
ਚੰਡੀਗੜ੍ਹ : ਪੰਜਾਬ ਸਰਕਾਰ ਨੇ ਗ਼ੈਰ-ਕਾਨੂੰਨੀ ਮਾਈਨਿੰਗ ਵਾਲਿਆਂ ‘ਤੇ ਸ਼ਿਕੰਜਾ ਹੋਰ ਕੱਸ ਦਿੱਤਾ ਹੈ।ਖਣਨ ਵਿਭਾਗ ਵੱਲੋਂ ਗ਼ੈਰ-ਕਾਨੂੰਨੀ ਮਾਈਨਿੰਗ ਕਰਨ ਵਾਲਿਆਂ ‘ਤੇ ਪਿਛਲੇ 3 ਮਹੀਨਿਆਂ ਵਿਚ 201 ਮੁਕੱਦਮੇ ਦਰਜ ਕਰਵਾ ਕੇ 189 ਵਿਅਕਤੀਆਂ ਖ਼ਿਲਾਫ਼ ਕਾਰਵਾਈ ਅਮਲ ਵਿਚ ਲਿਆਂਦੀ ਗਈ ਹੈ। ਨਾਜਾਇਜ਼ ਰੇਤ-ਬੱਜਰੀ ਢੋਹਣ ਵਾਲੇ 148 ਟਰੈਕਟਰ-ਟਰਾਲੀਆਂ, 119 ਟਿੱਪਰ/ਟਰੱਕ ਅਤੇ 27 ਜੇ. ਸੀ. ਬੀ. ਮਸ਼ੀਨਾਂ ਤੋਂ ਇਲਾਵਾ ਹੋਰ ਮਸ਼ੀਨਰੀ ਜ਼ਬਤ ਕੀਤੀ ਗਈ ਹੈ। ਪੰਜਾਬ ਦੇ ਖਣਨ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਗੈਰ ਕਾਨੂੰਨੀ ਮਾਈਨਿੰਗ ਕਰਨ ਵਾਲਿਆਂ ਨੂੰ ਕਿਸੇ ਕੀਮਤ ‘ਤੇ ਬਖਸ਼ਿਆ ਨਹੀਂ ਜਾ ਰਿਹਾ।
ਉਨ੍ਹਾਂ ਕਿਹਾ ਕਿ ਸਰਕਾਰ ਦੇ ਹੁਕਮਾਂ ਅਨੁਸਾਰ ਜੋ ਵੀ ਕਾਨੂੰਨ ਦੇ ਦਾਇਰੇ ਤੋਂ ਬਾਹਰ ਖਣਨ ਕਰਦਾ ਫੜਿਆ ਜਾਂਦਾ ਹੈ, ਉਸ ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਉਸ ਦੀ ਮਸ਼ੀਨਰੀ ਜ਼ਬਤ ਕੀਤੀ ਜਾ ਰਹੀ ਹੈ। ਰੇਤ-ਬੱਜਰੀ ਢੋਹਣ ਵਾਲੇ ਵਾਹਨਾਂ, ਜਿਨ੍ਹਾਂ ਕੋਲ ਮਾਈਨਿੰਗ ਵਿਭਾਗ ਦੀ ਪਰਚੀ ਨਹੀਂ ਹੁੰਦੀ ਉਸਨੂੰ ਵੀ ਜ਼ਬਤ ਕਰਕੇ ਤੁਰੰਤ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ। ਦੱਸਣਯੋਗ ਹੈ ਕਿ ਮਾਈਨਿੰਗ ਵਿਭਾਗ ਵੱਲੋਂ ਮਨਜ਼ੂਰਸ਼ੁਦਾ ਖੱਡਾਂ ਵਿਚੋਂ ਖਣਨ ਪਦਾਰਥਾਂ ਦੀ ਢੋਆ-ਢੁਆਈ ਲਈ ਪਰਚੀ ਜਾਰੀ ਕੀਤੀ ਜਾਂਦੀ ਹੈ।
ਖਣਨ ਮੰਤਰੀ ਨੇ ਚਿਤਾਵਨੀ ਦਿੱਤੀ ਹੈ ਕਿ ਗ਼ੈਰ-ਕਾਨੂੰਨੀ ਮਾਈਨਿੰਗ ਕਰਨ ਵਾਲੇ ਤੁਰੰਤ ਬਾਜ਼ ਆ ਜਾਣ ਜਾਂ ਫਿਰ ਕਾਨੂੰਨੀ ਕਾਰਵਾਈ ਦਾ ਸਾਹਮਣਾ ਕਰਨ ਲਈ ਤਿਆਰ ਰਹਿਣ। ਸਰਕਾਰੀਆ ਨੇ ਕਿਹਾ ਕਿ ਸੂਬੇ ਦੀਆਂ ਖੱਡਾਂ ਦੀ ਪਾਰਦਰਸ਼ੀ ਢੰਗ ਨਾਲ ਈ-ਨਿਲਾਮੀ ਕੀਤੀ ਗਈ ਹੈ ਅਤੇ ਪੰਜਾਬ ਵਾਸੀਆਂ ਨੂੰ ਸਸਤੀਆਂ ਦਰਾਂ ਉੱਤੇ ਰੇਤ ਮੁਹੱਈਆ ਕਰਾਉਣ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ ਪਰ ਫਿਰ ਵੀ ਜੇਕਰ ਕੋਈ ਵਿਅਕਤੀ ਗ਼ੈਰ-ਕਾਨੂੰਨੀ ਮਾਈਨਿੰਗ ਕਰੇਗਾ ਤਾਂ ਉਸ ਨੂੰ ਕਿਸੇ ਵੀ ਕੀਮਤ ‘ਤੇ ਬਖਸ਼ਿਆ ਨਹੀਂ ਜਾਵੇਗਾ।
News Credit :jagbani(punjabkesar)















