ਨਵੀਂ ਦਿੱਲੀ, – ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਮੰਗਲਵਾਰ ਨੂੰ ਇੱਥੇ ਪ੍ਰਧਾਨ ਮੰਤਰੀ ਨਿਰੰਦਰ ਮੋਦੀ ਨਾਲ ਮੁਲਾਕਾਤ ਕੀਤੀ। ਸੁੱਖੂ ਨੇ ਇਸ ਮੁਲਾਕਾਤ ਨੂੰ ਸ਼ਿਸ਼ਟਾਚਾਰ ਭੇਂਟ ਕਰਾਰ ਦਿੱਤਾ। ਮੁੱਖ ਮੰਤਰੀ ਨੇ ਸੂਬੇ ’ਚ ਲਾਗੂ ਕੀਤੇ ਜਾ ਰਹੇ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਬਾਰੇ ਚਰਚਾ ਕੀਤੀ ਅਤੇ ਇਨ੍ਹਾਂ ਵਿਕਾਸ ਕੰਮਾਂ ਨੂੰ ਗਤੀ ਦੇਣ ਲਈ ਕੇਂਦਰ ਤੋਂ ਉਦਾਰ ਸਹਾਇਤਾਲਈ ਪ੍ਰਧਾਨ ਮੰਤਰੀ ਨੂੰ ਅਪੀਲ ਕੀਤੀ।
ਸੂਬਾ ਸਰਕਾਰ ਦੇ ਇਕ ਬਿਆਨ ਮੁਤਾਬਕ, ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨੂੰ ਵਿਸ਼ਵਾਸ ਦਿੱਤਾ ਕਿ ਸੂਬਾ ਸਰਕਾਰ ਬੁਨਿਆਦੀ ਢਾਂਚੇ ’ਚ ਕ੍ਰਾਂਤੀ ਲਿਆਉਣ ਦੇ ਉਦੇਸ਼ ਨਾਲ ਕੇਂਦਰ ਦੁਆਰਾ ਸ਼ੁਰੂ ਕੀਤੀ ਗਈ ਪ੍ਰਧਾਨ ਮੰਤਰੀ ਗਤੀ ਸ਼ਕਤੀ ਯੋਜਨਾ ਅਤੇ ਰੋਪਵੇਅ ਦੇ ਨਿਰਮਾਣ ਲਈ ਵਰਤਮਾਲਾ ਯੋਜਨਾ ਨੂੰ ਪ੍ਰਭਾਵੀ ਢੰਗ ਨਾਲ ਲਾਗੂ ਕਰੇਗੀ। ਉਨ੍ਹਾਂ ਕਿਹਾ ਕਿ ਦੋਵਾਂ ਪ੍ਰਾਜੈਕਟਾਂ ਨਾਲ ਸੂਬੇ ਦੇ ਲੋਕਾਂ ਨੂੰ ਬਹੁਤ ਫਾਇਦਾ ਹੋਵੇਗਾ। ਬਿਆਨ ਮੁਤਾਬਕ, ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਦਾ ਧਿਆਨ ਰੋਜ਼ਗਾਰ ਦੇ ਮੌਕੇ ਪੈਦਾ ਕਰਨ ਤੋਂ ਇਲਾਵਾ ਸੰਪਰਕ ਅਤੇ ਬੁਨਿਆਦੀ ਢਾਂਚੇ ਦਾ ਵਿਕਾਸ ਕਰਨ ’ਤੇ ਕੇਂਦਰਿਤ ਹੈ।
ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨੂੰ ਯਾਦਗਾਰੀ ਚਿੰਨ੍ਹ, ਹਿਮਾਚਲੀ ਸ਼ਾਲ ਅਤੇ ਟੋਪੀ ਦੇ ਕੇ ਸਨਮਾਨਿਤ ਕੀਤਾ। ਪ੍ਰਧਾਨ ਮੰਤਰੀ ਨੇ ਸੁੱਖੂ ਨੂੰ ਮੁੱਖ ਮੰਤਰੀ ਬਣਨ ’ਤੇ ਵਧਾਈ ਦਿੱਤੀ ਅਤੇ ਸੂਬੇ ਨੂੰ ਹਰ ਸੰਭਵ ਸਹਾਇਤਾ ਦਾ ਵਿਸ਼ਵਾਸ ਦਿੱਤਾ।















