ਚੰਡੀਗੜ੍ਹ : ਆਮ ਆਦਮੀ ਪਾਰਟੀ ਦੇ ਇਕ ਵਫ਼ਦ ਨੇ ਕੈਪਟਨ ਸਰਕਾਰ ਦੇ ਭ੍ਰਿਸ਼ਟ ਮੰਤਰੀਆਂ ਦੀ ਤੁਰੰਤ ਬਰਖ਼ਾਸਤਗੀ ਦੀ ਮੰਗ ਕਰਦਿਆਂ ਮੰਗਲਵਾਰ ਨੂੰ ਪੰਜਾਬ ਦੇ ਰਾਜਪਾਲ ਵੀ.ਪੀ. ਸਿੰਘ ਬਦਨੌਰ ਨਾਲ ਮੁਲਾਕਾਤ ਕੀਤੀ। ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਾਲੇ ਇਸ ਵਫ਼ਦ ਵਿਚ ਵਿਧਾਇਕ ਪ੍ਰਿੰਸੀਪਲ ਬੁੱਧਰਾਮ, ਗੁਰਮੀਤ ਸਿੰਘ ਮੀਤ ਹੇਅਰ, ਕੁਲਵੰਤ ਸਿੰਘ ਪੰਡੋਰੀ, ਮਨਜੀਤ ਸਿੰਘ ਬਿਲਾਸਪੁਰ, ਜੈ ਸਿੰਘ ਰੋੜੀ ਅਤੇ ਮਾਸਟਰ ਬਲਦੇਵ ਸਿੰਘ ਸ਼ਾਮਲ ਸਨ।
‘ਆਪ’ ਦੇ ਵਫ਼ਦ ਵਲੋਂ ਰਾਜਪਾਲ ਨੂੰ ਸੌਂਪੇ ਗਏ ਮੰਗ ਪੱਤਰ ਵਿਚ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੌਤ, ਰਾਣਾ ਗੁਰਮੀਤ ਸਿੰਘ ਸੋਢੀ, ਬਲਬੀਰ ਸਿੰਘ ਸਿੱਧੂ, ਸੁੰਦਰ ਸ਼ਾਮ ਅਰੋੜਾ ਅਤੇ ਭਾਰਤ ਭੂਸ਼ਣ ਆਸ਼ੂ ਉਤੇ ਬਹੁ ਕਰੋੜੀ ਘਪਲੇ ਕਰਨ ਦਾ ਦੋਸ਼ ਲਾਉਂਦੇ ਹੋਏ, ਇਨ੍ਹਾਂ ਨੂੰ ਮੰਤਰੀ ਮੰਡਲ ਵਿਚੋਂ ਤੁਰੰਤ ਬਰਖ਼ਾਸਤ ਕਰਕੇ ਇਨ੍ਹਾਂ ਉਪਰ ਫ਼ੌਜ਼ਦਾਰੀ ਮੁਕੱਦਮੇ ਦਰਜ ਕਰਨ ਦੀ ਮੰਗ ਕੀਤੀ ਗਈ ਹੈ।
ਰਾਜਪਾਲ ਨੂੰ ਮਿਲਣ ਉਪਰੰਤ ਮੀਡੀਆ ਨਾਲ ਗੱਲਬਾਤ ਕਰਦਿਆਂ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸੱਤਾਧਾਰੀ ਕਾਂਗਰਸ ਦੇ ਅੱਧਾ ਦਰਜਨ ਮੰਤਰੀਆਂ ਦੇ ਭ੍ਰਿਸ਼ਟ ਤੇ ਕਾਲੇ ਕਾਰਨਾਮਿਆਂ ਦੇ ਚਰਚੇ ਹਰ ਜ਼ੁਬਾਨ ’ਤੇ ਹਨ। ਬਾਵਜੂਦ ਇਸ ਦੇ ਭ੍ਰਿਸ਼ਟ ਮੰਤਰੀਆਂ ਖਿਲਾਫ਼ ਕਾਰਵਾਈ ਤਾਂ ਦੂਰ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਕਾਂਗਰਸ ਹਾਈਕਮਾਨ ਸਮੇਤ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਉਨ੍ਹਾਂ ਖਿਲਾਫ਼ ਕੁੱਝ ਬੋਲਣ ਨੂੰ ਤਿਆਰ ਨਹੀਂ ਹਨ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਦੀ ਜ਼ਿੰਮੇਵਾਰੀ ਨੂੰ ਨਿਭਾਉਂਦੇ ਹੋਏ ਆਮ ਆਦਮੀ ਪਾਰਟੀ ਨੇ ਇਨ੍ਹਾਂ ਭ੍ਰਿਸ਼ਟ ਮੰਤਰੀਆਂ ਨੂੰ ਬਰਖ਼ਾਸਤ ਕਰਨ ਲਈ ਅੱਜ ਰਾਜਪਾਲ ਨੂੰ ਬੇਨਤੀ ਕੀਤੀ ਹੈ।
ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਕੈ. ਅਮਰਿੰਦਰ ਸਿੰਘ ਤੇ ਪੀ. ਪੀ. ਸੀ. ਸੀ. ਪ੍ਰਧਾਨ ਨਵਜੋਤ ਸਿੰਘ ਸਿੱਧੂ ਸਮੇਤ ਕਾਂਗਰਸ ਹਾਈਕਮਾਨ ਆਪਣੇ ਭ੍ਰਿਸ਼ਟ ਮੰਤਰੀਆਂ ਨੂੰ ਬਚਾਉਣ ਦੀ ਕੋਸ਼ਿਸ਼ ਰਹੀ ਹੈ ਪਰ ਆਏ ਦਿਨ ਮੰਤਰੀਆਂ ਦੇ ਕਾਲੇ ਕਾਰਨਾਮੇ ਅਖ਼ਬਾਰਾਂ ਦੀਆਂ ਸੁਰਖੀਆਂ ਬਟੋਰ ਰਹੇ ਹਨ। ਜੇਕਰ ਨਵਜੋਤ ਸਿੱਧੂ ਸੱਚਮੁੱਚ ਹੀ ਪੰਜਾਬ ਦਾ ਭਲਾ ਚਹੁੰਦੇ ਹਨ ਤਾਂ ਤੁਰੰਤ ਇਨ੍ਹਾਂ ਭ੍ਰਿਸ਼ਟ ਮੰਤਰੀਆਂ ਨੂੰ ਪੰਜਾਬ ਮੰਤਰੀ ਮੰਡਲ ਵਿਚੋਂ ਬਾਹਰ ਕੱਢਣਾ ਚਾਹੀਦਾ ਹੈ।















