ਨਵੀਂ ਦਿੱਲੀ – ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਦੇਸ਼ ਦੀ ਮੌਜੂਦਾ ਰਾਜਨੀਤਕ ਸਥਿਤੀ ਨੂੰ ਲੈ ਕੇ ਇਕ ਵਾਰ ਫਿਰ ਕੇਂਦਰ ਸਰਕਾਰ ’ਤੇ ਨਿਸ਼ਾਨਾ ਵਿੰਨ੍ਹਿਆ ਹੈ। ਇਸ਼ਾਰਿਆਂ ’ਚ ਉਨ੍ਹਾਂ ਨੇ ਕੇਂਦਰ ਸਰਕਾਰ ’ਤੇ ਲੋਕਾਂ ਦੇ ਮੌਲਿਕ ਅਧਿਕਾਰਾਂ ਅਤੇ ਸੰਵਿਧਾਨ ਨੂੰ ਕੁਚਲਣ ਦਾ ਦੋਸ਼ ਲਗਾਉਂਦੇ ਕਿਹਾ ਕਿ ਅਜਿਹੀ ਸਥਿਤੀ ’ਚ ਚੁੱਪ ਰਹਿਣਾ ਪਾਪ ਹੈ।
ਸੋਮਵਾਰ ਨੂੰ ਦੇਸ਼ ਦੀ ਆਜ਼ਾਦੀ ਦੇ 75ਵੇਂ ਵਰ੍ਹੇ ਦੀ ਸ਼ੁਰੂਆਤ ਮੌਕੇ ਉਨ੍ਹਾਂ ਨੇ ਇਕ ਲੇਖ ਰਾਹੀਂ ਕਿਹਾ ਕਿ ਲੋਕਤੰਤਰ ਨੂੰ ਮੁੜ ਤੋਂ ਸਹੀ ਸਥਿਤੀ ’ਤੇ ਵਾਪਸ ਲਿਆਉਣ ਦੀ ਲੋੜ ਹੈ। ਇਸ ਲੇਖ ’ਚ ਸੋਨੀਆ ਨੇ ਕਿਹਾ ਕਿ ਸਰਕਾਰ ਜਦੋਂ ਸੰਸਦ ’ਤੇ ਹਮਲੇ ਕਰਦੀ ਹੈ, ਰਵਾਇਤਾਂ ਨੂੰ ਕੁਚਲਦੀ ਹੈ, ਲੋਕਤੰਤਰ ਨੂੰ ਗੁਲਾਮ ਬਣਾਉਂਦੀ ਹੈ ਅਤੇ ਸੰਵਿਧਾਨ ਦੀ ਉਲੰਘਣਾ ਕਰਨ ਦੀ ਕੋਸ਼ਿਸ਼ ਕਰਦੀ ਹੈ ਤਾਂ ਦੇਸ਼ ਦੇ ਲੋਕਾਂ ਨੂੰ ਇਸ ਬਾਰੇ ਵਿਚਾਰ ਕਰਨ ਦੀ ਲੋੜ ਹੈ ਕਿ ਆਜ਼ਾਦੀ ਦੇ ਕੀ ਮਾਇਨੇ ਹਨ?
ਕਾਂਗਰਸ ਪ੍ਰਧਾਨ ਨੇ ਦੋਸ਼ ਲਾਇਆ ਕਿ ਮੋਜੂਦਾ ਸਮੇਂ ’ਚ ਪੱਤਰਕਾਰਾਂ ਨੂੰ ਸੱਚ ਲਿਖਣ, ਟੀ. ਵੀ. ਚੈਨਲਾਂ ਨੂੰ ਸੱਚ ਦਿਖਾਉਣ , ਲੇਖਕਾਂ ਅਤੇ ਚਿੰਤਕਾਂ ਨੂੰ ਆਪਣੀ ਗੱਲ ਰੱਖਣ ਦੀ ਆਜ਼ਾਦੀ ਨਹੀਂ ਹੈ।















