ਅੰਮ੍ਰਿਤਸਰ- ਅੰਮ੍ਰਿਤਸਰ ‘ਚ ਪੰਜਾਬ ਸਟੇਟ ਵੇਅਰਹਾਊਸ ਦੇ ਡਿਸਟ੍ਰਿਕਟ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਦੀ ਖੁਦਕੁਸ਼ੀ ਮਾਮਲੇ ‘ਚ ਗ੍ਰਿਫ਼ਤਾਰ ਕੀਤੇ ਗਏ ਆਮ ਆਦਮੀ ਪਾਰਟੀ ਦੇ ਪੱਟੀ ਤੋਂ ਵਿਧਾਇਕ ਲਾਲਜੀਤ ਸਿੰਘ ਭੁੱਲਰ ਨੂੰ ਅੱਜ ਅੰਮ੍ਰਿਤਸਰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਪੁਲਸ ਪਾਸੋਂ ਅਦਾਲਤ ਤੋਂ ਰਿਮਾਂਡ ਦੀ ਮੰਗ ਕੀਤੀ ਜਾ ਸਕਦੀ ਹੈ। ਜਾਣਕਾਰੀ ਅਨੁਸਾਰ ਇਸ ਕੇਸ ਵਿੱਚ ਹੋਰ ਵੀ ਕਈ ਅਹਿਮ ਪੱਖਾਂ ਦੀ ਜਾਂਚ ਬਾਕੀ ਹੈ ਅਤੇ ਪੁੱਛਗਿੱਛ ਦੌਰਾਨ ਨਵੀਆਂ ਜਾਣਕਾਰੀਆਂ ਸਾਹਮਣੇ ਆ ਸਕਦੀਆਂ ਹਨ।
ਦੂਜੇ ਪਾਸੇ ਮ੍ਰਿਤਕ ਦੇ ਪਰਿਵਾਰ ਵੱਲੋਂ ਇਨਸਾਫ਼ ਲਈ ਕੋਸ਼ਿਸ਼ਾਂ ਜਾਰੀ ਹਨ। ਮ੍ਰਿਤਕ ਦੀ ਮਾਂ ਵੱਲੋਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਪੋਸਟਮਾਰਟਮ ਪੀਜੀਆਈ ਜਾਂ ਏਮਜ਼ ਦੇ ਡਾਕਟਰਾਂ ਦੇ ਪੈਨਲ ਤੋਂ ਕਰਵਾਉਣ ਦੀ ਮੰਗ ਕੀਤੀ ਗਈ ਹੈ। ਇਸਦੇ ਨਾਲ ਹੀ ਮ੍ਰਿਤਕ ਦੀ ਪਤਨੀ ਉਪਿੰਦਰ ਨੇ ਇਸ ਮਾਮਲੇ ਦੀ ਸੀਬੀਆਈ ਵੱਲੋਂ ਜਾਂਚ ਦੀ ਮੰਗ ਕੀਤੀ ਹੈ।
ਜ਼ਿਕਰਯੋਗ ਹੈ ਕਿ ਗਗਨਦੀਪ ਸਿੰਘ ਰੰਧਾਵਾ ਨੇ ਸਲਫਾਸ ਨਿਗਲ ਕੇ ਖੁਦਕੁਸ਼ੀ ਕਰ ਲਈ ਸੀ, ਜਿਸ ਨਾਲ ਜੁੜੀ ਵੀਡੀਓ ਵੀ ਸੋਸ਼ਲ ਮੀਡੀਆ ‘ਤੇ ਸਾਹਮਣੇ ਆਈ ਸੀ। ਇਸ ਮਾਮਲੇ ਨੇ ਸਿਆਸੀ ਹਲਚਲ ਤੇਜ਼ ਕਰ ਦਿੱਤੀ ਹੈ ਅਤੇ ਹੁਣ ਸਾਰਿਆਂ ਦੀ ਨਜ਼ਰ ਅੱਜ ਦੀ ਅਦਾਲਤੀ ਕਾਰਵਾਈ ‘ਤੇ ਟਿਕੀ ਹੋਈ ਹੈ।















