DM ਰੰਧਾਵਾ ਦੀ ਮੌਤ ਦੇ ਮਾਮਲੇ ‘ਚ ਬੋਲੇ ਪ੍ਰਤਾਪ ਬਾਜਵਾ, ਕਿਹਾ-ਕਾਨੂੰਨ ਸਭ ਲਈ ਬਰਾਬਰ, ਹੋਵੇ ਨਿਰਪੱਖ ਜਾਂਚ

ਜਲੰਧਰ/ਚੰਡੀਗੜ੍ਹ – ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਡੀ. ਐੱਮ. ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਅਧਿਕਾਰੀ ਗਗਨਦੀਪ ਰੰਧਾਵਾ ਦੀ ਮੌਤ ਦੇ ਮਾਮਲੇ ‘ਚ ਆਮ ਆਦਮੀ ਪਾਰਟੀ ਦੇ ਮੰਤਰੀ ਲਾਲਜੀਤ ਸਿੰਘ ਭੁੱਲਰ ਦੀ ਕਥਿਤ ਸ਼ਮੂਲੀਅਤ ਨੂੰ ਲੈ ਕੇ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਬਾਜਵਾ ਨੇ ਇਸ ਘਟਨਾ ਨੂੰ ਬੇਹੱਦ ਚਿੰਤਾਜਨਕ ਦੱਸਦਿਆਂ ਮੰਤਰੀ ਵਿਰੁੱਧ ਤੁਰੰਤ ਅਤੇ ਨਿਰਪੱਖ ਜਾਂਚ ਦੀ ਮੰਗ ਕੀਤੀ ਹੈ।
ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਮੰਤਰੀ ਲਾਲਜੀਤ ਸਿੰਘ ਭੁੱਲਰ ਵਿਰੁੱਧ ਕੁੱਟਮਾਰ ਅਤੇ ਲਗਾਤਾਰ ਪਰੇਸ਼ਾਨ ਕਰਨ ਦੇ ਗੰਭੀਰ ਦੋਸ਼ ਲੱਗੇ ਹਨ। ਰਿਪੋਰਟਾਂ ਦੇ ਹਵਾਲੇ ਨਾਲ ਉਨ੍ਹਾਂ ਦੱਸਿਆ ਕਿ ਗਗਨਦੀਪ ਰੰਧਾਵਾ ਨੇ ਇਹ ਖ਼ੌਫ਼ਨਾਕ ਕਦਮ ਚੁੱਕਣ ਤੋਂ ਪਹਿਲਾਂ ਸਿੱਧੇ ਤੌਰ ‘ਤੇ ਮੰਤਰੀ ਦਾ ਨਾਮ ਲਿਆ ਸੀ, ਜਿਸ ਕਾਰਨ ਇਸ ਮਾਮਲੇ ਦੀ ਗੰਭੀਰਤਾ ਹੋਰ ਵੀ ਵਧ ਜਾਂਦੀ ਹੈ। ਬਾਜਵਾ ਨੇ ਕਿਹਾ ਕਿ ਅਜਿਹੇ ਹਾਲਾਤ ਵਿੱਚ ਪਾਰਦਰਸ਼ੀ ਜਾਂਚ ਹੋਣੀ ਬੇਹੱਦ ਜ਼ਰੂਰੀ ਹੈ।
ਕਾਨੂੰਨ ਸਭ ਲਈ ਬਰਾਬਰ ਹੋਵੇ
ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪੰਜਾਬ ਪੁਲਸ ਨੂੰ ਕਿਹਾ ਕਿ ਹੁਣ ਇਹ ਉਨ੍ਹਾਂ ਦੀ ਜ਼ਿੰਮੇਵਾਰੀ ਹੈ ਕਿ ਉਹ ਸਾਬਤ ਕਰਨ ਕਿ ਕਾਨੂੰਨ ਸਭ ਲਈ ਬਰਾਬਰ ਹੈ, ਚਾਹੇ ਕੋਈ ਵਿਅਕਤੀ ਕਿੰਨੇ ਵੀ ਉੱਚੇ ਅਹੁਦੇ ‘ਤੇ ਕਿਉਂ ਨਾ ਬੈਠਾ ਹੋਵੇ। ਉਨ੍ਹਾਂ ਚਿਤਾਵਨੀ ਦਿੱਤੀ ਕਿ ਇਸ ਮਾਮਲੇ ਵਿੱਚ ਕਿਸੇ ਵੀ ਤਰ੍ਹਾਂ ਦੀ ਦੇਰੀ ਜਾਂ ਕਾਰਵਾਈ ਨਾ ਹੋਣਾ ਜਨਤਾ ਦੇ ਮਨਾਂ ‘ਚ ਪੁਲਸ ਅਤੇ ਸਰਕਾਰ ਪ੍ਰਤੀ ਅਵਿਸ਼ਵਾਸ ਨੂੰ ਹੋਰ ਡੂੰਘਾ ਕਰੇਗਾ।
ਰਾਜਨੀਤੀ ਨਹੀਂ, ਇਨਸਾਫ਼ ਦੀ ਗੱਲ
ਵਿਰੋਧੀ ਧਿਰ ਦੇ ਨੇਤਾ ਨੇ ਸਪੱਸ਼ਟ ਕੀਤਾ ਕਿ ਉਨ੍ਹਾਂ ਦੀ ਇਹ ਮੰਗ ਰਾਜਨੀਤੀ ਤੋਂ ਪ੍ਰੇਰਿਤ ਨਹੀਂ ਹੈ, ਸਗੋਂ ਇਹ ਜਵਾਬਦੇਹੀ ਅਤੇ ਇਨਸਾਫ਼ ਦਾ ਮਾਮਲਾ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪੀੜਤ ਪਰਿਵਾਰ ਨੂੰ ਇਨਸਾਫ਼ ਮਿਲਣਾ ਚਾਹੀਦਾ ਹੈ ਅਤੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ।