ਫਰੀਦਕੋਟ: ਸਾਬਕਾ ਸਾਂਸਦ ਜਗਮੀਤ ਸਿੰਘ ਬਰਾੜ ਨੇ ਬਹਿਬਲ ਕਲਾਂ ਗੋਲੀਕਾਂਡ ਬਾਰੇ ਜਸਟਿਸ ਜ਼ੋਰਾ ਸਿੰਘ ਕਮਿਸ਼ਨ ਦੀ ਜਾਂਚ ਰਿਪੋਰਟ ‘ਤੇ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਨੇ ਇਸ ਰਿਪੋਰਟ ਦੇ ਆਧਾਰ ‘ਤੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਵੱਲੋਂ ਇਸ ਘਟਨਾ ‘ਚ ਸਿੱਖ ਪ੍ਰਚਾਰਕ ਰਣਜੀਤ ਸਿੰਘ ਢੱਡਰੀਆਂ ਵਾਲੇ ਤੇ ਪਿੰਦਰਪਾਲ ਸਿੰਘ ਦਾ ਨਾਮ ਲਏ ਜਾਣ ਦੀ ਵੀ ਤਿੱਖੇ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ।
ਸਥਾਨਕ ਸੀ ਗਰੀਨ ਰਿਜ਼ੋਰਟਸ ਵਿੱਚ ਪੱਤਰਕਾਰ ਸੰਮੇਲਨ ਦੌਰਾਨ ਬਰਾੜ ਨੇ ਕਿਹਾ ਕਿ ਉਪ ਮੁੱਖ ਮੰਤਰੀ ਵੱਲੋਂ ਬਰਗਾੜੀ ਕਾਂਡ ‘ਚ ਗੋਲੀ ਚਲਾਉਣ ਲਈ ਉਕਸਾਉਣ ਲਈ ਕਥਾਵਾਚਕ ਪਿੰਦਰਪਾਲ ਸਿੰਘ ਤੇ ਰਣਜੀਤ ਸਿੰਘ ਢੱਡਰੀਆਂ ਵਾਲੇ ਦਾ ਨਾਮ ਲਿਆ ਜਾਣਾ ਸਰਾਸਰ ਗਲਤ ਹੈ। ਜਸਟਿਸ ਜ਼ੋਰਾ ਸਿੰਘ ਨੇ ਇਹ ਰਿਪੋਰਟ ਸਰਕਾਰ ਨੂੰ ਸੌਂਪ ਦਿੱਤੀ ਹੈ।
ਇਸ ਦੇ ਨਾਲ ਹੀ ਬਰਾੜ ਨੇ ਨੌਕਰੀ ਘੁਟਾਲੇ ਵਿੱਚ ਦਿਆਲ ਸਿੰਘ ਕੋਲਿਆਂਵਾਲੀ ਨੂੰ ਸਿੱਧੇ ਤੌਰ ‘ਤੇ ਜ਼ਿੰਮੇਵਾਰ ਦੱਸਿਆ। ਉਨ੍ਹਾਂ ਅਕਾਲੀ-ਭਾਜਪਾ ਸਰਕਾਰ ਨੂੰ ਲੰਮੇ ਹੱਥੀਂ ਲੈਂਦੇ ਕਿਹਾ ਕਿ ਪੰਜਾਬ ਵਿੱਚ ਇਸ ਸਮੇਂ ਪੜ੍ਹੇ-ਲਿਖੇ ਬੇਰੁਜ਼ਗਾਰਾਂ ਦੀ ਗਿਣਤੀ ਕਰੀਬ 45 ਲੱਖ ਹੈ। ਇਨ੍ਹਾਂ ਵਿੱਚ ਅਜਿਹੇ ਨੌਜਵਾਨਾਂ ਦੀ ਬਹੁਤਾਤ ਹੈ ਜੋ ਰੁਜਗਾਰ ਦੀ ਭਾਲ ‘ਚ ਆਪਣਾ ਸੂਬਾ ਛੱਡ ਕੇ ਵਿਦੇਸ਼ਾਂ ਵਿੱਚ ਧੱਕੇ ਖਾਣ ਲਈ ਮਜਬੂਰ ਹਨ।
ਜਗਮੀਤ ਬਰਾੜ ਨੇ ਕਿਹਾ ਕਿ ਲੋਕ ਹਿੱਤ ਅਭਿਆਨ ਪਾਰਟੀ ਦੇ ਡੈਲੀਗੇਟ ਬਠਿੰਡਾ ਤੋਂ 9 ਜੁਲਾਈ ਨੂੰ ਮੁਹਿੰਮ ਉਲੀਕਣਗੇ ਜੋ ਮਾਲਵਾ ਜ਼ੋਨ ਦੇ 9 ਜ਼ਿਲ੍ਹਿਆਂ ਵਿੱਚ ਚਲਾਈ ਜਾਵੇਗੀ। ਇਸ ਵਿੱਚ ਅਕਾਲੀ-ਭਾਜਪਾ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਤੋਂ ਪ੍ਰਦੇਸ਼ ਦੀ ਜਨਤਾ ਨੂੰ ਜਾਣੂ ਕਰਵਾਇਆ ਜਾਵੇਗਾ। ਬਰਾੜ ਨੇ ਐਲਾਨ ਕੀਤਾ ਕਿ ਪੰਜਾਬ ਵਿੱਚ ਖੇਤੀ ਸੰਕਟ, ਉਦਯੋਗਕ ਸੰਕਟ, ਵਪਾਰੀ ਸੰਕਟ ਤੇ ਸਮਾਜਿਕ ਮੁੱਦਿਆਂ ਦੇ ਹੱਲ ਲਈ 15 ਅਗਸਤ ਨੂੰ ਆਜ਼ਾਦੀ ਵਾਲੇ ਇਤਿਹਾਸਕ ਦਿਨ ਤੋਂ ਉਹ ਪੰਜਾਬ ਵਿੱਚ ਬਗਾਵਤ ਦਾ ਆਰੰਭ ਕਰਨਗੇ।















