ਨਵੀਂ ਦਿੱਲੀ— ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀ. ਕੇ. ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਜੀ. ਕੇ. ਵਿਰੁੱਧ ਭ੍ਰਿਸ਼ਟਾਚਾਰ ਮਾਮਲੇ ਦੀ ਜਾਂਚ ਹੁਣ ਕ੍ਰਾਈਮ ਬਰਾਂਚ ਕਰੇਗੀ। ਪਟਿਆਲਾ ਹਾਊਸ ਕੋਰਟ ਨੇ ਪੁਲਸ ਕਮਿਸ਼ਨਰ ਨੂੰ ਹੁਕਮ ਦਿੱਤਾ ਹੈ ਕਿ ਇਸ ਕੇਸ ਦੀ ਜਾਂਚ ਕ੍ਰਾਈਮ ਬਰਾਂਚ ਨੂੰ ਸੌਂਪੀ ਜਾਵੇ। ਬਸ ਇੰਨਾ ਹੀ ਨਹੀਂ, ਮਨਜੀਤ ਸਿੰਘ ਜੀ. ਕੇ. ਵਿਰੁੱਧ ਦਰਜ ਐੱਫ. ਆਈ. ਆਰ. ‘ਚ ਕਈ ਹੋਰ ਧਰਾਵਾਂ ਵੀ ਜੋੜੀਆਂ ਗਈਆਂ ਹਨ।ਇੱਥੇ ਦੱਸ ਦੇਈਏ ਕਿ ਮਨਜੀਤ ਸਿੰਘ ਜੀ. ਕੇ. ‘ਤੇ ਪਿਛਲੇ ਸਾਲ ਭ੍ਰਿਸ਼ਟਾਚਾਰ ਦੇ ਦੋਸ਼ ਲੱਗੇ ਸਨ। ਦਿੱਲੀ ਕਮੇਟੀ ਦੇ ਸਾਬਕਾ ਜਰਨਲ ਸਕੱਤਰ ਅਤੇ ਮੌਜੂਦਾ ਆਜ਼ਾਦ ਮੈਂਬਰ ਗੁਰਮੀਤ ਸਿੰਘ ਸ਼ੰਟੀ ਵਲੋਂ ਐੱਫ. ਆਈ. ਆਰ. ਦਰਜ ਕਰਵਾਈ ਗਈ ਸੀ।
ਇਸ ਕੇਸ ਦੀ ਪਹਿਲਾਂ ਵੀ ਪਟਿਆਲਾ ਹਾਊਸ ਕੋਰਟ ਨੇ ਸੁਣਵਾਈ ਕੀਤੀ ਸੀ ਪਰ ਉਦੋਂ ਫੈਸਲਾ ਰਾਖਵਾਂ ਰੱਖ ਲਿਆ ਗਿਆ ਸੀ। ਹੁਣ ਕੋਰਟ ਨੇ ਆਪਣੇ ਫੈਸਲੇ ‘ਚ ਕਿਹਾ ਕਿ ਜੀ. ਕੇ. ਵਿਰੁੱਧ ਭ੍ਰਿਸ਼ਟਾਚਾਰ ਦੇ ਦੋਸ਼ ਲੱਗੇ ਹਨ, ਉਸ ਦੀ ਜਾਂਚ ਕ੍ਰਾਈਮ ਬਰਾਂਚ ਨੂੰ ਸੌਂਪੀ ਜਾਵੇ। ਜ਼ਿਕਰਯੋਗ ਹੈ ਕਿ ਭ੍ਰਿਸ਼ਟਾਚਾਰ ਦੇ ਦੋਸ਼ਾਂ ‘ਚ ਘਿਰੇ ਜੀ. ਕੇ. ਨੇ ਗੁਰਦੁਆਰਾ ਕਮੇਟੀ ਦੀ ਪ੍ਰਧਾਨਗੀ ਤੋਂ ਅਸਤੀਫਾ ਦੇ ਦਿੱਤਾ ਸੀ। ਮਈ 2019 ‘ਚ ਹੀ ਸ਼੍ਰੋਮਣੀ ਅਕਾਲੀ ਦਲ ‘ਚੋਂ ਮਨਜੀਤ ਸਿੰਘ ਜੀ. ਕੇ. ਦੀ ਛੁੱਟੀ ਕਰ ਦਿੱਤੀ ਗਈ।















