ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਤਿਹਾੜ ਜੇਲ੍ਹ ਵਿਚ ਮੁਲਾਕਾਤ ਨੂੰ ਲੈ ਕੇ ਪੰਜਾਬ ਪੁਲਸ ਤੇ ਤਿਹਾੜ ਜੇਲ੍ਹ ਪ੍ਰਸ਼ਾਸਨ ਵਿਚਾਲੇ ਪੇਚ ਫੱਸਿਆ ਹੋਇਆ ਹੈ। ਅੱਜ ਪੰਜਾਬ ਪੁਲਸ ਦੇ ਉੱਚ ਅਧਿਕਾਰੀਆਂ ਤੇ ਤਿਹਾੜ ਜੇਲ੍ਹ ਪ੍ਰਸ਼ਾਸਨ ਵਿਚਾਲੇ ਮੀਟਿੰਗ ਹੋਣ ਜਾ ਰਹੀ ਹੈ। ਇਸ ਮੀਟਿੰਗ ਮਗਰੋਂ ਹੀ ਦੋਹਾਂ ਆਗੂਆਂ ਦੀ ਮੁਲਾਕਾਤ ਬਾਰੇ ਕੋਈ ਫ਼ੈਸਲਾ ਲਿਆ ਜਾਵੇਗਾ।
ਜਾਣਕਾਰੀ ਮੁਤਾਬਕ ਇਸ ਮਾਮਲੇ ‘ਤੇ ਪੰਜਾਬ ਪੁਲਸ ਤੇ ਜੇਲ੍ਹ ਪ੍ਰਸ਼ਾਸਨ ਦੀ ਮੀਟਿੰਗ ਅੱਜ ਦਿੱਲੀ ਵਿਚ ਹੋਣ ਜਾ ਰਹੀ ਹੈ। ਇਸ ਮੀਟਿੰਗ ਵਿਚ ਪੰਜਾਬ ਪੁਲਸ ਦੇ ਏ.ਡੀ.ਜੀ.ਪੀ. ਪੱਧਰ ਦੇ ਅਧਿਕਾਰੀ ਅਤੇ ਤਿਹਾੜ ਜੇਲ੍ਹ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀ ਮੌਜੂਦ ਰਹਿੰਗੇ। ਇਹ ਮੀਟਿੰਗ ਤਿਹਾੜ ਜੇਲ੍ਹ ਹੈੱਡਕੁਆਰਟਰ ਵਿਖੇ ਹੋਵੇਗੀ। ਇਸ ਦੌਰਾਨ ਦੋਹਾਂ ਆਗੂਆਂ ਦੀ ਮੁਲਾਕਾਤ ਬਾਰੇ ਗੱਲਬਾਤ ਕੀਤੀ ਜਾਵੇਗੀ ਤੇ ਇਸ ਬਾਰੇ ਪ੍ਰਬੰਧਾਂ ਨੂੰ ਲੈ ਕੇ ਰਣਨੀਤੀ ਬਣਾਈ ਜਾਵੇਗੀ। ਮੀਟਿੰਗ ਮਗਰੋਂ ਦੋਹਾਂ ਆਗੂਆਂ ਦੀ ਮੁਲਾਕਾਤ ਨੂੰ ਲੈ ਕੇ ਸਮਾਂ ਵੀ ਨਿਰਧਾਰਿਤ ਹੋ ਸਕਦਾ ਹੈ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਤਿਹਾੜ ਜੇਲ੍ਹ ਪ੍ਰਸ਼ਾਸਨ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਤੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੂੰ ਕੇਜਰੀਵਾਲ ਨਾਲ ਮੁਲਾਕਾਤ ਦੀ ਇਜਾਜ਼ਤ ਦੇ ਦਿੱਤੀ ਸੀ। ਮੁਲਾਕਾਤ ਦੇ ਸਾਰੇ ਪ੍ਰਬੰਧ ਹੋ ਗਏ ਸਨ ਤੇ ਸਮਾਂ ਵੀ ਨਿਰਧਾਰਿਤ ਹੋ ਗਿਆ ਸੀ, ਪਰ ਅਖ਼ੀਰਲੇ ਸਮੇਂ ਇਸ ਨੂੰ ਰੱਦ ਕਰ ਦਿੱਤਾ ਗਿਆ ਸੀ। ਇਸ ਲਈ ਸੁਰੱਖਿਆ ਕਾਰਨਾਂ ਦਾ ਹਵਾਲਾ ਦਿੱਤਾ ਗਿਆ ਸੀ। ਇਸ ਮਗਰੋਂ ਅੱਜ ਪੰਜਾਬ ਪੁਲਸ ਤੇ ਜੇਲ੍ਹ ਪ੍ਰਸ਼ਾਸਨ ਵਿਚਾਲੇ ਇਹ ਮੀਟਿੰਗ ਹੋਣ ਜਾ ਰਹੀ ਹੈ।















