ਜਲੰਧਰ ਪੁੱਜੇ ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਦਾ ਕਿਸਾਨਾਂ ਵੱਲੋਂ ਵਿਰੋਧ, ਵਿਖਾਈਆਂ ਕਾਲੀਆਂ ਝੰਡੀਆਂ

ਜਲੰਧਰ – ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਵੱਲੋਂ ਅੱਜ ਜਲੰਧਰ ਵਿਖੇ ਸਰਕਿਟ ਹਾਊਸ ’ਚ ਭਾਜਪਾ ਆਗੂਆਂ ਨਾਲ ਮੀਟਿੰਗ ਕੀਤੀ ਜਾ ਰਹੀ ਹੈ। ਇਸ ਦੌਰਾਨ ਜਲੰਧਰ ਪਹੁੰਚਣ ’ਤੇ ਅਸ਼ਵਨੀ ਸ਼ਰਮਾ ਨੂੰ ਕਿਸਾਨਾਂ ਵੱਲੋਂ ਕੀਤੇ ਗਏ ਵਿਰੋਧ ਦਾ ਸਾਹਮਣਾ ਕਰਨਾ ਪਿਆ। ਕਿਸਾਨ ਜਥੇਬੰਦੀਆਂ ਵੱਲੋਂ ਸਰਕਿਟ ਹਾਊਸ ਦੇ ਬਾਹਰ ਅਸ਼ਵਨੀ ਸ਼ਰਮਾ ਦਾ ਜੰਮ ਕੇ ਵਿਰੋਧ ਕੀਤਾ ਗਿਆ।
ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਜਦੋਂ ਤੱਕ ਕੇਂਦਰ ਸਰਕਾਰ ਖੇਤੀ ਕਾਨੂੰਨਾਂ ਨੂੰ ਵਾਪਸ ਨਹੀਂ ਲੈ ਲੈਂਦੀ, ਉਦੋਂ ਤੱਕ ਉਹ ਸ਼ਹਿਰ ’ਚ ਭਾਜਪਾ ਦੀ ਕੋਈ ਵੀ ਮੀਟਿੰਗ ਨਹੀਂ ਹੋਣ ਦੇਣਗੇ। ਉਨ੍ਹਾਂ ਦਾ ਕਹਿਣਾ ਹੈ ਕਿ ਜਿੱਥੇ ਵੀ ਕੋਈ ਭਾਜਪਾ ਦੇ ਸੀਨੀਅਰ ਆਗੂਆਂ ਦੀ ਮੀਟਿੰਗ ਕੀਤੀ ਜਾਵੇਗੀ, ਉਥੇ ਹੀ ਉਨ੍ਹਾਂ ਦਾ ਵਿਰੋਧ ਕੀਤਾ ਜਾਵੇਗਾ। ਇਸ ਦੌਰਾਨ ਕਿਸਾਨਾਂ ਵੱਲੋਂ ਅਸ਼ਵਨੀ ਸ਼ਰਮਾ ਕਾਲੀਆਂ ਝੰਡੀਆਂ ਵਿਖਾਈਆਂ ਗਈਆਂ।
ਇਥੇ ਦੱਸਣਯੋਗ ਹੈ ਕਿ ਅਸ਼ਵਨੀ ਸ਼ਰਮਾ ਦੀ ਜਲੰਧਰ ਫੇਰੀ ਨੂੰ ਲੈ ਕੇ ਉਨ੍ਹਾਂ ਦੀ ਸੁਰੱਖਿਆ ਨੂੰ ਧਿਆਨ ’ਚ ਰੱਖਦੇ ਹੋਏ ਵੱਡੀ ਗਿਣਤੀ ’ਚ ਪੁਲਸ ਦੀ ਤਾਇਨਾਤੀ ਕੀਤੀ ਗਈ। ਥਾਂ-ਥਾਂ ’ਤੇ ਪੁਲਸ ਵੱਲੋਂ ਨਾਕੇ ਲਗਾਏ ਗਏ ਹਨ।
ਇਸ ਦੌਰਾਨ ਸਕਾਈਲਾਰਕ ਚੌਂਕ ਅਤੇ ਨਾਮਦੇਵ ਚੌਂਕ ਪੂਰਨ ਰੂਪ ਨਾਲ ਬੰਦ ਕਰ ਦਿੱਤਾ ਹੈ। ਭਾਜਪਾ ਦੀ ਮੀਟਿੰਗ ਨੂੰ ਵੇਖਦੇ ਹੋਏ ਸਰਕਿਟ ਹਾਊਸ ਰੋਡ ਵੀ ਪੂਰੀ ਤਰ੍ਹਾਂ ਬਲਾਕ ਕੀਤੀ ਗਈ ਹੈ। ਇਸ ਦੌਰਾਨ ਪੁਲਸ ਨੇ ਬੈਰੀਕੇਡਸ ਵੀ ਲਗਾਏ ਸਨ, ਜਿਸ ਨੂੰ ਕਿਸਾਨ ਤੋੜਨ ਦੀ ਕੋਸ਼ਿਸ਼ ਕਰ ਰਹੇ ਹਨ। ਮਿਲੀ ਜਾਣਕਾਰੀ ਪੁਲਸ ਦੀ ਸਖ਼ਤੀ ਵਿਚਾਲੇ ਕਿਸਾਨਾਂ ਅਤੇ ਸੁਰੱਖਿਆ ਬਲਾਂ ’ਚ ਧੱਕਾ-ਮੁੱਕੀ ਵੀ ਕੀਤੀ ਗਈ ਹੈ। ਜਾਣਕਾਰੀ ਲਈ ਤੁਹਾਨੂੰ ਦੱਸ ਦੇਈਏ ਕਿ ਬੀਤੇ ਦਿਨ ਸੰਯੁਕਤ ਕਿਸਾਨ ਮੋਰਚੇ ਵੱਲੋਂ ਬਿਆਨ ਦਿੱਤਾ ਗਿਆ ਸੀ ਕਿ ਪੰਜਾਬ ’ਚ ਉਹ ਸਿਰਫ਼ ਭਾਜਪਾ ਖ਼ਿਲਾਫ਼ ਪ੍ਰਦਰਸ਼ਨ ਕਰਨਗੇ। ਬਾਕੀ ਪਾਰਟੀਆਂ ਦਾ ਵਿਰੋਧ ਨਹੀਂ ਕੀਤਾ ਜਾਵੇਗਾ।