ਘਰ-ਘਰ ਪਹੁੰਚੇਗੀ ਸਿਹਤ ਸੇਵਾ : ਬਾਦਲ

3ਬਠਿੰਡਾ/ਚੰਡੀਗੜ੍ਹ : ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਅਕਾਲੀ-ਭਾਜਪਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਅੱਜ ਆਖਿਆ ਕਿ ਸੂਬਾ ਸਰਕਾਰ ਵੱਲੋਂ ਲੋਕਾਂ ਨੂੰ ਘਰ-ਘਰ ਜਾ ਕੇ ਸਿਹਤ ਜਾਂਚ ਸੇਵਾਵਾਂ ਦੇਣ ਲਈ ਛੇਤੀ ਹੀ ਇਕ ਨਵੀਂ ਸਕੀਮ ਚਲਾਈ ਜਾ ਰਹੀ ਹੈ।
ਅੱਜ ਇੱਥੇ ਉਚ ਦਰਜੇ ਦੇ ਐਡਵਾਂਸਡ ਕੈਂਸਰ ਇੰਸਟੀਚਿਊਟ ਦੇ ਉਦਘਾਟਨ ਉਫਰੰਤ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਆਖਿਆ ਕਿ ਹਰ ਘਰ ਤੱਕ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਦੀ ਸਕੀਮ ਨੂੰ ਛੇਤੀ ਹੀ ਅਮਲੀ ਰੂਪ ਦਿੱਤਾ ਜਾਵੇਗਾ। ਇਸ ਮੌਕੇ ਮੁੱਖ ਮੰਤਰੀ ਨਾਲ ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਵੀ ਹਾਜ਼ਰ ਸਨ। ਸ. ਬਾਦਲ ਨੇ ਕਿਹਾ ਕਿ ਇਸ ਸਕੀਮ ਦਾ ਉਦੇਸ਼ ਲੋਕਾਂ ਨੂੰ ਢੁਕਵੀਆਂ ਸਿਹਤ ਸੇਵਾਵਾਂ ਦੇਣਾ ਹੈ ਅਤੇ ਮੁਢਲੇ ਦੌਰ ਵਿੱਚ ਸ਼ੂਗਰ (ਡਾਇਬੇਟੀਜ਼) ਅਤੇ ਬਲੱਡ ਪ੍ਰੈਸ਼ਰ ਦੇ ਟੈਸਟ ਲਏ ਜਾਣਗੇ।
ਮਿਆਰੀ ਜੀਵਨ ਜਿਉਣ ‘ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਨੇ ਲੋਕਾਂ ਨੂੰ ਸਾਦਾ ਭੋਜਨ ਖਾਣ ਅਤੇ ਰੋਜ਼ਾਨਾ ਕਸਰਤ ਕਰਨ ਦੀ ਸਲਾਹ ਦਿੱਤੀ। ਉਨ੍ਹਾਂ ਨੇ ਲੋਕਾਂ ਨੂੰ ਸਲਾਹ ਦਿੱਤੀ ਕਿ ਆਪਣੀ ਸਿਹਤ ਦੀ ਜਾਂਚ ਨਿਰੰਤਰ ਕਰਵਾਉਂਦੇ ਰਹਿਣਾ ਚਾਹੀਦਾ ਹੈ ਤਾਂ ਕਿ ਕਿਸੇ ਬਿਮਾਰੀ ਦਾ ਮੁੱਢ ਵਿੱਚ ਪਤਾ ਲੱਗ ਸਕੇ। ਉਨ੍ਹਾਂ ਕਿਹਾ ਕਿ ਅਜਿਹਾ ਢੰਗ ਅਪਣਾਉਣ ਨਾਲ ਹਰੇਕ ਵਿਅਕਤੀ ਸਿਹਤਮੰਦ ਤੇ ਲੰਮੀ ਜ਼ਿੰਦਗੀ ਬਿਤਾ ਸਕਦਾ ਹੈ।
