ਚੰਡੀਗੜ੍ਹ : ਪੰਜਾਬ ’ਚ ਨਸ਼ਾ ਤਸਕਰੀ ਅਤੇ ਨਸ਼ਾ ਸਪਲਾਈ ਨੂੰ ਲੈ ਕੇ ਵਿਸ਼ੇਸ਼ ਜਾਂਚ ਟੀਮ (ਐੱਸ. ਆਈ. ਟੀ.) ਵੱਲੋਂ ਪੰਜਾਬ ਅਤੇ ਹਰਿਆਣਾ ਹਾਈਕੋਰਟ ’ਚ ਦਾਖ਼ਲ ਕੀਤੀ ਜਾ ਚੁੱਕੀ ਜਾਂਚ ਰਿਪੋਰਟ ਸ਼ੁੱਕਰਵਾਰ ਨੂੰ ਜਨਤਕ ਨਹੀਂ ਹੋ ਸਕੀ। ਜੱਜ ਦੇ ਛੁੱਟੀ ‘ਤੇ ਹੋਣ ਕਾਰਨ ਇਸ ਮਾਮਲੇ ਦੀ ਸੁਣਵਾਈ ਨਹੀਂ ਹੋ ਸਕੀ। ਇਸ ਕਾਰਨ ਸੁਣਵਾਈ ਨੂੰ ਮੁਲਤਵੀ ਕਰ ਦਿੱਤਾ ਗਿਆ।
ਐਡਵੋਕੇਟ ਨਵਕਿਰਨ ਸਿੰਘ ਵੱਲੋਂ ਦਾਖ਼ਲ ਅਰਜ਼ੀ ’ਤੇ ਸੁਣਵਾਈ ਕਰਦੇ ਹੋਏ ਅਦਾਲਤ ਨੇ ਰਿਪੋਰਟ ਕੋਰਟ ਚੈਂਬਰ ਵਿਚ ਮੰਗਵਾ ਲਈ ਸੀ ਅਤੇ ਉਸ ਦੀ ਸਮੀਖਿਆ ਕਰਨ ਤੋਂ ਬਾਅਦ ਅਦਾਲਤ ਨੇ ਸ਼ੁੱਕਰਵਾਰ ਮਤਲਬ 27 ਅਗਸਤ ਨੂੰ ਜਾਂਚ ਰਿਪੋਰਟ ਜਨਤਕ ਕਰਨੀ ਸੀ ਪਰ ਅਜਿਹਾ ਨਹੀਂ ਹੋ ਸਕਿਆ।
2 ਦਿਨ ਪਹਿਲਾਂ ਤੋਂ ਹੀ ਸੋਸ਼ਲ ਮੀਡੀਆ ’ਤੇ ਉਕਤ ਰਿਪੋਰਟ ਨੂੰ ਲੈ ਕੇ ਤਰ੍ਹਾਂ-ਤਰ੍ਹਾਂ ਦੀਆਂ ਟਿੱਪਣੀਆਂ ਚੱਲ ਰਹੀਆਂ ਸਨ, ਜਿਨ੍ਹਾਂ ’ਤੇ ਵਿਰਾਮ ਲੱਗ ਗਿਆ ਹੈ। ਹੁਣ ਇਸ ਮਾਮਲੇ ਦੀ ਸੁਣਵਾਈ 3 ਸਤੰਬਰ ਦਿਨ ਸ਼ੁੱਕਰਵਾਰ ਨੂੰ ਹੋਵੇਗੀ।
ਦੱਸਣਯੋਗ ਹੈ ਕਿ ਪੰਜਾਬ ‘ਚ ਨਸ਼ੇ ਦੇ ਕਾਰੋਬਾਰ ‘ਤੇ ਪਟੀਸ਼ਨ ਦਾ ਇਹ ਮਾਮਲਾ ਹਾਈਕੋਰਟ ‘ਚ ਲੰਬੇ ਸਮੇਂ ਤੋਂ ਪੈਂਡਿੰਗ ਹੈ। ਕੋਰੋਨਾ ਕਾਲ ਦੇ ਚੱਲਦੇ ਲੰਬੇ ਸਮੇਂ ਤੋਂ ਇਸ ਮਾਮਲੇ ‘ਤੇ ਸੁਣਵਾਈ ਨਹੀਂ ਹੋ ਸਕੀ।















