ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਪ੍ਰਧਾਨ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਨੂੰ ਸਭ ਤੋਂ ਵੱਧ ਤਰਜੀਹ ਦੇਣ ‘ਤੇ ਜ਼ੋਰ ਦਿੱਤਾ ਹੈ। ਉਨ੍ਹਾਂ ਨੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਵੱਲੋਂ ਬੀਤੇ ਦਿਨੀਂ ਡੀ. ਜੀ. ਪੀ. ਨੂੰ ਲਿਖੇ ਪੱਤਰ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਨੂੰ ਸਲਾਹ ਦਿੱਤੀ ਹੈ ਕਿ ਉਹ ਆਪਣੀ ਸਰਕਾਰ ਦੀਆਂ ਤਰਜੀਹਾਂ ‘ਤੇ ਮੁੜ ਵਿਚਾਰ ਕਰਨ।
ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਬਾਬਾ ਬਲਬੀਰ ਸਿੰਘ ਸੀਚੇਵਾਲ ਨੇ DGP ਨੂੰ ਲਿਖੇ ਪੱਤਰ ਵਿਚ ਪੰਜਾਬ ਵਿਚ ਰੋਜ਼ਾਨਾ ਵਾਪਰ ਰਹੀਆਂ ਅਪਰਾਧਿਕ ਘਟਨਾਵਾਂ ਦਾ ਹਵਾਲਾ ਦਿੰਦਿਆਂ ਖੁਦ ਦੀ ਸਕਿਊਰਟੀ ਘੱਟ ਕਰਕੇ ਆਮ ਲੋਕਾਂ ਦੀ ਸੁਰੱਖਿਆ ਨੂੰ ਤਰਜ਼ੀਹ ਦੇਣ ਦਾ ਲਿਖਿਆ ਹੈ। ਉਨ੍ਹਾਂ ਕਿਹਾ ਕਿ ਜਦੋਂ ਸੱਤਾਧਾਰੀ ਪਾਰਟੀ ਦੇ ਆਪਣੇ ਹੀ ਸੰਸਦ ਮੈਂਬਰ ਪੰਜਾਬ ਦੀ ਜ਼ਮੀਨੀ ਹਕੀਕਤ ਨੂੰ ਮੰਨਦਿਆਂ ਲੀਡਰਾਂ ਦੀ VVIP ਸੁਰੱਖਿਆ ਨਾਲੋਂ ਆਮ ਲੋਕਾਂ ਦੀ ਸੁਰੱਖਿਆ ਨੂੰ ਪਹਿਲ ਦੇਣ ਦੀ ਗੱਲ ਕਰ ਰਹੇ ਹਨ, ਤਾਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਵੀ ਆਪਣੀ ਸਰਕਾਰ ਦੀਆਂ ਤਰਜ਼ੀਹਾਂ ‘ਤੇ ਮੁੜ ਵਿਚਾਰ ਕਰਨਾ ਚਾਹੀਦਾ ਹੈ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਪੰਜਾਬ ਵਿਚ ਸੁਰੱਖਿਆ ਵਜੋਂ ਸਭ ਤੋਂ ਵੱਡੀ ਤਰਜ਼ੀਹ ਪੰਜਾਬ ਦੇ ਹਰ ਆਮ ਨਾਗਰਿਕ ਦੀ ਹੋਣੀ ਚਾਹੀਦੀ ਹੈ।















