DM ਗਗਨਦੀਪ ਰੰਧਾਵਾ ਦੇ ਘਰ ਪਹੁੰਚੇ ਮਜੀਠੀਆ, CBI ਜਾਂਚ ਨਾਲ ਹੀ ਮਿਲੇਗਾ ਇਨਸਾਫ

ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਅੱਜ ਖੁਦਕੁਸ਼ੀ ਕਰ ਚੁੱਕੇ ਡੀ. ਐੱਮ. ਗਗਨਦੀਪ ਸਿੰਘ ਰੰਧਾਵਾ ਦੇ ਗ੍ਰਹਿ ਵਿਖੇ ਪਹੁੰਚ ਕੇ ਪੀੜਤ ਪਰਿਵਾਰ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਪਰਿਵਾਰ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਇਨਸਾਫ ਮਿਲਣ ਤੱਕ ਉਨ੍ਹਾਂ ਦੇ ਨਾਲ ਡਟੇ ਰਹਿਣਗੇ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮਜੀਠੀਆ ਨੇ ਸਰਕਾਰ ਅਤੇ ਪੁਲਸ ਪ੍ਰਸ਼ਾਸਨ ‘ਤੇ ਤਿੱਖੇ ਹਮਲੇ ਕਰਦਿਆਂ ਕਿਹਾ ਕਿ ਇਸ ਮਾਮਲੇ ਵਿਚ ਇਨਸਾਫ ਦੀ ਉਮੀਦ ਨਹੀਂ ਕੀਤੀ ਜਾ ਸਕਦੀ ਕਿਉਂਕਿ ਮੁਲਜ਼ਮ ਇਕ ਵਿਧਾਇਕ ਹੈ ਅਤੇ ਵਜ਼ੀਰ ਰਹਿ ਚੁੱਕਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਪੁਲਸ ਸੁਤੰਤਰ ਤੌਰ ‘ਤੇ ਕੰਮ ਕਰਨ ਦੀ ਬਜਾਏ ਇਨ੍ਹਾਂ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਚੱਲ ਰਹੀ ਹੈ ਅਤੇ ਮੁਲਜ਼ਮਾਂ ਦੀ ਮਦਦ ਕਰ ਰਹੀ ਹੈ।
ਲਾਲਜੀਤ ਸਿੰਘ ਭੁੱਲਰ ‘ਤੇ ਲਗਾਏ ਦੋਸ਼
ਬਿਕਰਮ ਮਜੀਠੀਆ ਨੇ ਦਾਅਵਾ ਕੀਤਾ ਕਿ ਮੁੱਖ ਮੁਲਜ਼ਮ ਲਾਲਜੀਤ ਸਿੰਘ ਭੁੱਲਰ ਨੂੰ ਪੁਲਸ ਵੱਲੋਂ ‘ਵੀ. ਆਈ. ਪੀ. ਟਰੀਟਮੈਂਟ’ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਡੀ. ਐੱਮ. ਰੰਧਾਵਾ ਦੀ ਪਤਨੀ ਨੇ ਪਹਿਲਾਂ ਹੀ ਆਖ ਦਿੱਤਾ ਸੀ ਕਿ ਇਸ ਜ਼ੁਰਮ ਵਿਚ ਸਿਰਫ ਲਾਲਜੀਤ ਭੁੱਲਰ ਹੀ ਨਹੀਂ, ਸਗੋਂ ਉਸ ਦਾ ਪਿਤਾ, ਪੀ. ਏ. ਅਤੇ 3-4 ਹੋਰ ਵਿਅਕਤੀ ਵੀ ਸ਼ਾਮਲ ਸਨ। ਉਨ੍ਹਾਂ ਅਫ਼ਸੋਸ ਜਤਾਇਆ ਕਿ ਪੁਲਸ ਨੇ ਅਜੇ ਤੱਕ ਕਿਸੇ ਖ਼ਿਲਾਫ਼ ਕੋਈ ਰੇਡ ਨਹੀਂ ਕੀਤੀ ਅਤੇ ਨਾ ਹੀ ਕੋਈ ਗ੍ਰਿਫ਼ਤਾਰੀ ਹੋਈ ਹੈ। ਮਜੀਠੀਆ ਨੇ ਕਿਹਾ ਕਿ ਪੀੜਤ ਪਰਿਵਾਰ ‘ਤੇ ਲਗਾਤਾਰ ਦਬਾਅ ਪਾਇਆ ਜਾ ਰਿਹਾ ਹੈ, ਜਿਸ ਕਾਰਨ ਪਰਿਵਾਰ ਦੀ ਸਿਰਫ ਇੱਕੋ ਮੰਗ ਹੈ ਕਿ ਇਸ ਪੂਰੇ ਮਾਮਲੇ ਦੀ ਸੀ. ਬੀ. ਆਈ. ਜਾਂਚ ਕਰਵਾਈ ਜਾਵੇ । ਉਨ੍ਹਾਂ ਸਪੱਸ਼ਟ ਕੀਤਾ ਕਿ ਜਦੋਂ ਤੱਕ ਇਸ ਮਾਮਲੇ ਦੀ ਜਾਂਚ ਕੇਂਦਰੀ ਏਜੰਸੀ ਨੂੰ ਨਹੀਂ ਸੌਂਪੀ ਜਾਂਦੀ, ਉਦੋਂ ਤੱਕ ਸੱਚਾਈ ਸਾਹਮਣੇ ਨਹੀਂ ਆ ਸਕਦੀ ਅਤੇ ਨਾ ਹੀ ਪਰਿਵਾਰ ਨੂੰ ਇਨਸਾਫ ਮਿਲ ਸਕਦਾ ਹੈ।