ਨੈਸ਼ਨਲ ਡੈਸਕ – ਲੋਕ ਸਭਾ ਚੋਣਾਂ ਦੀਆਂ ਤਰੀਕਾਂ ਦੇ ਐਲਾਨ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਕੈਬਨਿਟ ਦੀ ਬੈਠਕ ਕੀਤੀ। ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ, ਪੀਐਮ ਮੋਦੀ ਨੇ ਆਪਣੇ ਕੈਬਨਿਟ ਮੰਤਰੀਆਂ ਨੂੰ ਨਵੀਂ ਸਰਕਾਰ ਲਈ ਪਹਿਲੇ 100 ਦਿਨਾਂ ਅਤੇ ਅਗਲੇ 5 ਸਾਲਾਂ ਲਈ ਰੋਡਮੈਪ ਤਿਆਰ ਕਰਨ ਲਈ ਕਿਹਾ।
ਸਮਾਚਾਰ ਏਜੰਸੀ ਪੀ.ਟੀ.ਆਈ. ਮੁਤਾਬਕ ਐਤਵਾਰ ਸਵੇਰੇ ਕੈਬਨਿਟ ਬੈਠਕ ‘ਚ ਪ੍ਰਧਾਨ ਮੰਤਰੀ ਨੇ ਮੰਤਰੀਆਂ ਨੂੰ ਆਪਣੇ-ਆਪਣੇ ਮੰਤਰਾਲਿਆਂ ਦੇ ਸਕੱਤਰਾਂ ਅਤੇ ਹੋਰ ਅਧਿਕਾਰੀਆਂ ਨਾਲ ਮਿਲਣ ਅਤੇ ਚਰਚਾ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਨਵੀਂ ਸਰਕਾਰ ਦੇ ਪਹਿਲੇ 100 ਦਿਨਾਂ ਅਤੇ ਅਗਲੇ 5 ਸਾਲਾਂ ਦੇ ਏਜੰਡੇ ਨੂੰ ਕਿਵੇਂ ਬਿਹਤਰ ਢੰਗ ਨਾਲ ਲਾਗੂ ਕੀਤਾ ਜਾ ਸਕਦਾ ਹੈ, ਇਸ ਲਈ ਰੋਡਮੈਪ ਤਿਆਰ ਕੀਤਾ ਜਾਣਾ ਚਾਹੀਦਾ ਹੈ।
ਮੰਤਰੀ ਮੰਡਲ ਨੇ ਚੋਣ ਕਮਿਸ਼ਨ ਦੀ ਸਿਫ਼ਾਰਸ਼ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ਭੇਜ ਕੇ 7 ਗੇੜਾਂ ਵਾਲੀਆਂ ਸੰਸਦੀ ਚੋਣਾਂ ਦੀਆਂ ਤਰੀਕਾਂ ਨੂੰ ਅਧਿਸੂਚਿਤ ਕਰਨ ਦੀ ਪ੍ਰਕਿਰਿਆ ਵੀ ਸ਼ੁਰੂ ਕਰ ਦਿੱਤੀ ਹੈ। ਇਹ ਮੀਟਿੰਗ ਚੋਣ ਕਮਿਸ਼ਨ ਵੱਲੋਂ ਲੋਕ ਸਭਾ ਚੋਣਾਂ 2024 ਦੇ ਪ੍ਰੋਗਰਾਮ ਦੇ ਐਲਾਨ ਤੋਂ ਇਕ ਦਿਨ ਬਾਅਦ ਹੋਈ। ਤੁਹਾਨੂੰ ਦੱਸ ਦਈਏ ਕਿ 19 ਅਪ੍ਰੈਲ ਨੂੰ 102 ਸੀਟਾਂ ‘ਤੇ ਪਹਿਲੇ ਪੜਾਅ ਦੀ ਵੋਟਿੰਗ ਲਈ ਪਹਿਲਾ ਨੋਟੀਫਿਕੇਸ਼ਨ 20 ਮਾਰਚ ਨੂੰ ਜਾਰੀ ਕੀਤਾ ਜਾਵੇਗਾ। ਇੱਕ ਖਾਸ ਪੜਾਅ ਲਈ ਨਾਮਜ਼ਦਗੀ ਪ੍ਰਕਿਰਿਆ ਨੋਟੀਫਿਕੇਸ਼ਨ ਦੇ ਜਾਰੀ ਹੋਣ ਨਾਲ ਸ਼ੁਰੂ ਹੁੰਦੀ ਹੈ।















