ਜਲੰਧਰ – ਪੰਜਾਬ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਕਾਲੇ ਖੇਤੀ ਕਾਨੂੰਨਾਂ ਨੂੰ ਲੈ ਕੇ ਕੇਂਦਰ ਦੀ ਮੋਦੀ ਸਰਕਾਰ ’ਤੇ ਸਿਆਸੀ ਹਮਲਾ ਬੋਲਦਿਆਂ ਕਿਹਾ ਕਿ ਆਜ਼ਾਦੀ ਮਿਲਣ ਦੇ 74 ਸਾਲਾਂ ’ਚ ਇੰਨੇ ਕਿਸਾਨ ਅੰਦੋਲਨ ਨਹੀਂ ਹੋਏ ਜਿੰਨੇ ਪਿਛਲੇ 7 ਸਾਲਾਂ ਵਿਚ ਵੇਖੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਕਿਸਾਨ ਗੁੱਸੇ ਵਿਚ ਹਨ ਅਤੇ ਸੰਘਰਸ਼ ਕਰ ਰਹੇ ਹਨ। ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਫੋਟੋ ਨੂੰ ਲੈ ਕੇ ਟਵੀਟ ਕਰਦਿਆਂ ਕਿਹਾ ਕਿ ਕੀ ਇਹ ਉਹੀ ਚਿਹਰਾ ਹੈ, ਜਿਸ ਕਾਰਨ ਹਜ਼ਾਰਾਂ ਵਿਖਾਵੇ ਹੋ ਰਹੇ ਹਨ।
ਜਾਖੜ ਨੇ ਪਿਛਲੇ 7 ਸਾਲਾਂ ’ਚ ਸਭ ਤੋਂ ਵੱਧ ਹੋਏ ਕਿਸਾਨ ਅੰਦੋਲਨਾਂ ਦਾ ਇਸ ਲਈ ਹਵਾਲਾ ਦਿੱਤਾ ਕਿਉਂਕਿ ਪਿਛਲੇ 7 ਸਾਲਾਂ ਦੌਰਾਨ ਕੇਂਦਰ ਵਿਚ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਰਾਜ ਵਿਚ ਹੈ। ਉਨ੍ਹਾਂ ਮੋਦੀ ਨੂੰ ਅਪੀਲ ਕੀਤੀ ਕਿ ਉਹ ਕਿਸਾਨਾਂ ਦੇ ਮਸਲਿਆਂ ਨੂੰ ਗੰਭੀਰਤਾ ਨਾਲ ਲੈਣ ਅਤੇ ਜਲਦ ਤੋਂ ਜਲਦ ਉਨ੍ਹਾਂ ਦਾ ਨਿਪਟਾਰਾ ਕਰਨ।















