਜਾਂਚ ਟੀਮ ਬਣਾਈ ਸੀ। ਵਿਸ਼ੇਸ਼ ਜਾਂਚ ਟੀਮ ਨੇ ਆਪਣੀ ਸਾਰੀ ਕਾਰਵਾਈ ਛੇ ਮਹੀਨਿਆਂ ਵਿੱਚ ਮੁਕੰਮਲ ਕਰਨੀ ਸੀ। ਪਟੀਸ਼ਨਰ ਨੇ ਦੱਸਿਆ ਕਿ ਵਿਸ਼ੇਸ਼ ਜਾਂਚ ਟੀਮ ਆਪਣਾ ਟੀਚਾ ਪੂਰਾ ਨਹੀਂ ਕਰ ਸਕੀ ਜਿਸ ਕਰਕੇ ਕੇਂਦਰ ਸਰਕਾਰ ਨੇ ਉਸ ਦੇ ਕਾਰਜਕਾਲ ਵਿੱਚ ਇੱਕ ਸਾਲ ਦਾ ਵਾਧਾ ਕਰ ਦਿੱਤਾ ਸੀ।















