ED ਦੀ ਰੇਡ ਨੂੰ ਲੈ ਕੇ ਮਜੀਠੀਆ ਦਾ ਵੱਡਾ ਬਿਆਨ, ਕਿਹਾ-ਮਨੀ ਤੇ ਹਨੀ ਫੜੇ ਗਏ, ਹੁਣ ਚੰਨੀ ਦੀ ਵਾਰੀ

ਅੰਮ੍ਰਿਤਸਰ – ਰੇਤ ਦੀ ਨਾਜਾਇਜ਼ ਮਾਈਨਿੰਗ ਦੇ ਮਾਮਲੇ ਨੂੰ ਲੈ ਕੇ ਈ.ਡੀ. ਵੱਲੋਂ ਮੁੱਖ ਮੰਤਰੀ ਚੰਨੀ ਦੇ ਭਤੀਜੇ ਭੁਪਿੰਦਰ ਸਿੰਘ ਹਨੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਹਨੀ ਦੀ ਗ੍ਰਿਫ਼ਤਾਰੀ ਤੋਂ ਬਾਅਦ ਸੂਬੇ ਦੀ ਸਿਆਸਤ ਗਰਮਾ ਗਈ ਹੈ ਅਤੇ ਵਿਰੋਧੀ ਆਗੂ ਮੁੱਖ ਮੰਤਰੀ ਚੰਨੀ ’ਤੇ ਤਿੱਖੇ ਸ਼ਬਦੀ ਹਮਲੇ ਕਰ ਰਹੇ ਹਨ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਮਜੀਠੀਆ ਨੇ ਪ੍ਰੈਸ ਕਾਨਫਰੰਸ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ’ਤੇ ਵੱਡੇ ਨਿਸ਼ਾਨੇ ਸਾਧੇ ਹਨ। ਮਜੀਠੀਆ ਨੇ ਕਿਹਾ ਕਿ ਰੇਤ ਦੀ ਨਾਜਾਇਜ਼ ਮਾਈਨਿੰਗ ਨੂੰ ਲੈ ਕੇ ਮਨੀ ਅਤੇ ਹਨੀ ਦੋਵੇਂ ਫੜੇ ਗਏ ਹਨ, ਜਿਸ ਤੋਂ ਬਾਅਦ ਹੁਣ ਮੁੱਖ ਮੰਤਰੀ ਚੰਨੀ ਦੀ ਵਾਰੀ ਹੈ।
ਮਜੀਠੀਆ ਨੇ ਕਿਹਾ ਕਿ ਹਨੀ ਦੀ ਪਛਾਣ ਸਿਰਫ਼ ਇਹ ਹੈ ਕਿ ਉਹ ਚੰਨੀ ਦਾ ਰਿਸ਼ਤੇਦਾਰ ਹੈ। ਹਨੀ ਦੇ ਘਰੋਂ ਈ.ਡੀ. ਦੀ ਰੇਡ ਦੌਰਾਨ ਜੋ ਕਰੋੜਾਂ ਰੁਪਏ ਬਰਾਮਦ ਹੋਏ ਹਨ, ਉਹ ਹਨੀ ਦੇ ਨਹੀਂ ਸਗੋਂ ਮੁੱਖ ਮੰਤਰੀ ਚੰਨੀ ਦੇ ਹਨ। ਇਸ ਦੌਰਾਨ ਬਿਕਰਮ ਮਜੀਠੀਆ ਨੇ ਦਾਅਵਾ ਕੀਤਾ ਹੈ ਕਿ ਇਸ ਮਾਮਲੇ ਵਿੱਚ ਭੁਪਿੰਦਰ ਸਿੰਘ ਤੋਂ ਬਾਅਦ ਚਰਨਜੀਤ ਸਿੰਘ ਦਾ ਨੰਬਰ ਆਉਣ ਵਾਲਾ ਹੈ। ਮਜੀਠੀਆ ਨੇ ਕਿਹਾ ਕਿ ਹਨੀ ਨੂੰ ਪੁਲਸ ਰਿਮਾਂਡ ’ਤੇ ਲੈ ਕੇ ਇਸ ਮਾਮਲੇ ਦੀ ਜਾਣਕਾਰੀ ਲਈ ਜਾਵੇ ਅਤੇ ਮੁੱਖ ਮੰਤਰੀ ਚੰਨੀ ਦੇ ਖ਼ਿਲਾਫ਼ ਕਾਰਵਾਈ ਕੀਤੀ ਜਾਵੇ।
ਮਜੀਠੀਆ ਨੇ ਕਿਹਾ ਕਿ ਚੰਨੀ ਦੇ ਰਿਸ਼ਤੇਦਾਰ ਦੇ ਘਰੋਂ ਬਰਾਮਦ ਹੋਇਆ ਪੈਸਾ ਪੰਜਾਬ ਦੇ ਖਜ਼ਾਨੇ ’ਚੋਂ ਲੁੱਟਿਆ ਹੋਇਆ ਲੋਕਾਂ ਦਾ ਪੈਸਾ ਹੈ। ਇਹ ਪੈਸਾ ਹਨੀ ਦਾ ਨਹੀਂ ਹੈ ਅਤੇ ਇਹ ਕਾਂਗਰਸ ਦਾ ਘੁਟਾਲਾ ਹੈ।