ਕੈਂਸਰ ਇੰਸਟੀਚਿਊਟ ਦੇ ਉਦਘਾਟਨ ਬਾਰੇ ਮੁੱਖ ਮੰਤਰੀ ਨੇ ਕਿਹਾ ਕਿ ਇਸ ਪ੍ਰਾਜੈਕਟ ਨੂੰ 115 ਕਰੋੜ ਰੁਪਏ ਦੀ ਲਾਗਤ ਨਾਲ ਤੈਅ ਸਮੇਂ ਵਿੱਚ ਪੂਰਾ ਕਰ ਲਿਆ ਗਿਆ ਹੈ। ਸ. ਬਾਦਲ ਨੇ ਕਿਹਾ ਕਿ ਇਹ ਕੈਂਸਰ ਇਲਾਜ ਕੇਂਦਰ ਕੈਂਸਰ ਦੇ ਰੋਗੀਆਂ ਨੂੰ ਜਾਂਚ, ਇਲਾਜ ਅਤੇ ਖੋਜ ਦੀਆਂ ਮਿਆਰੀ ਸਹੂਲਤਾਂ ਮੁਹੱਈਆ ਕਰਵਾਏਗਾ। ਉਨ੍ਹਾਂ ਕਿਹਾ ਕਿ ਇਸ ਕੇਂਦਰ ਨਾਲ ਹੁਣ ਪੰਜਾਬ ਦੇ ਲੋਕਾਂ ਨੂੰ ਇਲਾਜ ਲਈ ਦੂਜੇ ਸੂਬਿਆਂ ਵਿੱਚ ਨਹੀਂ ਜਾਣਾ ਪਵੇਗਾ ਸਗੋਂ ਦੇਸ਼ ਦੇ ਦੂਜੇ ਹਿੱਸਿਆਂ ਤੋਂ ਲੋਕ ਇੱਥੇ ਇਲਾਜ ਲਈ ਆਇਆ ਕਰਨਗੇ।
ਕੈਂਸਰ ਰੋਗ ਦੀ ਰੋਕਥਾਮ ਤੇ ਇਲਾਜ ਲਈ ਸੂਬਾ ਸਰਕਾਰ ਵੱਲੋਂ ਚੁੱਕੇ ਕਦਮਾਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਐਡਵਾਂਸਡ ਸੈਂਟਰ ਲੋਕਾਂ ਨੂੰ ਟਾਟਾ ਮੈਮੋਰੀਅਲ ਸੈਂਟਰ, ਮੁੰਬਈ ਵਾਂਗ ਸੇਵਾਵਾਂ ਮੁਹੱਈਆ ਕਰਵਾਏਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਅੰਮ੍ਰਿਤਸਰ, ਪਟਿਆਲਾ, ਫਰੀਦਕੋਟ, ਸੰਗਰੂਰ ਅਤੇ ਹੋਰ ਜ਼ਿਲ੍ਹਿਆਂ ਵਿਚ ਕੈਂਸਰ ਦੇ ਇਲਾਜ ਲਈ ਠੋਸ ਯਤਨ ਕੀਤੇ ਗਏ ਹਨ। ਇਸੇ ਤਰ੍ਹਾਂ ਸੂਚੀਬੱਧ ਹਸਪਤਾਲਾਂ ਵਿਚ ਵੀ ਕੈਂਸਰ ਦਾ ਇਲਾਜ ਮੁਹੱਈਆ ਕਰਵਾਇਆ ਜਾ ਰਿਹਾ ਹੈ ਅਤੇ ਮੁੱਖ ਮੰਤਰੀ ਕੈਂਸਰ ਰਾਹਤ ਕੋਸ਼ ਅਧੀਨ 32 ਹਜ਼ਾਰ ਕੈਂਸਰ ਰੋਗੀਆਂ ਨੂੰ 401 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਮੁਹੱਈਆ ਕਰਵਾਈ ਹੈ।
