ਮੁੱਖ ਮੰਤਰੀ ਨਾਲ ‘ਆਪ’ ਦੀ ਗੱਲਬਾਤ ਰਹੀ ਬੇਸਿੱਟਾ

1ਚੰਡੀਗੜ੍ਹ  : 12 ਹਜ਼ਾਰ ਕਰੋੜ ਰੁਪਏ ਦੇ ਕਥਿਤ ਅਨਾਜ ਘੁਟਾਲੇ ਸਬੰਧੀ ਅੱਜ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨਾਲ ਗੱਲਬਾਤ ਅਸਫਲ ਹੋਣ ਤੋਂ ਬਾਅਦ ਆਮ ਆਦਮੀ ਪਾਰਟੀ ਨੇ ਆਪਣਾ ਅੰਦੋਲਨ ਜਾਰੀ ਰੱਖਣ ਦਾ ਐਲਾਨ ਕੀਤਾ ਹੈ। ਅੱਜ ਮੋਹਾਲੀ ਅਤੇ ਚੰਡੀਗੜ੍ਹ ਵਿਚ ਆਪ ਵਲੋਂ ਕੀਤੇ ਰੋਸ ਪ੍ਰਦਰਸ਼ਨ ਤੋਂ ਬਾਅਦ ਮੁੱਖ ਮੰਤਰੀ ਨੇ ਆਮ ਆਦਮੀ ਪਾਰਟੀ ਦੇ ਸੀਨੀਅਰ ਲੀਡਰਾਂ ਨੂੰ ਗੱਲਬਾਤ ਲਈ ਬੁਲਾਇਆ ਸੀ, ਪਰ ਇਸ ਗੱਲਬਾਤ ਦੌਰਾਨ ਕੋਈ ਸਿੱਟਾ ਨਾ ਨਿਕਲ ਸਕਿਆ।
ਮੁੱਖ ਮੰਤਰੀ ਨਾਲ ਆਮ ਆਦਮੀ ਪਾਰਟੀ ਵਲੋਂ ਸੰਜੇ ਸਿੰਘ, ਸੁੱਚਾ ਸਿੰਘ ਛੋਟੇਪੁਰ, ਭਗਵੰਤ ਮਾਨ ਗੱਲਬਾਤ ਕਰਨ ਲਈ ਗਏ ਸਨ। ਇਸ ਮੌਕੇ ਮੁੱਖ ਮੰਤਰੀ ਨੇ ਸਪਸ਼ਟ ਕੀਤਾ ਕਿ ਕੋਈ ਘੁਟਾਲਾ ਨਹੀਂ ਹੋਇਆ। ਇਸ ਕਿਸੇ ਵੀ ਜਾਂਚ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਇਸ ‘ਤੇ ਆਪ ਲੀਡਰਾਂ ਨੇ ਆਪਣਾ ਅੰਦੋਲਨ ਜਾਰੀ ਰੱਖਣ ਦਾ ਐਲਾਨ ਕਰ ਦਿੱਤਾ।
ਇਸ ਮੌਕੇ ਆਮ ਆਦਮੀ ਪਾਰਟੀ ਨੇ ਇਹ ਵੀ ਦੋਸ਼ ਲਾਇਆ ਕਿ ਬਾਦਲ ਸਰਕਾਰ ਉਨਾਂ ਦੇ ਵਰਕਰਾਂ ਨੂੰ ਪ੍ਰੇਸ਼ਾਨ ਕਰ ਰਹੀ ਹੈ।
ਇਸ ਤੋਂ ਪਹਿਲਾਂ ਅੱਜ ਆਪ ਆਗੂ ਅਤੇ ਵਰਕਰ ਵੱਡੀ ਗਿਣਤੀ ਵਿਚ ਮੋਹਾਲੀ ਵਿਖੇ ਇਕੱਠੇ ਹੋਏ, ਜਿਥੋਂ ਉਹਨਾਂ ਨੇ ਚੰਡੀਗੜ੍ਹ ਦਾ ਰੁਖ਼ ਕੀਤਾ। ਇਸ ਦੌਰਾਨ ਚੰਡੀਗੜ੍ਹ ਦੀ ਸਰਹੱਦ ‘ਤੇ ਵੱਡੀ ਗਿਣਤੀ ਵਿਚ ਪੁਲਿਸ ਤਾਇਨਾਤ ਕੀਤੀ ਹੋਈ ਸੀ। ਪੁਲੀਸ ਨੇ ਪ੍ਰਦਰਸ਼ਕਾਰੀਆਂ ਨੂੰ ਚੰਡੀਗੜ ਸਰਹੱਦ ‘ਤੇ ਰੋਕਣ ਦੀ ਕੋਸ਼ਿਸ਼ ਕੀਤੀ ਗਈ। ਇਸ ਧਰਨੇ ਵਿਚ ਕੇਜਰੀਵਾਲ ਨੂੰ ਛੱਡ ਕੇ ਬਾਕੀ ਪੱਧਰ ਦੇ ਸਾਰੇ ਨੇਤਾ ਸ਼ਾਮਲ ਹੋਏ।
ਅੱਜ ਸਵੇਰ ਤੋਂ ਹੀ ਚੰਡੀਗੜ੍ਹ ਅਤੇ ਇਸ ਦੇ ਆਸਪਾਸ ਦੇ ਇਲਾਕਿਆਂ ਵਿਚ ਪੁਲਿਸ ਤਾਇਨਾਤ ਕੀਤੀ ਗਈ ਸੀ। ਇਸ ਦੌਰਾਨ ਆਮ ਆਦਮੀ ਪਾਰਟੀ ਦੇ ਆਗੂ ਭਗਵੰਤ ਮਾਨ, ਸੁੱਚਾ ਸਿੰਘ ਛੋਟੇਪੁਰ, ਸੰਜੇ ਸਿੰਘ ਆਦਿ ਤੋਂ ਇਲਾਵਾ ਹੋਰ ਆਗੂ ਵੱਡੀ ਗਿਣਤੀ ਵਿਚ ਵਰਕਰਾਂ ਨਾਲ ਮੋਹਾਲੀ ਵਿਖੇ ਪਹੁੰਚਣੇ ਸ਼ੁਰੂ ਹੋ ਗਏ। ਇਥੇ ਬੱਸਾਂ ਅਤੇ ਕਾਰਾਂ ਦੇ ਕਾਫਲੇ ਰੋਕਣ ਮਗਰੋਂ ਪਾਰਟੀ ਵਰਕਰਾਂ ਨੇ ਪੈਦਲ ਹੀ ਚੰਡੀਗੜ੍ਹ ਵੱਲ ਰੁਖ਼ ਕੀਤਾ।