ਚੰਡੀਗੜ੍ਹ : ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਅੰਤਿਮ ਅਰਦਾਸ ਵਾਲੇ ਦਿਨ ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਦੇ ਪਰਿਵਾਰ ਨੂੰ ਸ਼ੋਕ ਸੰਦੇਸ਼ ਭੇਜਿਆ ਹੈ। ਭਗਵੰਤ ਮਾਨ ਨੇ ਸਿੱਧੂ ਦੇ ਪਿਤਾ ਬਲਕੌਰ ਸਿੰਘ ਅਤੇ ਮਾਤਾ ਚਰਨ ਕੌਰ ਨੂੰ ਸੰਬੋਧਨ ਕਰਦਿਆਂ ਕਿਹਾ ਹੈ ਕਿ ਕੁੱਝ ਦਿਨ ਪਹਿਲਾਂ ਦਿਲ ਦਹਿਲਾਉਣ ਵਾਲੀ ਇਕ ਘਟਨਾ ‘ਚ ਆਪ ਜੀ ਦੇ ਸਪੁੱਤਰ ਸ਼ੁੱਭਦੀਪ ਸਿੰਘ, ਸਿੱਧੂ ਮੂਸੇਵਾਲਾ ਦੀ ਹੋਈ ਬੇਵਕਤੀ ਮੌਤ ਨੇ ਸਾਰਿਆਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ।
ਉਨ੍ਹਾਂ ਕਿਹਾ ਕਿ ਉਹ ਪਰਿਵਾਰ ਦੇ ਇਸ ਦੁੱਖ ‘ਚ ਸ਼ਾਮਲ ਹੁੰਦੇ ਹੋਏ ਵਿੱਛੜੀ ਰੂਹ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਦੇ ਹਨ। ਉਨ੍ਹਾਂ ਕਿਹਾ ਕਿ ਭਰ ਜਵਾਨੀ ‘ਚ ਪੁੱਤ ਦਾ ਇਸ ਦੁਨੀਆ ਤੋਂ ਰੁਖ਼ਸਤ ਹੋ ਜਾਣ ਦਾ ਦੁੱਖ ਜਿੱਥੇ ਪਰਿਵਾਰ ਲਈ ਅਸਹਿ ਹੈ, ਉੱਥੇ ਹੀ ਦੁਨੀਆ ਭਰ ‘ਚ ਉਨ੍ਹਾਂ ਨੂੰ ਚਾਹੁਣ ਵਾਲਿਆਂ ਲਈ ਇਹ ਡੂੰਘਾ ਸਦਮਾ ਅਤੇ ਨਾ ਪੂਰਿਆ ਜਾਣ ਵਾਲਾ ਘਾਟਾ ਹੈ। ਉਨ੍ਹਾਂ ਕਿਹਾ ਕਿ ਸ਼ੁੱਭਦੀਪ ਸਿੰਘ ਸਿੱਧੂ ਨੇ ਪੰਜਾਬੀ ਗਾਇਕੀ ਦੀ ਹੀ ਨਹੀਂ, ਸਗੋਂ ਪਿੰਡ ਮੂਸਾ ਦੀ ਮਿੱਟੀ ਦੀ ਖ਼ੁਸ਼ਬੂ ਨੂੰ ਹੱਦਾਂ-ਸਰਹੱਦਾਂ ਤੋਂ ਵੀ ਪਾਰ ਦੁਨੀਆ ਦੇ ਕੋਨੋ-ਕੋਨੇ ‘ਚ ਪਹੁੰਚਾਇਆ।
ਸਿੱਧੂ ਮੂਸੇਵਾਲਾ ਨੇ ਭਾਵੇਂ ਗਾਇਕ ਵੱਜੋਂ ਦੁਨੀਆ ‘ਚ ਨਾਮਣਾ ਖੱਟਿਆ ਪਰ ਆਪਣੇ ਜੱਦੀ ਕਿੱਤੇ ਖੇਤੀ ਨਾਲ ਜੁੜੇ ਰਹਿਣ ਅਤੇ ਆਖ਼ਰੀ ਦਮ ਤੱਕ ਮਾਪਿਆਂ ਦਾ ਪਰਛਾਵਾਂ ਬਣੇ ਰਹਿਣ ਦੀ ਵਿਲੱਖਣ ਜੀਵਨ ਜਾਂਚ ਸਦਕਾ ਹਜ਼ਾਰਾਂ ਨੌਜਵਾਨਾਂ ਦੇ ਦਿਲਾਂ ਨੂੰ ਟੁੰਬਿਆ।
ਉਨ੍ਹਾਂ ਕਿਹਾ ਕਿ ਪਰਿਵਾਰਿਕ ਮੈਂਬਰਾਂ ਅਤੇ ਸਾਕ-ਸਬੰਧੀਆਂ ਨਾਲ ਉਹ ਦਿਲੀ ਹਮਦਰਦੀ ਜ਼ਾਹਰ ਕਰਦਿਆਂ ਅਕਾਲ ਪੁਰਖ ਅੱਗੇ ਅਰਦਾਸ ਕਰਦੇ ਹਨ ਕਿ ਵਿੱਛੜੀ ਰੂਹ ਨੂੰ ਆਪਣੇ ਚਰਨਾਂ ‘ਚ ਸਦੀਵੀਂ ਨਿਵਾਸ ਦੇਣ ਅਤੇ ਭਾਣਾ ਮੰਨਣ ਦਾ ਬਲ ਬਖਸ਼ਣ। ਉਨ੍ਹਾਂ ਕਿਹਾ ਕਿ ਪੱਗ ਦੀ ਸ਼ਾਨ ਪੂਰੀ ਦੁਨੀਆ ‘ਚ ਉੱਚੀ ਕਰਨ ਵਾਲੇ ‘ਸਿੱਧੂ’ ਨੂੰ ਦੁਨੀਆ ਰਹਿੰਦੇ ਵੇਲਿਆਂ ਤੱਕ ਯਾਦ ਰੱਖੇਗੀ।















