PM ਮੋਦੀ ਨੇ ਵਾਜਪਾਈ ਦੀ ਜਯੰਤੀ ’ਤੇ ‘ਸਦੈਵ ਅਟਲ’ ਸਮਾਧੀ ਜਾ ਕੇ ਦਿੱਤੀ ਸ਼ਰਧਾਂਜਲੀ

ਨਵੀਂ ਦਿੱਲੀ — ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਯਾਨੀ ਕਿ ਅੱਜ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੀ ਜਯੰਤੀ ’ਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਪ੍ਰਧਾਨ ਮੰਤਰੀ ਨੇ ਕਿਹਾ ਕਿ ਅਟਲ ਜੀ ਨੇ ਆਪਣੀ ਪੂਰੀ ਜ਼ਿੰਦਗੀ ਭਾਰਤ ਨੂੰ ਮਜ਼ਬੂਤ ਅਤੇ ਵਿਕਸਿਤ ਬਣਾਉਣ ਲਈ ਸਮਰਪਿਤ ਕਰ ਦਿੱਤੀ।
ਪ੍ਰਧਾਨ ਮੰਤਰੀ ਮੋਦੀ ਨੇ ਇਕ ਟਵੀਟ ਕੀਤਾ, ‘‘ਮਾਣਯੋਗ ਅਟਲ ਜੀ ਨੂੰ ਉਨ੍ਹਾਂ ਦੀ ਜਯੰਤੀ ’ਤੇ ਕੋਟਿ-ਕੋਟਿ ਨਮਨ।’’ ਉਨ੍ਹਾਂ ਨੇ ਵਾਜਪਾਈ ਦੇ ਯੋਗਦਾਨ ਦੀ ਸ਼ਲਾਘਾ ਕਰਦੇ ਹੋਏ ਕਿਹਾ, ‘‘ਅਟਲ ਜੀ ਦੀ ਜਯੰਤੀ ’ਤੇ ਉਨ੍ਹਾਂ ਨੂੰ ਯਾਦ ਕਰ ਰਿਹਾ ਹਾਂ। ਉਨ੍ਹਾਂ ਦੀ ਦੇਸ਼ ਸੇਵਾ ਸਾਡੇ ਸਾਰਿਆਂ ਲਈ ਪ੍ਰੇਰਣਾ ਹੈ। ਉਨ੍ਹਾਂ ਨੇ ਭਾਰਤ ਨੂੰ ਮਜ਼ਬੂਤ ਅਤੇ ਵਿਕਸਿਤ ਬਣਾਉਣ ਲਈ ਆਪਣੀ ਜ਼ਿੰਦਗੀ ਸਮਰਪਿਤ ਕਰ ਦਿੱਤੀ। ਉਨ੍ਹਾਂ ਵਲੋਂ ਕੀਤੇ ਗਏ ਵਿਕਾਸ ਕੰਮਾਂ ਨੇ ਲੱਖਾਂ ਭਾਰਤੀਆਂ ਦੀ ਜ਼ਿੰਦਗੀ ਨੂੰ ਪ੍ਰਭਾਵਿਤ ਕੀਤਾ।’’
ਪ੍ਰਧਾਨ ਮੰਤਰੀ ਨੇ ਵਾਜਪਾਈ ਦੀ ਸਮਾਧੀ ‘ਸਦੈਵ ਅਟਲ’ ਜਾ ਕੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ। ਰੱਖਿਆ ਮੰਰੀ ਰਾਜਨਾਥ ਸਿੰਘ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਭਾਜਪਾ ਦੇ ਪ੍ਰਧਾਨ ਜੇ. ਪੀ. ਨੱਢਾ ਸਮੇਤ ਹੋਰ ਨੇਤਾਵਾਂ ਨੇ ਉਨ੍ਹਾਂ ਨੂੰ ਫੁੱਲ ਭੇਟ ਕੀਤੇ। ਜ਼ਿਕਰਯੋਗ ਹੈ ਕਿ ਵਾਜਪਾਈ ਦਾ ਜਨਮ 25 ਦਸੰਬਰ 1924 ਨੂੰ ਹੋਇਆ ਸੀ। ਭਾਜਪਾ ਨੂੰ ਕਾਮਯਾਬੀ ਦੇ ਸ਼ਿਖਰ ’ਤੇ ਲੈ ਕੇ ਜਾਣ ’ਚ ਉਨ੍ਹਾਂ ਦੀ ਮਹੱਤਵਪੂਰਨ ਭੂਮਿਕਾ ਸੀ। 90 ਦੇ ਦਹਾਕੇ ਵਿਚ ਉਹ ਪਾਰਟੀ ਦਾ ਮੁੱਖ ਚਿਹਰਾ ਬਣ ਕੇ ਉੱਭਰੇ ਅਤੇ ਕੇਂਦਰ ਦੀ ਪਹਿਲੀ ਭਾਜਪਾ ਦੀ ਅਗਵਾਈ ਵਾਲੀ ਸਰਕਾਰ ਬਣਾਈ।