ਗ੍ਰਹਿ ਮੰਤਰੀ ਅੰਮਿਤ ਸ਼ਾਹ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਵਾਪਰੀ ਬੇਅਦਬੀ ਦੀ ਘਟਨਾ ਦੀ ਕੀਤੀ ਸਖ਼ਤ ਨਿੰਦਾ

ਨਵੀਂ ਦਿੱਲੀ- ਸਿੱਖਾਂ ਦੇ ਸਭ ਤੋਂ ਵੱਡੇ ਪਵਿੱਤਰ ਸਥਾਨ ਸ੍ਰੀ ਹਰਿਮੰਦਰ ਸਾਹਿਬ ਵਿਖੇ ਬੇਅਦਬੀ ਦੀ ਕੋਸ਼ਿਸ਼ ਕਰਨ ਨੂੰ ਵਾਪਰੀ ਘਟਨਾ ਨੂੰ ਲੈ ਕੇ ਭਾਰਤ ਦੇ ਗ੍ਰਹਿ ਮੰਤਰੀ ਨੇ ਸਖ਼ਤ ਨਿੰਦਾ ਕੀਤੀ ਹੈ।
ਦੱਸ ਦੇਈਏ ਕਿ ਕੱਲ ਜਦੋਂ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਾਮ ਸਮੇਂ ਸ੍ਰੀ ਰਹਿਰਾਸ ਦਾ ਪਾਠ ਹੋ ਰਿਹਾ ਸੀ ਤਾਂ ਉਸ ਸਮੇਂ ਇਕ ਨੌਜਵਾਨ ਨੇ ਪ੍ਰਕਾਸ਼ ਅਸਥਾਨ ਵਾਲਾ ਜੰਗਲਾ ਟੱਪ ਕੇ ਅੰਦਰ ਦਾਖਲ ਹੋਣ ਦੀ ਕੋਸ਼ਿਸ਼ ਕੀਤੀ ਪਰ ਟਾਸਕ ਫੋਰਸ ਵੱਲੋਂ ਉਸ ਨੂੰ ਕਾਬੂ ਕਰ ਲਿਆ ਗਿਆ। ਜਿਸ ਤੋਂ ਬਾਅਦ ਬੇਅਦਬੀ ਕਰਨ ਦੀ ਕੋਸ਼ਿਸ਼ ਕਰਨ ਵਾਲੇ ਨੌਜਵਾਨ ਨੂੰ ਸੰਗਤ ਵੱਲੋਂ ਕੁੱਟ-ਕੁੱਟ ਕੇ ਮੌਕੇ ‘ਤੇ ਹੀ ਮਾਰ ਦਿੱਤਾ ਗਿਆ। ਇਸ ਘਟਨਾ ਦੀ ਜਾਂਚ ਲਈ ਪੰਜਾਬ ਸਰਕਾਰ ਨੇ ਐੱਸ. ਆਈ. ਟੀ. (SIT) ਦਾ ਗਠਨ ਕੀਤਾ ਹੈ। ਬੇਅਦਬੀ ਦੀ ਕੋਸ਼ਿਸ਼ ਦੀ ਘਟਨਾ ਦੇ ਮਾਮਲੇ ‘ਚ ਪੁਲਸ ਨੇ ਐੱਫ. ਆਈ. ਆਰ. ਦਰਜ ਕਰ ਲਈ ਹੈ। ਪੁਲਸ ਨੇ ਧਾਰਾ 295 ਏ ਅਤੇ 307 ਦਾ ਮਾਮਲਾ ਦਰਜ ਕੀਤਾ ਹੈ।
ਬੀਤੇ ਕੱਲ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਸ੍ਰੀ ਦਰਬਾਰ ਸਾਹਿਬ ‘ਚ ਹੋਈ ਬੇਅਦਬੀ ਦੀ ਕੋਸ਼ਿਸ਼ ਨੂੰ ਇਕ ਘਿਨਾਉਣੀ ਹਰਕਤ ਤੇ ਇਕ ਵੱਡੀ ਸਾਜ਼ਿਸ਼ ਦੱਸਿਆ ਹੈ। ਉਨ੍ਹਾਂ ਕਿਹਾ ਕਿ ਮੈਂ ਇਸ ਬੇਅਦਬੀ ਦੀ ਘਟਨਾ ਨੂੰ ਲੈ ਕੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਗੱਲ ਕੀਤੀ। ਉਨ੍ਹਾਂ ਨੇ ਵੀ ਇਸ ਘਟਨਾ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਅਤੇ ਉਨ੍ਹਾਂ ਸ਼੍ਰੋਮਣੀ ਕਮੇਟੀ ਨੂੰ ਭਰੋਸਾ ਦਿੱਤਾ ਹੈ ਕਿ ਭਾਰਤ ਸਰਕਾਰ ਬੇਅਦਬੀ ਦੀ ਸਾਜ਼ਿਸ਼ ਨੂੰ ਬੇਨਕਾਬ ਕਰਨ ਲਈ ਪੂਰਾ ਸਹਿਯੋਗ ਦੇਵੇਗੀ।