ਚੇਤਨਪੁਰਾ – ਥਾਣਾ ਝੰਡੇਰ ਅਧੀਨ ਆਉਂਦੇ ਪਿੰਡ ਕੰਦੋਵਾਲੀ ਨੇੜੇ ਬੀਤੇ ਦਿਨੀਂ ਏ.ਐੱਸ.ਆਈ. ਜਸਵੰਤ ਸਿੰਘ ’ਤੇ ਗੋਲੀ ਚਲਾਉਣ ਵਾਲੇ ਕਥਿਤ ਬਦਮਾਸ਼ ਕਰਨਬੀਰ ਸਿੰਘ ਉਰਫ਼ ਕਰਮਵੀਰ ਸਿੰਘ ਦਾ ਪੁਲਸ ਵੱਲੋਂ ਐਨਕਾਊਂਟਰ ਕੀਤੇ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਪੁਲਸ ਮੁਤਾਬਕ ਉਕਤ ਮੁਲਜ਼ਮ ਬੀਤੇ ਦਿਨ ਪੁਲਸ ਹਿਰਾਸਤ ਵਿੱਚੋਂ ਫ਼ਰਾਰ ਹੋ ਗਿਆ ਸੀ ਅਤੇ ਕਿਸੇ ਹੋਰ ਵਾਰਦਾਤ ਨੂੰ ਅੰਜਾਮ ਦੇਣ ਦੀ ਫ਼ਿਰਾਕ ਵਿੱਚ ਘੁੰਮ ਰਿਹਾ ਸੀ।
ਪ੍ਰਾਪਤ ਜਾਣਕਾਰੀ ਅਨੁਸਾਰ ਪੁਲਸ ਨੂੰ ਮੁਲਜ਼ਮ ਦੀ ਕੰਦੋਵਾਲੀ ਨੇੜੇ ਮੌਜੂਦਗੀ ਸਬੰਧੀ ਸੂਚਨਾ ਮਿਲੀ ਸੀ, ਜਿਸ ਉਪਰੰਤ ਪੁਲਸ ਟੀਮ ਨੇ ਉਸ ਨੂੰ ਕਾਬੂ ਕਰਨ ਲਈ ਘੇਰਾਬੰਦੀ ਕਰ ਲਈ। ਪੁਲਸ ਅਨੁਸਾਰ ਜਦੋਂ ਟੀਮ ਨੇ ਮੁਲਜ਼ਮ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਉਸ ਨੇ ਪੁਲਸ ਪਾਰਟੀ ’ਤੇ ਗੋਲੀ ਚਲਾ ਦਿੱਤੀ, ਜਿਸ ਕਾਰਨ ਇੱਕ ਪੁਲਸ ਕਰਮਚਾਰੀ ਜ਼ਖ਼ਮੀ ਹੋ ਗਿਆ। ਪੁਲਸ ਵੱਲੋਂ ਕੀਤੀ ਗਈ ਜਵਾਬੀ ਕਾਰਵਾਈ ਦੌਰਾਨ ਗੋਲੀ ਲੱਗਣ ਨਾਲ ਮੁਲਜ਼ਮ ਗੰਭੀਰ ਜ਼ਖ਼ਮੀ ਹੋ ਗਿਆ। ਬਾਅਦ ਵਿੱਚ ਉਸ ਦੀ ਮੌਤ ਹੋਣ ਦੀ ਸੂਚਨਾ ਹੈ। ਘਟਨਾ ਤੋਂ ਬਾਅਦ ਪੁਲਸ ਵੱਲੋਂ ਇਲਾਕੇ ਨੂੰ ਘੇਰ ਕੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਏ.ਐੱਸ.ਆਈ. ਜਸਵੰਤ ਸਿੰਘ ’ਤੇ ਕੀਤਾ ਸੀ ਫਾਇਰ
ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਏ.ਐੱਸ.ਆਈ. ਜਸਵੰਤ ਸਿੰਘ ਆਪਣੀ ਡਿਊਟੀ ’ਤੇ ਜਾ ਰਹੇ ਸਨ ਤਾਂ ਕਥਿਤ ਤੌਰ ’ਤੇ ਉਕਤ ਬਦਮਾਸ਼ਾਂ ਵੱਲੋਂ ਉਨ੍ਹਾਂ ’ਤੇ ਫਾਇਰਿੰਗ ਕੀਤੀ ਗਈ ਸੀ। ਗੋਲੀ ਉਨ੍ਹਾਂ ਦੇ ਸਿਰ ਵਿੱਚ ਲੱਗਣ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਗਏ ਸਨ। ਇਸ ਵਾਰਦਾਤ ਤੋਂ ਬਾਅਦ ਪੁਲਸ ਵੱਲੋਂ ਮੁਲਜ਼ਮਾਂ ਦੀ ਭਾਲ ਕੀਤੀ ਜਾ ਰਹੀ ਸੀ। ਪੁਲਸ ਵੱਲੋਂ ਹੁਣ ਕੰਦੋਵਾਲੀ ਨੇੜੇ ਹੋਏ ਮੁਕਾਬਲੇ ਸਬੰਧੀ ਹੋਰ ਵੇਰਵੇ ਇਕੱਠੇ ਕੀਤੇ ਜਾ ਰਹੇ ਹਨ ਅਤੇ ਮਾਮਲੇ ਦੀ ਜਾਂਚ ਜਾਰੀ ਹੈ।















