ਚੰਡੀਗੜ੍ਹ : ਕੋਰੋਨਾ ਦੀ ਰਿਪੋਰਟ ਪਾਜ਼ੇਟਿਵ ਆਉਣ ਤੋਂ ਬਾਅਦ ਸ੍ਰੀ ਦਰਬਾਰ ਸਾਹਿਬ ਦੇ ਸਾਬਕਾ ਹਜ਼ੂਰੀ ਰਾਗੀ ਅਤੇ ਪਦਮਸ਼੍ਰੀ ਭਾਈ ਨਿਰਮਲ ਸਿੰਘ ਖਾਲਸਾ ਦੀ ਮੌਤ ਤੋਂ ਬਾਅਦ ਡਾਕਟਰੀ ਲਾਪ੍ਰਵਾਹੀ ਦੇ ਲੱਗ ਰਹੇ ਦੋਸ਼ਾਂ ਦੇ ਦਰਮਿਆਨ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਤੋਂ ਅਸਤੀਫਾ ਮੰਗਿਆ ਹੈ। ਸੁਖਬੀਰ ਨੇ ਕਿਹਾ ਕਿ ਨਿਰਮਲ ਸਿੰਘ ਖਾਲਸਾ ਦੀ ਮੌਤ ਲਈ ਜ਼ਿੰਮੇਵਾਰ ਵਿਅਕਤੀਆਂ ਖਿਲਾਫ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਸੁਖਬੀਰ ਸਿੰਘ ਬਾਦਲ ਨੇ ਟਵੀਟ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਕਿਹਾ ਕਿ ‘ਜੇਕਰ ਤੁਹਾਡੀ ਸਰਕਾਰ ਪੂਰੀ ਅਣਗਹਿਲੀ ਨਾਲ ਪੀੜਤ ਲੋਕਾਂ ਦੀ ਮੌਤ ਹੋਣ ਦਿੰਦੀ ਹੈ ਤਾਂ ਅਸੀਂ ਕੋਰੋਨਾਵਾਇਰਸ ਮਹਾਮਾਰੀ ਨਾਲ ਕਿਵੇਂ ਨਜਿੱਠ ਸਕਦੇ ਹਾਂ’।
ਇਸ ਦੇ ਨਾਲ ਹੀ ਸੁਖਬੀਰ ਬਾਦਲ ਨੇ ਭਾਈ ਖਾਲਸਾ ਦੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕਰਦੇ ਹੋਏ ਕਿਹਾ ਕਿ ਡਾਕਟਰੀ ਲਾਪਰਵਾਹੀ ਕਾਰਨ ਅਸੀਂ ਪੰਥ ਦਾ ਰਤਨ ਗਵਾ ਬੈਠੇ ਹਾਂ। ਉਨ੍ਹਾਂ ਕਿਹਾ ਕਿ ਭਾਈ ਸਾਹਿਬ ਅਤੇ ਉਨ੍ਹਾਂ ਦੇ ਪਰਿਵਾਰ ਵਲੋਂ ਵਾਰ-ਵਾਰ ਮਦਦ ਦੀ ਲਗਾਈ ਗੁਹਾਰ ਨਾ ਤਾਂ ਡਾਕਟਰਾਂ ਨੇ ਸੁਣੀ ਅਤੇ ਨਾ ਹੀ ਸਰਕਾਰ ਨੇ ਇਸ ‘ਤੇ ਗੌਰ ਕੀਤਾ।
ਵੀਰਵਾਰ ਹੋਇਆ ਸੀ ਦਿਹਾਂਤ
ਦੱਸਣਯੋਗ ਹੈ ਕਿ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹਜ਼ੂਰੀ ਰਾਗੀ ਅਤੇ ਪਦਮਸ਼੍ਰੀ ਭਾਈ ਨਿਰਮਲ ਸਿੰਘ ਖਾਲਸਾ ਦਾ ਵੀਰਵਾਰ ਸਵੇਰੇ ਦਿਹਾਂਤ ਹੋ ਗਿਆ ਸੀ। ਬੁੱਧਵਾਰ ਨੂੰ ਭਾਈ ਨਿਰਮਲ ਖਾਲਸਾ ਦੀ ਰਿਪੋਰਟ ਕੋਰੋਨਾ ਪਾਜ਼ੇਟਿਵ ਆਈ ਸੀ ਅਤੇ ਵੀਰਵਾਰ ਸਵੇਰੇ ਤੜਕੇ ਸਾਢੇ ਚਾਰ ਵਜੇ ਉਹ ਅਕਾਲ ਚਲਾਣਾ ਕਰ ਗਏ। ਭਾਈ ਨਿਰਮਲ ਸਿੰਘ ਖਾਲਸਾ ਸਿੱਖ ਕੌਮ ਦੀ ਮਹਾਨ ਸ਼ਖਸੀਅਤ ਸਨ ਜਿਨ੍ਹਾਂ ਦੇ ਅਕਾਲ ਚਲਾਣੇ ਤੋਂ ਬਾਅਦ ਕੌਮ ਨੂੰ ਵੱਡਾ ਘਾਟਾ ਪਿਆ ਹੈ। ਭਾਈ ਨਿਰਮਲ ਸਿੰਘ ਖਾਲਸਾ ਨੂੰ 2009 ਵਿਚ ਪਦਮਸ਼੍ਰੀ ਐਵਾਰਡ ਨਾਲ ਨਿਵਾਜਿਆ ਗਿਆ ਸੀ।















