ਨਵੀਂ ਦਿੱਲੀ- ਸ਼ਰਾਬ ਘਪਲੇ ਮਾਮਲੇ ‘ਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਕੇਜਰੀਵਾਲ ਦੀ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਸੁਪਰੀਮ ਕੋਰਟ ਨੇ ਅੱਜ ਯਾਨੀ ਕਿ ਸ਼ੁੱਕਰਵਾਰ ਨੂੰ ਜ਼ਮਾਨਤ ਦੇ ਦਿੱਤੀ ਹੈ। ਦੱਸ ਦੇਈਏ ਕਿ ਕੇਜਰੀਵਾਲ ਨੇ ਇਕ ਪਟੀਸ਼ਨ ‘ਚ ਕੇਂਦਰੀ ਜਾਂਚ ਬਿਊਰੋ (ਸੀ. ਬੀ. ਆਈ.) ਵੱਲੋਂ ਆਪਣੀ ਗ੍ਰਿਫ਼ਤਾਰੀ ਨੂੰ ਚੁਣੌਤੀ ਦਿੱਤੀ ਹੈ, ਜਦਕਿ ਦੂਜੀ ਪਟੀਸ਼ਨ ਉਨ੍ਹਾਂ ਨੇ ਜ਼ਮਾਨਤ ਦੇਣ ਤੋਂ ਇਨਕਾਰ ਕਰਨ ਦੇ ਫ਼ੈਸਲੇ ਖ਼ਿਲਾਫ਼ ਦਾਇਰ ਕੀਤੀ ਹੈ। ਕੇਜਰੀਵਾਲ ਦੀ ਜ਼ਮਾਨਤ ਪਟੀਸ਼ਨ ‘ਤੇ ਸੁਪਰੀਮ ਕੋਰਟ ਨੇ ਪਹਿਲਾਂ ਹੀ ਫ਼ੈਸਲਾ ਸੁਰੱਖਿਅਤ ਰੱਖ ਲਿਆ ਸੀ।
ਦਰਅਸਲ ਸੁਪਰੀਮ ਕੋਰਟ ਨੇ 12 ਜੁਲਾਈ ਨੂੰ ਈਡੀ ਵਲੋਂ ਦਰਜ ਮਨੀ ਲਾਂਡਰਿੰਗ ਮਾਮਲੇ ਵਿਚ ਮੁੱਖ ਮੰਤਰੀ ਕੇਜਰੀਵਾਲ ਨੂੰ ਅੰਤਰਿਮ ਜ਼ਮਾਨਤ ‘ਤੇ ਰਿਹਾਅ ਕਰਨ ਦਾ ਆਦੇਸ਼ ਦਿੱਤਾ ਸੀ। ਹਾਲਾਂਕਿ ਕਿ ਉਨ੍ਹਾਂ ਦੀ ਰਿਹਾਈ ਤੋਂ ਪਹਿਲਾਂ ਹੀ ਸੀ. ਬੀ. ਆਈ. ਨੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਸੀ। ਕੇਜਰੀਵਾਲ ਨੂੰ ਈਡੀ ਨੇ 21 ਮਾਰਚ ਨੂੰ ਗ੍ਰਿਫ਼ਤਾਰ ਕੀਤਾ। 10 ਦਿਨ ਦੀ ਪੁੱਛਗਿੱਛ ਮਗਰੋਂ ਇਕ ਅਪ੍ਰੈਲ ਨੂੰ ਤਿਹਾੜ ਜੇਲ੍ਹ ਭੇਜ ਦਿੱਤਾ ਗਿਆ। ਕੇਜਰੀਵਾਲ ਨੂੰ 10 ਮਈ ਨੂੰ 21 ਦਿਨ ਲਈ ਆਮ ਚੋਣਾਂ ਵਿਚ ਪ੍ਰਚਾਰ ਕਰਨ ਲਈ ਰਿਹਾਅ ਕੀਤਾ ਗਿਆ ਸੀ। ਇਹ ਰਿਹਾਈ 51 ਦਿਨ ਜੇਲ੍ਹ ਵਿਚ ਰਹਿਣ ਮਗਰੋਂ ਮਿਲੀ ਸੀ। ਸੁਪਰੀਮ ਕੋਰਟ ਨੇ ਕੇਜਰੀਵਾਲ ਦੀ ਇਕ ਜੂਨ ਤੱਕ ਰਿਹਾਈ ਮਨਜ਼ੂਰ ਕੀਤੀ ਸੀ। 2 ਜੂਨ ਨੂੰ ਕੇਜਰੀਵਾਲ ਨੇ ਤਿਹਾੜ ਜੇਲ੍ਹ ਵਿਚ ਸਰੰਡਰ ਕਰ ਦਿੱਤਾ ਸੀ।