MP ਅੰਮ੍ਰਿਤਪਾਲ ਸਿੰਘ ਵੱਲੋਂ ਸੁਪਰੀਮ ਕੋਰਟ ਦਾ ਰੁਖ਼! ਡਿਬਰੂਗੜ੍ਹ ਪਹੁੰਚੀ ਵਕੀਲਾਂ ਦੀ ਟੀਮ

ਚੰਡੀਗੜ੍ਹ: ਡਿਬਰੂਗੜ੍ਹ ਜੇਲ੍ਹ ਵਿਚ ਕੈਦ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਛੇਤੀ ਹੀ ਸੁਪਰੀਮ ਕੋਰਟ ਦਾ ਰੁਖ਼ ਕਰਨ ਵਾਲੇ ਹਨ। ਉਹ ਆਪਣੇ ‘ਤੇ ਲੱਗੇ ਨੈਸ਼ਨਲ ਸਿਕਿਓਰਿਟੀ ਐਕਟ (NSA) ਨੂੰ ਸੁਪਰੀਮ ਕੋਰਟ ਵਿਚ ਚੁਣੌਤੀ ਦੇਣ ਦੀ ਤਿਆਰੀ ਵਿਚ ਹਨ। ਇਸ ਲਈ ਅੰਮ੍ਰਿਤਪਾਲ ਸਿੰਘ ਦੇ ਵਕੀਲਾਂ ਦੀ ਟੀਮ ਉਨ੍ਹਾਂ ਨੂੰ ਮਿਲਣ ਲਈ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿਚ ਪਹੁੰਚੀ ਸੀ।

ਅੰਮ੍ਰਿਤਪਾਲ ਸਿੰਘ ਦੇ ਵਕੀਲ ਈਮਾਨ ਸਿੰਘ ਖ਼ਾਰਾ ਮੁਤਾਬਕ ਉਨ੍ਹਾਂ ਨੇ ਜੇਲ੍ਹ ਵਿਚ ਅੰਮ੍ਰਿਤਪਾਲ ਸਿੰਘ ਨਾਲ ਮੁਲਾਕਾਤ ਕੀਤੀ ਹੈ ਤੇ ਸੁਪਰੀਮ ਕੋਰਟ ਵਿਚ ਪਟੀਸ਼ਨ ਦਾਖ਼ਲ ਕਰਨ ਲਈ ਲੋੜੀਂਦੇ ਦਸਤਾਵੇਜ਼ਾਂ ਨੂੰ ਪੂਰਾ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਛੇਤੀ ਹੀ ਅੰਮ੍ਰਿਤਪਾਲ ਸਿੰਘ ‘ਤੇ ਲਗਾਈ ਗਈ NSA ਨੂੰ ਸੁਪਰੀਮ ਕੋਰਟ ਵਿਚ ਚੁਣੌਤੀ ਦਿੱਤੀ ਜਾਵੇਗੀ।

ਅੰਮ੍ਰਿਤਪਾਲ ਸਿੰਘ ਨੇ ਭੇਜਿਆ ਸੰਦੇਸ਼

ਅੰਮ੍ਰਿਤਪਾਲ ਸਿੰਘ ਨੇ ਜੇਲ੍ਹ ਵਿਚੋਂ ਆਪਣੇ ਸਮਰਥਕਾਂ ਲਈ ਸੰਦੇਸ਼ ਵੀ ਭੇਜਿਆ ਹੈ। ਐਡਵੋਕੇਟ ਈਮਾਨ ਸਿੰਘ ਖ਼ਾਰਾ ਨੇ ਦੱਸਿਆ ਕਿ ਅੰਮ੍ਰਿਤਪਾਲ ਸਿੰਘ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਸਰਕਾਰ ਵੱਲੋਂ ਕੀਤੇ ਜਾ ਰਹੇ ਝੂਠੇ ਪ੍ਰਚਾਰ ਵੱਲ ਧਿਆਨ ਨਾ ਦੇਣ। ਇਸ ਦੇ ਨਾਲ ਹੀ ਉਨ੍ਹਾਂ ਨੇ ਜ਼ਿਆਦਾ ਤੋਂ ਜ਼ਿਆਦਾ ਲੋਕਾਂ ਨੂੰ ਆਪਣੀ ਪਾਰਟੀ ਅਕਾਲੀ ਦਲ ਵਾਰਿਸ ਪੰਜਾਬ ਦੇ ਦੇ ਨਾਲ ਜੁੜਣ ਦੀ ਅਪੀਲ ਵੀ ਕੀਤੀ ਹੈ।