ਮੁੱਖ ਮੰਤਰੀ ਨੇ ਆਖਿਆ ਕਿ ਅਕਾਲੀ-ਭਾਜਪਾ ਸਰਕਾਰ ਹੀ ਲੋਕਾਂ ਦੀ ਸੱਚੀ ਹਮਦਰਦ ਹੈ ਅਤੇ ਹੋਰ ਕਿਸੇ ਵੀ ਸਰਕਾਰ ਨੇ ਪੰਜਾਬ ਦੇ ਭਲੇ ਲਈ ਇਨ੍ਹਾਂ ਕੰਮ ਨਹੀਂ ਕੀਤਾ। ਉਨ੍ਹਾਂ ਆਖਿਆ ਕਿ ਪਹਿਲੀ ਵਾਰ ਸੂਬਾ ਸਰਕਾਰ ਨੇ ਖੇਤੀ, ਸਨਅਤ ਅਤੇ ਸਹਿਤ ਸੰਭਾਲ ਦੇ ਖੇਤਰਾਂ ਵਿਚ ਵੱਡੀਆਂ ਰਿਆਇਤਾਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਪਹਿਲੀ ਵਾਰ ਲੋਕਾਂ ਦਾ 50 ਹਜ਼ਾਰ ਰੁਪਏ ਤੱਕ ਦਾ ਸਹਿਤ ਬੀਮਾ ਕੀਤਾ ਗਿਆ ਹੈ ਅਤੇ ਛੇਤੀ ਹੀ ਸੂਬਾ ਭਰ ਵਿਚ ਦੋ ਹਜ਼ਾਰ ਮੈਡੀਕਲ ਸਟੋਰ ਖੋਲ੍ਹੇ ਜਾ ਰਹੇ ਹਨ ਜਿਨ੍ਹਾਂ ਵਿੱਚ ਕਰੌਨਿਕ ਰੋਗੀਆਂ ਨੂੰ ਮੁਫਤ ਦਵਾਈ ਮੁਹੱਈਆ ਕਰਵਾਈ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਸਿੱਖਿਆ ਤੇ ਸਹਿਤ ਦੇ ਖੇਤਰਾਂ ਵਿਚ ਪੰਜਾਬ ਮੋਹਰੀ ਸੂਬਾ ਹੈ। ਉਨ੍ਹਾਂ ਨੇ ਚੱਲ ਰਹੇ ਵਿਕਾਸ ਕਾਰਜਾਂ ਵਿਚ ਹੋਰ ਤੇਜ਼ੀ ਲਿਆਉਣ ਲਈ ਲੋਕਾਂ ਦੇ ਸਹਿਯੋਗ ਦੀ ਮੰਗ ਕੀਤੀ।
ਇਸ ਤੋਂ ਪਹਿਲਾਂ ਕੇਂਦਰੀ ਫੂਡ ਪ੍ਰਾਸੈਸਿੰਗ ਮੰਤਰੀ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਨੇ ਆਖਿਆ ਕਿ ਮੁੱਖ ਮੰਤਰੀ ਦੀ ਯੋਗ ਅਗਵਾਈ ਸਦਕਾ ਸੂਬੇ ਨੇ ਹਰੇਕ ਖੇਤਰ ਵਿਚ ਸਫਲਤਾ ਦੇ ਦਿਸਹੱਦੇ ਕਾਇਮ ਕੀਤੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੀ ਵਚਨਬੱਧਤਾ ਕਰਕੇ ਹੀ ਬਠਿੰਡਾ ਜ਼ਿਲ੍ਹਾ ਸਿੱਖਿਆ, ਸਿਹਤ ਅਤੇ ਸਨਅਤ ਦਾ ਧੁਰਾ ਬਣ ਕੇ ਉਭਰਿਆ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਮਾਈ ਭਾਗੋ ਵਿਦਿਆ ਸਕੀਮ, ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ, ਕੈਂਸਰ ਰਾਹਤ ਫੰਡ, ਲੜਕੀਆਂ ਨੂੰ ਮੁਫਤ ਸਿੱਖਿਆ ਸਮੇਤ ਹੋਰ ਲੋਕ ਪੱਖੀ ਸਕੀਮਾਂ ਸ਼ੁਰੂ ਕੀਤੀਆਂ ਹਨ।
ਕੇਂਦਰੀ ਮੰਤਰੀ ਨੇ ਆਖਿਆ ਕਿ ਸਮਾਜ ਦੇ ਹਰੇਕ ਪੱਧਰ ਦੀ ਭਲਾਈ ਕਰਨ ਵਿਚ ਕੋਈ ਵੀ ਮੁੱਖ ਮੰਤਰੀ ਜਾਂ ਸੂਬਾ ਸ. ਬਾਦਲ ਦੀ ਸਮਰਪਿਤ ਭਾਵਨਾ ਦੀ ਥਾਹ ਨਹੀਂ ਪਾ ਸਕਦਾ। ਉਨ੍ਹਾਂ ਆਖਿਆ ਕਿ ਕੇਂਦਰ ਵਿਚ ਭਾਜਪਾ ਦੀ ਅਗਵਾਈ ਵਾਲੀ ਐਨ.ਡੀ.ਏ ਸਰਕਾਰ ਦਾ ਪੰਜਾਬ ਨੂੰ ਬਹੁਤ ਲਾਭ ਹੋਇਆ ਹੈ। ਉਨ੍ਹਾਂ ਆਖਿਆ ਕਿ ਪੰਜਾਬ ਨੂੰ ਏਮਜ਼, ਆਈ.ਆਈ.ਐਮ, ਅੰਮ੍ਰਿਤਸਰ ਨੂੰ ਵਿਰਾਸਤੀ ਦਰਜ਼ਾ, ਸੜਕਾਂ ਦੀ ਉਸਾਰੀ ਲਈ 40 ਹਜ਼ਾਰ ਕਰੋੜ ਰੁਪਏ ਦਿੱਤੇ ਗਏ ਹਨ ਅਤੇ ਬਹੁਤ ਛੇਤੀ ਬਠਿੰਡਾ ਦਾ ਹਵਾਈ ਅੱਡਾ ਵੀ ਸ਼ੁਰੂ ਹੋ ਰਿਹਾ ਹੈ।
ਇਸ ਉਪਰੰਤ ਪੱਤਰਕਾਰਾਂ ਨਾਲ ਗਲਬਾਤ ਦੌਰਾਨ ਮੁੱਖ ਮੰਤਰੀ ਨੇ ਆਖਿਆ ਕਿ ਆਮ ਆਦਮੀ ਪਾਰਟੀ ਨੇ ਚੋਣ ਮੈਨੀਫੈਸਟੋ ਦੀ ਤੁਲਨਾ ਪਵਿੱਤਰ ਗ੍ਰੰਥਾਂ ਨਾਲ ਕਰਕੇ ਹਰੇਕ ਦੇਸ਼ ਵਾਸੀ ਦੇ ਹਿਰਦੇ ਨੂੰ ਡੂੰਘੀ ਠੇਸ ਪਹੁੰਚਾਈ ਹੈ। ਉਨ੍ਹਾਂ ਕਿਹਾ ਕਿ ਆਪ ਦੇ ਇਸ ਐਲਾਨ ਨੇ ਇਸ ਦੀ ਲੀਡਰਸ਼ਿਪ ਦੀ ਸੌੜੀ ਮਾਨਸਿਕਤਾ ਸਾਹਮਣੇ ਲਿਆਂਦੀ ਹੈ। ਸ. ਬਾਦਲ ਨੇ ਆਖਿਆ ਕਿ ਆਪ ਲੀਡਰਾਂ ਵੱਲੋਂ ਇਸ ਮੁੱਦੇ ‘ਤੇ ਮਾਫੀ ਦੀ ਕੀਤੀ ਜਾ ਰਹੀ ਪੇਸ਼ਕਸ਼ ਦਾ ਕੋਈ ਫਾਇਦਾ ਨਹੀਂ ਕਿਉਂਕਿ ਇਨ੍ਹਾਂ ਵੱਲੋਂ ਕੀਤੇ ਗਏ ਨੁਕਸਾਨ ਦੀ ਭਰਪਾਈ ਨਹੀਂ ਹੋ ਸਕਦੀ।
ਕਾਂਗਰਸੀ ਨੇਤਾ ਸ੍ਰੀ ਸੁਨੀਲ ਜਾਖੜ ਵੱਲੋਂ ਮਰਨ ਵਰਤ ਦਾ ਐਲਾਨ ਕੀਤਾ ਜਾਣ ਸਬੰਧੀ ਪੁੱਛੇ ਸਵਾਲ ਦੇ ਜਵਾਬ ਵਿਚ ਮੁੱਖ ਮੰਤਰੀ ਨੇ ਕਾਂਗਰਸੀ ਲੀਡਰ ਨੂੰ ਤਿੰਨ ਸਵਾਲ ਕੀਤੇ ਕਿ ਸਤਲੁਜ-ਯਮੁਨਾ ਲਿੰਕ ਨਹਿਰ ਨੂੰ ਪ੍ਰਵਾਨਗੀ ਕਿਸ ਨੇ ਦਿੱਤੀ, ਨੀਂਹ ਪੱਥਰ ਕਿਸ ਨੇ ਰੱਖਿਆ ਅਤੇ ਇਸ ਪ੍ਰਾਜੈਕਟ ਦੇ ਜਸ਼ਨ ਕਿਸ ਨੇ ਮਨਾਏ? ਸ. ਬਾਦਲ ਨੇ ਕਿਹਾ ਕਿ ਕਾਂਗਰਸੀ ਨੇਤਾ ਇਸ ਮੁੱਦੇ ਉਤੇ ਮਗਰਮੱਛ ਦੇ ਹੰਝੂ ਵਹਾਅ ਰਹੇ ਹਨ ਜਦਕਿ ਹਕੀਕਤ ਵਿਚ ਪੰਜਾਬੀਆਂ ਨਾਲ ਹੋਏ ਘੋਰ ਅਨਿਆਂ ਦੇ ਅਸਲ ਦੋਸ਼ੀ ਕਾਂਗਰਸੀ ਹੀ ਹਨ। ਉਨ੍ਹਾਂ ਕਿਹਾ ਕਿ ਕਾਂਗਰਸੀ ਨੇਤਾ ਸੌੜੇ ਸਿਆਸੀ ਹਿੱਤਾਂ ਦੇ ਖਾਤਰ ਇਸ ਮੁੱਦੇ ‘ਤੇ ਰੌਲਾ ਪਾ ਰਹੇ ਹਨ। ਸ. ਬਾਦਲ ਨੇ ਕਿਹਾ ਕਿ ਇਹ ਮਾਮਲਾ ਸੁਪਰੀਮ ਕੋਰਟ ਵਿਚ ਹੋਣ ਕਰਕੇ ਕੇਂਦਰ ਸਰਕਾਰ ਇਸ ‘ਤੇ ਕੁਝ ਵੀ ਨਹੀਂ ਕਰ ਸਕਦੀ।
ਮੁੱਖ ਮੰਤਰੀ ਨੇ ਮੁੜ ਦੁਹਰਾਇਆ ਕਿ ਕਾਂਗਰਸ ਅਤੇ ਆਮ ਆਦਮੀ ਪਾਰਟੀ ਪਾਣੀਆਂ ‘ਤੇ ਪੰਜਾਬ ਦਾ ਹੱਕ ਖੋਹਣ ਲਈ ਆਪਸ ਵਿਚ ਘਿਉ-ਖਿਚੜੀ ਹਨ। ਉਨ੍ਹਾਂ ਆਖਿਆ ਕਿ ਜਦੋਂ ਕਾਂਗਰਸ ਨੇ ਪੰਜਾਬ ਨੂੰ ਦਰਿਆਈ ਪਾਣੀਆਂ ਤੋਂ ਵਾਂਝਾ ਕਰਨ ਲਈ ਸਮਝੌਤਿਆਂ ‘ਤੇ ਦਸਤਖਤ ਕੀਤੇ ਸਨ ਤਾਂ ਹੁਣ ਆਪ ਵਲੋਂ ਇਨ੍ਹਾਂ ਸਮਝੌਤਿਆਂ ਨੂੰ ਛੇਤੀ ਲਾਗੂ ਕਰਵਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਸ. ਬਾਦਲ ਨੇ ਕਿਹਾ ਕਿ ਇਹ ਸਭ ਨੂੰ ਪਤਾ ਹੈ ਕਿ ਇਹ ਦੋਵੇਂ ਪਾਰਟੀਆਂ ਪੰਜਾਬ ਦਾ ਪਾਣੀ ਖੋਹ ਕਿ ਸੂਬੇ ਨੂੰ ਮਾਰੂਥਲ ਬਣਾਉਣ ਲਈ ਪੱਬਾਂ ਭਾਰ ਹਨ।
ਇਸ ਮੌਕੇ ਕੈਬਨਿਟ ਮੰਤਰੀ ਸ੍ਰੀ ਅਨਿਲ ਜੋਸ਼ੀ ਤੇ ਸ੍ਰੀ ਸੁਰਜੀਤ ਕੁਮਾਰ ਜਿਆਨੀ, ਮੁੱਖ ਸੰਸਦੀ ਸਕੱਤਰ ਸ੍ਰੀ ਸਰੂਪ ਚੰਦ ਸਿੰਗਲਾ, ਵਿਧਾਇਕ ਸ੍ਰੀ ਜੀਤ ਮੋਇੰਦਰ ਸਿੰਘ ਸਿੱਧੂ ਅਤੇ ਸ੍ਰੀ ਦਰਸ਼ਨ ਸਿੰਘ ਕੋਟਫੱਤਾ, ਸਲਾਹਕਾਰ ਸਿਹਤ ਡਾ. ਕੇ.ਕੇ. ਤਲਵਾੜ, ਪ੍ਰਮੁੱਖ ਸਕੱਤਰ ਸਿਹਤ ਤੇ ਪਰਿਵਾਰ ਭਲਾਈ ਸ੍ਰੀਮਤੀ ਵਿੰਨੀ ਮਹਾਜਨ, ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਸ੍ਰੀ ਕੇ.ਜੇ.ਐਸ. ਚੀਮਾ, ਸਕੱਤਰ ਸਥਾਨਕ ਸਰਕਾਰ ਸ੍ਰੀ ਵਿਕਾਸ ਗਰਗ ਅਤੇ ਡਿਪਟੀ ਕਮਿਸ਼ਨਰ ਸ੍ਰੀ ਬਸੰਤ ਗਰਗ ਹਾਜ਼ਰ ਸਨ।